ਗੁਰਦੀਪ ਸਿੰਘ ਲਾਲੀ
ਸੰਗਰੂਰ, 2 ਅਕਤੂਬਰ
ਈਟੀਟੀ ਟੈੱਟ ਪਾਸ ਬੇਰੁਜ਼ਗਾਰ ਅਧਿਆਪਕ 2364 ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਇਥੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਬੇਮਿਆਦੀ ਸੂਬਾ ਪੱਧਰੀ ਮਰਨ ਵਰਤ ਸ਼ੁਰੂ ਕਰ ਦਿੱਤਾ ਗਿਆ। ਯੂਨੀਅਨ ਆਗੂ ਸੁਰਿੰਦਰਪਾਲ ਗੁਰਦਾਸਪੁਰ ਅਤੇ ਸੁਖਚੈਨ ਸਿੰਘ ਮਾਨਸਾ ਮਰਨ ਵਰਤ ’ਤੇ ਬੈਠ ਗਏ ਹਨ ਅਤੇ ਅਧਿਆਪਕਾਂ ਦੀ ਭਰਤੀ ਬਹਾਲ ਕਰਾਉਣ ਲਈ ਸਰਕਾਰ ਵਲੋਂ ਅਦਾਲਤ ਵਿਚ ਹਲਫਨਾਮਾ ਦਾਇਰ ਕਰਨ ਦੀ ਮੰਗ ਕਰ ਰਹੇ ਹਨ।
ਈਟੀਟੀ ਟੈਟ ਪਾਸ ਬੇਰੁਜ਼ਗਾਰ 2364 ਅਧਿਆਪਕ ਅੱਜ ਸਥਾਨਕ ਬੀਐਸਐਨਐਲ ਪਾਰਕ ਵਿਚ ਇਕੱਠੇ ਹੋਏ ਜਿਥੋਂ ਰੋਸ ਮਾਰਚ ਕਰਦਿਆਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਡਿਪਟੀ ਕਮਿਸ਼ਨਰ ਦਫ਼ਤਰ ਪੁੱਜੇ ਤੇ ਮਰਨ ਵਰਤ ਸ਼ੁੁਰੂ ਕਰ ਦਿੱਤਾ ਹੈ। ਇਸ ਮੌਕੇ ਈਟੀਟੀ ਟੈਟ ਪਾਸ ਬੇਰੁਜ਼ਗਾਰ ਅਧਿਆਪਕ 2364 ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਸੁਰਿੰਦਰਪਾਲ ਗੁਰਦਾਸਪੁਰ ਨੇ ਕਿਹਾ ਕਿ ਟੈਟ ਪਾਸ 2364 ਈਟੀਟੀ ਅਧਿਆਪਕਾਂ ਦੀ ਭਰਤੀ 6 ਮਾਰਚ 2020 ਨੂੰ ਆਈ ਸੀ ਜਿਸ ਮਗਰੋਂ ਪੂਰੀ ਭਰਤੀ ਪ੍ਰਕਿਰਿਆ ਮੁਕੰਮਲ ਕੀਤੀ ਗਈ ਪਰੰਤੂ ਅਜੇ ਤੱਕ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਨਹੀਂ ਦਿੱਤੇ ਗਏ ਕਿਉਂਕਿ ਭਰਤੀ ਸਬੰਧੀ ਅਦਾਲਤ ਵਿਚ ਕਈ ਕੇਸ ਲੱਗੇ ਹੋਏ ਹਨ। ਅਦਾਲਤ ਵਲੋਂ ਸੁਣਵਾਈ ਦੌਰਾਨ ਸਰਕਾਰ ਨੂੰ ਭਰਤੀ ਨਾਲ ਸਬੰਧਤ ਬੋਰਡ ਦਾ ਹਲਫਨਾਮਾ ਦਾਖਲ ਕਰਨ ਲਈ ਕਿਹਾ ਗਿਆ ਹੈ ਪਰੰਤੂ ਸਰਕਾਰ ਹਲਫਨਾਮਾ ਦਾਇਰ ਨਹੀਂ ਕਰ ਰਹੀ। ਉਨ੍ਹਾਂ ਕਿਹਾ ਕਿ ਅਦਾਲਤ ਵਿਚ ਕੇਸ ਦੀ ਸੁਣਵਾਈ 23 ਅਗਸਤ ਦੀ ਸੀ ਪਰੰਤੂ ਸਰਕਾਰ ਵਲੋਂ ਹਲਮਨਾਮਾ ਦਾਇਰ ਨਹੀਂ ਕੀਤਾ ਗਿਆ। ਯੂਨੀਅਨ ਨੂੰ ਸਰਕਾਰ ਵਲੋਂ ਭਰੋਸਾ ਦਿੱਤਾ ਗਿਆ ਸੀ ਕਿ 15 ਦਿਨਾਂ ਦੇ ਅੰਦਰ ਅੰਦਰ ਸਰਕਾਰ ਹਲਫਨਾਮਾ ਦਾਇਰ ਕਰ ਦੇਵੇਗੀ ਪਰੰਤੂ ਅਮਲੀ ਤੌਰ ’ਤੇ ਕੋਈ ਪ੍ਰਕਿਰਿਆ ਸਰਕਾਰ ਵਲੋਂ ਨਹੀਂ ਕੀਤੀ ਜਾ ਰਹੀ। 2364 ਈਟੀਟੀ ਅਧਿਆਪਕ ਲੰਮੇ ਸਮੇਂ ਤੋਂ ਨਿਯੁਕਤੀ ਪੱਤਰਾਂ ਦੀ ਉਡੀਕ ਵਿਚ ਹਨ ਜਿੰਨ੍ਹਾਂ ’ਚ ਸਰਕਾਰ ਦੀ ਢਿੱਲੀ ਕਾਰਗੁਜ਼ਾਰੀ ਕਾਰਨ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਨਾਂਹ-ਪੱਖੀ ਵਤੀਰੇ ਖ਼ਿਲਾਫ ਅੱਜ ਬੇਰੁਜ਼ਗਾਰ ਅਧਿਆਪਕ ਮੁੱਖ ਮੰਤਰੀ ਦੇ ਸ਼ਹਿਰ ਵਿਚ ਅਣਮਿਥੇ ਸਮੇਂ ਲਈ ਮਰਨ ਵਰਤ ਸ਼ੁਰੂ ਕਰਨ ਲਈ ਮਜਬੂਰ ਹੋਏ ਹਨ।
ਉਨ੍ਹਾਂ ਐਲਾਨ ਕੀਤਾ ਕਿ ਜਦੋਂ ਤੱਕ ਪੰਜਾਬ ਸਰਕਾਰ ਅਦਾਲਤ ਵਿਚ 2364 ਅਧਿਆਪਕਾਂ ਦੀ ਭਰਤੀ ਬਹਾਲ ਕਰਾਉਣ ਲਈ ਹਲਫਨਾਮਾ ਦਾਇਰ ਨਹੀਂ ਕਰਦੀ ਉਦੋਂ ਤੱਕ ਮਰਨ ਵਰਤ ਜਾਰੀ ਰਹੇਗਾ। ਇਸ ਮੌਕੇ ਯੂਨੀਅਨ ਆਗੂ ਗੁਰਪ੍ਰੀਤ ਸਮਾਣਾ, ਗੁਰਜੰਟ ਪਟਿਆਲਾ, ਬਲਵਿੰਦਰ ਕਾਕਾ, ਜੀਵਨ ਸੰਗਰੂਰ, ਕੁਲਦੀਪ ਚਾਹਲ, ਹਰਬੰਸ ਪਟਿਆਲਾ, ਮੋਨੂੰ ਫਿਰੋਜ਼ਪੁਰ ਆਦਿ ਮੌਜੂਦ ਸਨ।