ਪੱਤਰ ਪ੍ਰੇਰਕ
ਦਿੜਬਾ ਮੰਡੀ, 16 ਨਵੰਬਰ
ਬੇਰੁਜ਼ਗਾਰ ਲਾਈਨਮੈਨ ਯੂਨੀਅਨ (ਮਾਨ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਬੂਟਾ ਸਿੰਘ ਜਖੇਪਲ ਨੇ ਦੱਸਿਆ ਕਿ ਜਥੇਬੰਦੀ ਦੇ ਮੈਂਬਰਾਂ ਵੱਲੋਂ 24 ਨਵੰਬਰ ਨੂੰ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਾਵਰਕੌਮ ਨੇ ਸੀਆਰਏਡੀ ਰਿਜ਼ਰਵੇਸ਼ਨ ਕਰਕੇ ਰਹਿੰਦੇ 974 ਸਹਾਇਕ ਲਾਈਨਮੈਨਾਂ ਨੂੰ ਹਾਲੇ ਤੱਕ ਨਿਯੁਕਤੀ ਪੱਤਰ ਨਹੀਂ ਦਿੱਤੇ ਅਤੇ ਸੀਆਰਏ 298/21 ਵਿੱਚ ਸਹਾਇਕ ਲਾਈਨਮੈਨਾਂ ਦੀ ਭਰਤੀ ਪਹਿਲਾਂ ਵਾਂਗ ਪੇਪਰ ਰੱਦ ਕਰਕੇ ਮੈਰਿਟ ਦੇ ਅਧਾਰ ’ਤੇ ਕੀਤੀ ਜਾਵੇ ਤਾਂ ਜੋ ਪੰਜਾਬ ਦੇ ਨੌਜਵਾਨਾਂ ਨੂੰ ਪਹਿਲ ਦੇ ਅਧਾਰ ’ਤੇ ਰੁਜ਼ਗਾਰ ਮਿਲ ਸਕੇ। ਇਸ ਮੌਕੇ ਜ਼ਿਲਾ ਪ੍ਰਧਾਨ ਗਗਨਦੀਪ ਆਲਮਪੁਰ ਨੇ ਕਿਹਾ ਕਿ ਪਾਵਰਕੌਮ ਵੱਲੋਂ ਉਹਨਾਂ ਨੂੰ ਲਗਾਤਾਰ ਲਾਰੇ ਲਾਏ ਜਾ ਰਹੇ ਹਨ ਅਤੇ ਇਹਨਾਂ ਲਾਰਿਆਂ ਕਾਰਨ ਨੌਜਵਾਨ ਬੇਰੁਜ਼ਗਾਰੀ ਦਾ ਸੰਤਾਪ ਭੋਗ ਰਹੇ ਹਨ। ਉਹਨਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਜੇਕਰ ਉਹਨਾਂ ਦੀਆਂ ਉਕਤ ਮੰਗਾਂ ਵੱਲ ਤੁਰੰਤ ਧਿਆਨ ਨਾ ਦਿੱਤਾ ਤਾਂ ਸਰਕਾਰ ਖ਼ਿਲਾਫ਼ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ। ਇਸ ਮੌਕੇ ਕੇਵਲ ਸਿੰਘ ਸ਼ਾਦੀਹਰੀ, ਰਾਜ ਸਿੰਘ ਬੱਲਰਾ, ਸੁਖਬੀਰ ਸਿੰਘ ਮੂਨਕ, ਹਰਜੀਤ ਸਿੰਘ ਰਾਜਲਹੇੜੀ ਆਦਿ ਮੁਲਾਜਮ ਆਗੂ ਹਾਜ਼ਰ ਸਨ।