ਗੁਰਦੀਪ ਸਿੰਘ ਲਾਲੀ
ਸੰਗਰੂਰ, 10 ਅਕਤੂਬਰ
ਕਰੀਬ 50 ਦਿਨਾਂ ਤੋਂ ਟੈਂਕੀ ’ਤੇ ਚੜ੍ਹੇ ਟੈੱਟ ਪਾਸ ਬੇਰੁਜ਼ਗਾਰ ਬੀ.ਐਡ. ਅਧਿਆਪਕ ਮੁਨੀਸ਼ ਕੁਮਾਰ ਦੀ ਭਾਵੇਂ ਸਰਕਾਰ ਨੇ ਕੋਈ ਸਾਰ ਨਹੀਂ ਲਈ ਗਈ ਪਰ ਮੁਨੀਸ਼ ਦੇ ਪਿੰਡ ਟਾਹਲੀ ਬੋਦਲਾ ਜ਼ਿਲ੍ਹਾ ਫਾਜ਼ਿਲਕਾ ਤੋਂ ਸਾਬਕਾ ਸਰਪੰਚ ਤੇ ਪਿੰਡ ਦੇ ਮੋਹਤਬਰ ਵਿਅਕਤੀਆਂ ਨੇ ਇਥੇ ਪੁੱਜ ਕੇ ਮੁਨੀਸ਼ ਦਾ ਹਾਲ ਚਾਲ ਜਾਣਿਆ ਤੇ ਪੰਜਾਬ ਸਰਕਾਰ ਦੇ ਅੜੀਅਲ ਰਵੱਈਏ ਦੀ ਸਖਤ ਨਿਖੇਧੀ ਕੀਤੀ। ਉਧਰ, ਬੇਰੁਜ਼ਗਾਰ ਅਧਿਆਪਕਾਂ ਨੇ ਪੰਜਾਬ ਸਰਕਾਰ ਦੀ ਅਰਥੀ ਫ਼ੂਕਦਿਆਂ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ ਕੀਤਾ ਤੇ 15 ਅਕਤੂਬਰ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਕੋਠੀ ਅੱਗੇ ਮੋਰਿੰਡਾ ’ਚ ਪੱਕਾ ਮੋਰਚਾ ਲਗਾਉਣ ਦਾ ਐਲਾਨ ਕੀਤਾ।
ਬੀਤੀ 21 ਅਗਸਤ ਤੋਂ ਬੇਰੁਜ਼ਗਾਰ ਅਧਿਆਪਕ ਮੁਨੀਸ਼ ਕੁਮਾਰ ਇਥੇ ਪਾਣੀ ਵਾਲੀ ਟੈਂਕੀ ’ਤੇ ਡਟਿਆ ਹੋਇਆ ਹੈ ਜਦੋਂਕਿ ਹੇਠਾਂ ਬੇਰੁਜ਼ਗਾਰ ਬੀ.ਐਡ. ਅਧਿਆਪਕ ਯੂਨੀਅਨ ਦਾ ਰੋਸ ਧਰਨਾ ਜਾਰੀ ਹੈ। ਯੂਨੀਅਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਢਿੱਲਵਾਂ ਨੇ ਕਿਹਾ ਕਿ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਕੋਠੀ ਅੱਗੇ ਪੱਕਾ ਮੋਰਚਾ ਲਗਾ ਕੇ ਬੈਠੇ ਬੇਰੁਜ਼ਗਾਰਾਂ ’ਤੇ ਤੀਜੇ ਦਿਨ ਕਾਂਗਰਸੀ ਵਰਕਰਾਂ ਵੱਲੋਂ ਜਬਰ ਢਾਹਿਆ ਗਿਆ ਜੋ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਇੱਕ ਪਾਸੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਸਿੱਖਿਆ ਮੰਤਰੀ ਪਰਗਟ ਸਿੰਘ ਆਮ ਆਦਮੀ ਹੋਣ ਦੇ ਦਾਅਵੇ ਕਰਦੇ ਹਨ ਪਰ 50 ਦਿਨਾਂ ਤੋਂ ਟੈਂਕੀ ’ਤੇ ਬੈਠੇ ਮੁਨੀਸ਼ ਕੁਮਾਰ ਨੂੰ ਨਜ਼ਰਅੰਦਾਜ ਕੀਤਾ ਜਾ ਰਿਹਾ ਹੈ। ਇਸ ਮੌਕੇ ਬੇਰੁਜ਼ਗਾਰਾਂ ਨੇ 5 ਅਕਤੂਬਰ ਨੂੰ ਮੋਰਿੰਡਾ ਵਿੱਚ ਬੇਰੁਜ਼ਗਾਰ ਅਧਿਆਪਕਾਂ ਉਪਰ ਹੋਏ ਲਾਠੀਚਾਰਜ਼ ਦੀ ਨਿਖੇਧੀ ਕਰਦਿਆਂ ਨਾਅਰੇਬਾਜ਼ੀ ਕੀਤੀ ਤੇ ਰੋਸ ਵਜੋਂ ਸਰਕਾਰ ਦੀ ਅਰਥੀ ਫ਼ੂਕੀ ਗਈ। ਯੂਨੀਅਨ ਆਗੂਆਂ ਨੇ ਐਲਾਨ ਕੀਤਾ ਕਿ 15 ਅਕਤੂਬਰ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਕੋਠੀ ਦੇ ਗੇਟ ਅੱਗੇ ਮੋਰਿੰਡਾ ’ਚ ਮੁੜ ਪੱਕਾ ਮੋਰਚਾ ਲਗਾਇਆ ਜਾਵੇਗਾ। ਟੈਂਕੀ ’ਤੇ ਚੜ੍ਹੇ ਮੁਨੀਸ਼ ਕੁਮਾਰ ਦੇ ਪਿੰਡ ਟਾਹਲੀ ਬੋਦਲਾ ਦੇ ਸਾਬਕਾ ਸਰਪੰਚ ਤੇ ਹੋਰ ਮੋਹਤਬਰਾਂ ਨੇ ਸਰਕਾਰ ਦੀ ਅਲੋਚਨਾ ਕਰਦਿਆਂ ਕਿਹਾ ਕਿ 50 ਦਿਨਾਂ ਤੋਂ ਜਾਨ ਜੋਖ਼ਮ ’ਚ ਪਾ ਕੇ ਮੁਨੀਸ਼ ਸੌ ਫੁੱਟ ਉੱਚੀ ਟੈਂਕੀ ’ਤੇ ਚੜ੍ਹਿਆ ਹੋਇਆ ਹੈ ਜਿਸਦੀ ਸਰਕਾਰ ਵੱਲੋਂ ਸਾਰ ਨਹੀਂ ਲਈ ਜਾ ਰਹੀ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਤੁਰੰਤ ਬੇਰੁਜ਼ਗਾਰ ਅਧਿਆਪਕਾਂ ਦੀਆਂ ਮੰਗਾਂ ਦਾ ਹੱਲ ਕਰਕੇ ਰੁਜ਼ਗਾਰ ਦਾ ਪ੍ਰਬੰਧ ਕਰੇ।