Sangrur 'ਚ ਬੇਰੁਜ਼ਗਾਰਾਂ ਨੇ ਮੁੱਖ ਮੰਤਰੀ ਦੇ ਨਾਂ ਵਾਲੀ ਕੁਰਸੀ ਰੱਖ ਕੇ ਲਗਾਈ ਸੱਥ
ਬੇਰੁਜ਼ਗਾਰ ਸਾਂਝੇ ਮੋਰਚੇ ਦੀ ਅਗਵਾਈ ਵਿੱਚ ਪਿਛਲੇ ਪੰਜ ਮਹੀਨਿਆਂ ਤੋਂ ਡੀ ਸੀ ਦਫ਼ਤਰ ਦੇ ਸਾਹਮਣੇ ਪੱਕਾ ਧਰਨਾ ਲਾ ਕੇ ਬੈਠੇ ਪੰਜਾਬ ਦੇ ਬੇਰੁਜ਼ਗਾਰਾਂ ਨੇ ਅੱਜ ਇੱਕ ਅਨੋਖਾ ਪ੍ਰਦਰਸ਼ਨ ਕੀਤਾ। ਬੇਰੁਜ਼ਗਾਰਾਂ ਨੇ ਇੱਕ ਕਾਰ ਦੇ ਉੱਪਰ ਮੁੱਖ ਮੰਤਰੀ ਦੇ ਨਾਂ...
ਬੇਰੁਜ਼ਗਾਰ ਸਾਂਝੇ ਮੋਰਚੇ ਦੀ ਅਗਵਾਈ ਵਿੱਚ ਪਿਛਲੇ ਪੰਜ ਮਹੀਨਿਆਂ ਤੋਂ ਡੀ ਸੀ ਦਫ਼ਤਰ ਦੇ ਸਾਹਮਣੇ ਪੱਕਾ ਧਰਨਾ ਲਾ ਕੇ ਬੈਠੇ ਪੰਜਾਬ ਦੇ ਬੇਰੁਜ਼ਗਾਰਾਂ ਨੇ ਅੱਜ ਇੱਕ ਅਨੋਖਾ ਪ੍ਰਦਰਸ਼ਨ ਕੀਤਾ। ਬੇਰੁਜ਼ਗਾਰਾਂ ਨੇ ਇੱਕ ਕਾਰ ਦੇ ਉੱਪਰ ਮੁੱਖ ਮੰਤਰੀ ਦੇ ਨਾਂ ਦੀ ਕੁਰਸੀ ਰੱਖੀ ਅਤੇ ਸ਼ਹਿਰ ਦੇ ਬਾਜ਼ਾਰਾਂ ਵਿੱਚ ਰੋਸ ਮਾਰਚ ਕੱਢਿਆ। ਇਸ ਤੋਂ ਬਾਅਦ ਉਨ੍ਹਾਂ ਨੇ ਮੁੱਖ ਚੌਕ ਵਿੱਚ ਸੱਥ ਲਾ ਕੇ ਉੱਥੇ ਮੁੱਖ ਮੰਤਰੀ ਦੇ ਨਾਂ ਵਾਲੀ ਕੁਰਸੀ ਰੱਖੀ ਅਤੇ ਸਰਕਾਰ ਨੂੰ ਸਵਾਲ ਪੁੱਛੇ। ਇਸ ਦੇ ਨਾਲ ਹੀ ਉਨ੍ਹਾਂ ਨੇ ਮੁੱਖ ਮੰਤਰੀ ਨੂੰ ਰੁਜ਼ਗਾਰ ਦੇ ਮੁੱਦੇ 'ਤੇ ਬੇਰੁਜ਼ਗਾਰਾਂ ਨਾਲ ਖੁੱਲ੍ਹੀ ਬਹਿਸ ਕਰਨ ਦੀ ਚੁਣੌਤੀ ਵੀ ਦਿੱਤੀ।
ਸਾਂਝੇ ਮੋਰਚੇ ਦੇ ਸੂਬਾ ਕਨਵੀਨਰ ਸੁਖਵਿੰਦਰ ਸਿੰਘ ਢਿੱਲਵਾਂ, ਰਮਨ ਮਲੋਟ ਅਤੇ ਅਮਨ ਸੇਖਾ ਆਦਿ ਨੇ ਕਿਹਾ ਕਿ ਪਿਛਲੇ ਸਵਾ ਚਾਰ ਸਾਲਾਂ ਦੇ ਕਾਰਜਕਾਲ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਿੱਖਿਆ ਅਤੇ ਸਿਹਤ ਵਿਭਾਗ ਵਿੱਚ ਕੋਈ ਅਸਾਮੀ ਨਹੀਂ ਕੱਢੀ। ਉਨ੍ਹਾਂ ਕਿਹਾ, '' ਬੇਰੁਜ਼ਗਾਰ ਪਿਛਲੇ ਪੰਜ ਮਹੀਨਿਆਂ ਤੋਂ ਪੱਕਾ ਮੋਰਚਾ ਲਾ ਕੇ ਬੈਠੇ ਹਨ, ਪਰ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ ਅਤੇ ਮੁੱਖ ਮੰਤਰੀ ਨੇ ਹੁਣ ਤੱਕ ਬੇਰੁਜ਼ਗਾਰਾਂ ਨਾਲ ਇੱਕ ਵੀ ਮੀਟਿੰਗ ਨਹੀਂ ਕੀਤੀ। ਜੇਕਰ ਬੇਰੁਜ਼ਗਾਰ ਮੁੱਖ ਮੰਤਰੀ ਨੂੰ ਮਿਲਣ ਦੀ ਕੋਸ਼ਿਸ਼ ਵੀ ਕਰਦੇ ਹਨ, ਤਾਂ ਪੁਲੀਸ ਉਨ੍ਹਾਂ ਨੂੰ ਫੜ ਕੇ ਥਾਣੇ ਜਾਂ ਜੇਲ੍ਹ ਵਿੱਚ ਡੱਕ ਦਿੰਦੀ ਹੈ''।
ਉਨ੍ਹਾਂ ਕਿਹਾ ਕਿ ਬੇਰੁਜ਼ਗਾਰਾਂ ਵੱਲੋਂ ਅੱਜ ਖੁਦ ਮੁੱਖ ਮੰਤਰੀ ਦੇ ਨਾਂ ਦੀ ਕੁਰਸੀ ਰੱਖੀ ਗਈ, ਤਾਂ ਜੋ ਉਹ ਖੁਦ ਆ ਕੇ ਬੇਰੁਜ਼ਗਾਰਾਂ ਦੇ ਸਵਾਲਾਂ ਦੇ ਜਵਾਬ ਦੇਣ। ਕਰੀਬ ਦੋ ਘੰਟੇ ਸ਼ਹਿਰ ਦੇ ਵੱਡੇ ਚੌਕ ਵਿੱਚ ਆਵਾਜਾਈ ਠੱਪ ਕਰਕੇ ਸੱਥ ਲਗਾਈ ਗਈ ਅਤੇ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਉਨ੍ਹਾਂ ਮੰਗ ਕੀਤੀ ਕਿ ਸਿੱਖਿਆ ਅਤੇ ਸਿਹਤ ਵਿਭਾਗ ਵਿੱਚ ਖਾਲੀ ਅਸਾਮੀਆਂ ਉਮਰ ਹੱਦ ਵਿੱਚ ਛੋਟ ਦੇ ਕੇ ਭਰੀਆਂ ਜਾਣ, ਮਾਸਟਰ ਕੇਡਰ ਵਿੱਚ 55 ਫ਼ੀਸਦੀ ਅੰਕਾਂ ਦੀ ਥੋਪੀ ਗਈ ਸ਼ਰਤ ਰੱਦ ਕੀਤੀ ਜਾਵੇ ਅਤੇ ਬਾਕੀ ਮੰਗਾਂ ਦਾ ਜਲਦ ਨਿਪਟਾਰਾ ਕੀਤਾ ਜਾਵੇ।

