ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰਨਗੇ ਬੇਰੁਜ਼ਗਾਰ
ਬੇਰੁਜ਼ਗਾਰ ਸਾਂਝੇ ਮੋਰਚੇ ਦੇ ਸੂਬਾ ਕਨਵੀਨਰ ਸੁਖਵਿੰਦਰ ਸਿੰਘ ਢਿੱਲਵਾਂ, ਰਮਨ ਕੁਮਾਰ ਮਲੋਟ, ਅਮਨ ਸੇਖਾ, ਹਰਜਿੰਦਰ ਝੁਨੀਰ ਅਤੇ ਹਰਜਿੰਦਰ ਸਿੰਘ ਬੁਢਲਾਡਾ ਨੇ ਦੋਸ਼ ਲਾਇਆ ਕਿ ਵਿਧਾਨ ਸਭਾ ਚੋਣਾਂ 2022 ਵਿੱਚ ਭਰਤੀ ਕੈਲੰਡਰ ਲਾਗੂ ਕਰਨ ਦੇ ਵਾਅਦੇ ਕਰਕੇ ਸੱਤਾ ਉੱਤੇ ਕਾਬਜ਼ ਹੋਈ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੌਣੇ ਚਾਰ ਸਾਲਾਂ ਵਿੱਚ ਇੱਕ ਵੀ ਭਰਤੀ ਸਿੱਖਿਆ ਵਿਭਾਗ ਵਿੱਚ ਨਹੀਂ ਕੀਤੀ। ਸਰਕਾਰ ਦੇ ਲਾਰਿਆਂ ਤੋਂ ਅੱਕੇ ਹੋਏ ਬੇਰੁਜ਼ਗਾਰ 7 ਦਸੰਬਰ ਨੂੰ ਸਥਾਨਕ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰਨਗੇ। ਉਨ੍ਹਾਂ ਦੱਸਿਆ ਕਿ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਨੇ ਪਿਛਲੀਆਂ ਸਰਕਾਰਾਂ ਮੌਕੇ ਬੇਰੁਜ਼ਗਾਰਾਂ ’ਤੇ ਹੁੰਦੇ ਅੱਤਿਆਚਾਰ ਖ਼ਿਲਾਫ਼ ਖੂਬ ਵਿਅੰਗ ਕੀਤੇ ਸਨ ਪਰ ਸਰਕਾਰ ਬਣਨ ਮਗਰੋਂ ਕੋਈ ਵਾਅਦਾ ਪੂਰਾ ਨਹੀਂ ਕੀਤਾ। ਸਿੱਖਿਆ ਵਿਭਾਗ ਵਿੱਚ ਨਰਸਰੀ, ਪ੍ਰਾਇਮਰੀ, ਮਾਸਟਰ ਕੇਡਰ, ਲੈਕਚਰਾਰ ਅਤੇ ਸਹਾਇਕ ਪ੍ਰੋਫੈਸਰ ਦੀ ਇੱਕ ਵੀ ਆਸਾਮੀ ਜਾਰੀ ਨਹੀਂ ਕੀਤੀ। ਆਗੂਆਂ ਨੇ ਕਿਹਾ ਕਿ ਹਰੇਕ 31 ਦਸੰਬਰ ਨੂੰ ਹਜ਼ਾਰਾਂ ਬੇਰੁਜ਼ਗਾਰ ਆਪਣੀ ਉੱਪਰਲੀ ਉਮਰ ਸੀਮਾ ਪਾਰ ਕਰ ਰਹੇ ਹਨ ਪਰ ਆਮ ਆਦਮੀ ਪਾਰਟੀ ਸਰਕਾਰ ਪੂਰੀ ਤਰ੍ਹਾਂ ਗੂੰਗੀ ਬਣੀ ਹੋਈ ਹੈ। ਉਨ੍ਹਾਂ ਦੱਸਿਆ ਕਿ ਭਾਵੇਂ ਪਿਛਲੀਆਂ ਪੰਜ ਜ਼ਿਮਨੀ ਚੋਣਾਂ ਵਿੱਚ ਸਰਕਾਰ ਨੇ ਮੁੜ ਵਾਅਦੇ ਕੀਤੇ ਸਨ ਪਰ ਉਨ੍ਹਾਂ ਦੀ ਇੱਕ ਵੀ ਮੰਗ ਪੂਰੀ ਨਹੀਂ ਕੀਤੀ ਗਈ ਜਿਸ ਕਾਰਨ ਸੰਘਰਸ਼ ਉਲੀਕਿਆ ਗਿਆ ਹੈ।
