ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 11 ਜੂਨ
ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕ ਯੂਨੀਅਨ ਨੇ 16 ਜੂਨ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਦੇ ਘਿਰਾਓ ਦਾ ਐਲਾਨ ਕੀਤਾ ਹੈ। ਯੂਨੀਅਨ ਦੀ ਮੀਟਿੰਗ ਮਗਰੋਂ ਸੂਬਾਈ ਪ੍ਰਧਾਨ ਦੀਪਕ ਕੰਬੋਜ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬੇਰੁਜ਼ਗਾਰ ਅਧਿਆਪਕਾਂ ਦੀਆਂ ਈਟੀਟੀ ਟੈੱਟ ਪਾਸ ਦੀਆਂ ਅਸਾਮੀਆਂ ਨੂੰ ਪੂਰਾ ਕਰਨ ਦੇ ਹੱਕ ਵਿੱਚ ਨਹੀਂ ਸਗੋਂ ਭਰਤੀਆਂ ਨੂੰ ਹੋਰ ਲੰਮੇ ਸਮੇਂ ਤੱਕ ਲਟਕਾਉਣਾ ਚਾਹੁੰਦੀ ਹੈ।
ਉਨ੍ਹਾਂ ਕਿਹਾ ਕਿ 16 ਮਈ ਨੂੰ 6635 ਈਟੀਟੀ ਅਧਿਆਪਕਾਂ ਦੀ ਭਰਤੀ ਤੋਂ ਰੋਕ ਹਟਣ ਦੇ ਬਾਵਜੂਦ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਅਧਿਆਪਕਾਂ ਦੀ ਭਰਤੀ ਨੂੰ ਪੂਰੀ ਕਰਨ ਲਈ ਕੋਈ ਵੀ ਠੋਸ ਕਦਮ ਨਹੀਂ ਚੁੱਕਿਆ ਜਾ ਰਿਹਾ ਹੈ, 5994 ਈਟੀਟੀ ਅਧਿਆਪਕਾਂ ਦੀ ਭਰਤੀ ਦਾ ਇਸ਼ਤਿਹਾਰ 16 ਦਸੰਬਰ ਨੂੰ ਜਾਰੀ ਹੋ ਚੁੱਕਿਆ ਸੀ ਪਰ ਲਗਾਤਾਰ ਛੇ ਮਹੀਨਿਆਂ ਤੋਂ ਬਾਅਦ ਵੀ ਉਸ ਦਾ ਆਨਲਾਈਨ ਪੋਰਟਲ ਨਹੀਂ ਖੋਲ੍ਹਿਆ ਗਿਆ।
2364 ਈਟੀਟੀ ਅਧਿਆਪਕਾਂ ਦੀ ਭਰਤੀ ਹਾਲੇ ਤੱਕ ਮੁੜ ਬਹਾਲ ਨਹੀਂ ਹੋਈ ਤੇ ਉਮਰ ਹੱਦ ਪਾਰ ਕਰ ਚੁੱਕੇ ਉਮੀਦਵਾਰਾਂ ਨੂੰ ਉਮਰ ਹੱਦ ਵਿੱਚ ਛੋਟ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਕੁੰਭਕਰਨੀ ਨੀਂਦ ਤੋਂ ਜਗਾਉਣ ਲਈ 16 ਜੂਨ ਨੂੰ ਮੁੱਖ ਮੰਤਰੀ ਦੀ ਕੋਠੀ ਦੇ ਘਿਰਾਓ ਦਾ ਫੈਸਲਾ ਕੀਤਾ ਹੈ।