ਬੇਰੁਜ਼ਗਾਰਾਂ ਵੱਲੋਂ ਡੀਸੀ ਦਫ਼ਤਰ ਅੱਗੇ ਧਰਨਾ
ਬੇਰੁਜ਼ਗਾਰ ਸਾਂਝੇ ਮੋਰਚੇ ਦੀ ਅਗਵਾਈ ਹੇਠ ਬੇਰੁਜ਼ਗਾਰਾਂ ਵਲੋਂ ਭਾਵੇਂ ਮੁੱਖ ਮੰਤਰੀ ਦੀ ਕੋਠੀ ਅੱਗੇ ਪੱਕਾ ਮੋਰਚਾ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਸੀ ਪਰ ਅੱਜ ਬੇਰੁਜ਼ਗਾਰਾਂ ਵਲੋਂ ਵਰ੍ਹਦੇ ਮੀਂਹ ਵਿਚ ਡੀਸੀ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ । ਧਰਨਾਕਾਰੀ ਮੰਗ ਕਰ ਰਹੇ ਸਨ ਕਿ ਸਿੱਖਿਆ ਅਤੇ ਸਿਹਤ ਵਿਭਾਗ ਵਿੱਚ ਮਾਸਟਰ ਕੇਡਰ, ਲੈਕਚਰਾਰ, ਸਹਾਇਕ ਪ੍ਰੋਫ਼ੈਸਰ ਦੀਆਂ ਪੋਸਟਾਂ ਜਾਰੀ ਕੀਤੀਆਂ ਜਾਣ, ਉਮਰ ਹੱਦ ਵਿਚ ਛੋਟ ਦਿੱਤੀ ਜਾਵੇ, ਮਾਸਟਰ ਕੇਡਰ ਵਿਚ 55 ਫੀਸਦੀ ਲਾਜ਼ਮੀ ਅੰਕਾਂ ਦੀ ਸ਼ਰਤ ਖਤਮ ਕੀਤੀ ਜਾਵੇ। ਬੇਰੁਜ਼ਗਾਰ ਸਾਂਝੇ ਮੋਰਚੇ ਦੇ ਕਨਵੀਨਰ ਸੁਖਵਿੰਦਰ ਸਿੰਘ ਢਿੱਲਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਿੱਖਿਆ ਅਤੇ ਸਿਹਤ ਵਿਭਾਗ ਵਿੱਚ ਕਰੀਬ ਸਾਢੇ ਤਿੰਨ ਸਾਲਾਂ ਵਿੱਚ ਇੱਕ ਵੀ ਪੋਸਟ ਨਹੀਂ ਕੱਢੀ। ਸਗੋਂ 646 ਪੀਟੀਆਈ ਅਧਿਆਪਕ, 343 ਲੈਕਚਰਾਰ, 1159 ਸਹਾਇਕ ਪ੍ਰੋਫ਼ੈਸਰ, 2000 ਪੀਟੀਆਈ ਅਧਿਆਪਕ ਆਦਿ ਰੱਦ ਜ਼ਰੂਰ ਕੀਤੀਆਂ ਹਨ। ਇਸ ਤੋਂ ਬਾਅਦ ਬੇਰੁਜ਼ਗਾਰ ਸਾਂਝੇ ਮੋਰਚੇ ਦੇ ਕਨਵੀਨਰਾਂ ਦੇ ਫੋਨ ਬੰਦ ਆ ਰਹੇ ਹਨ ਅਤੇ ਕਿਸੇ ਵੀ ਆਗੂ ਨਾਲ ਸ਼ਾਮ ਕਰੀਬ ਸਾਢੇ ਸੱਤ ਵਜੇ ਤੱਕ ਸੰਪਰਕ ਨਹੀਂ ਹੋ ਸਕਿਆ। ਡੀਐੱਸਪੀ ਸੁਖਦੇਵ ਸਿੰਘ ਦਾ ਕਹਿਣਾ ਹੈ ਕਿ ਗੱਲਬਾਤ ਚੱਲ ਰਹੀ ਹੈ ਅਤੇ ਜਲਦ ਹੀ ਮੀਟਿੰਗ ਤੈਅ ਕਰਵਾ ਦਿੱਤੀ ਜਾਵੇਗੀ।