ਗੁਰਦੀਪ ਸਿੰਘ ਲਾਲੀ
ਸੰਗਰੂਰ, 14 ਜੂਨ
ਦੋ ਬੇਰੁਜ਼ਗਾਰ ਪੀ.ਟੀ.ਆਈ. ਮਹਿਲਾ ਅਧਿਆਪਕਾਂ ਸਥਾਨਕ ਸਿਵਲ ਹਸਪਤਾਲ ਵਿੱਚ ਸਥਿਤ ਕਰੀਬ ਸੌ ਫੁੱਟ ਉੱਚੀ ਪਾਣੀ ਵਾਲੀ ਟੈਂਕੀ ਉੱਪਰ ਚੜ੍ਹ ਗਈਆਂ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਟੈਂਕੀ ਹੇਠਾਂ ਬੇਰੁਜ਼ਗਾਰ 646 ਪੀ.ਟੀ.ਆਈ. ਅਧਿਆਪਕ ਯੂਨੀਅਨ ਦੀ ਅਗਵਾਈ ਹੇਠ ਬਾਕੀ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਰੋਸ ਧਰਨਾ ਦਿੱਤਾ ਗਿਆ ਹੈ। ਟੈਂਕੀ ਉੱਪਰ ਚੜ੍ਹਨ ਦੀ ਸੂਚਨਾ ਮਿਲਦਿਆਂ ਹੀ ਟੈਂਕੀ ਦੁਆਲੇ ਪੁਲੀਸ ਤਾਇਨਾਤ ਕਰ ਦਿੱਤੀ ਗਈ। ਟੈਂਕੀ ਉਪਰ ਚੜ੍ਹੀਆਂ ਦੋਵੇਂ ਬੇਰੁਜ਼ਗਾਰ ਮਹਿਲਾ ਅਧਿਆਪਕਾਂ ਨੇ ਬੋਤਲ ਦਿਖਾਉਂਦਿਆ ਦਾਅਵਾ ਕੀਤਾ ਕਿ ਉਨ੍ਹਾਂ ਕੋਲ ਡੀਜ਼ਲ ਹੈ।
ਅੱਜ ਚੁੱਪ-ਚੁਪੀਤੇ ਬੇਰੁਜ਼ਗਾਰ 646 ਪੀਟੀਆਈ ਅਧਿਆਪਕ ਯੂਨੀਅਨ ਦੀ ਅਗਵਾਈ ਹੇਠ ਦੋ ਬੇਰੁਜ਼ਗਾਰ ਮਹਿਲਾ ਅਧਿਆਪਕਾਂ ਸਿੱਪੀ ਸ਼ਰਮਾ ਅਤੇ ਰਵਨੀਤ ਕੌਰ ਸਿਵਲ ਹਸਪਤਾਲ ਦੀ ਪਾਣੀ ਵਾਲੀ ਟੈਂਕੀ ਉਪਰ ਚੜ੍ਹ ਗਈਆਂ ਜਦੋਂ ਕਿ ਸਾਥੀ ਬੇਰੁਜ਼ਗਾਰ ਅਧਿਆਪਕਾਂ ਨੇ ਹੇਠਾਂ ਧਰਨਾ ਸ਼ੁਰੂ ਕਰ ਦਿੱਤਾ। ਇਸ ਮੌਕੇ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਲਾਭ ਸਿੰਘ ਭੋਲਾ ਨੇ ਦੱਸਿਆ ਕਿ ਉਨ੍ਹਾਂ ਦੀ ਭਰਤੀ ਸੰਨ 2011 ਤੋਂ ਲਟਕਦੀ ਆ ਰਹੀ ਹੈ। ਦਸ ਸਾਲਾਂ ਮਗਰੋਂ 23 ਦਸੰਬਰ 2021 ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਫੈਸਲਾ ਬੇਰੁਜ਼ਗਾਰ ਪੀਟੀਆਈ ਅਧਿਆਪਕ ਯੂਨੀਅਨ ਦੇ ਪੱਖ ਵਿੱਚ ਦਿੱਤਾ ਅਤੇ ਭਰਤੀ ਪ੍ਰਕਿਰਿਆ ਮੁਕੰਮਲ ਕਰਨ ਲਈ ਸਰਕਾਰ ਨੂੰ ਤਿੰਨ ਮਹੀਨਿਆਂ ਦਾ ਸਮਾਂ ਦਿੱਤਾ ਗਿਆ ਸੀ ਪਰ ਸਰਕਾਰ ਨੇ ਫ਼ਿਰ ਵੀ ਕੋਈ ਧਿਆਨ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਪਿਛਲੀ ਕਾਂਗਰਸ ਸਰਕਾਰ ਸਮੇਂ ਬੇਰੁਜ਼ਗਾਰ ਪੀਟੀਆਈ ਅਧਿਆਪਕ 60 ਦਿਨ ਮੁਹਾਲੀ ਵਿੱਚ ਟੈਂਕੀ ਉਪਰ ਚੜ੍ਹੇ ਰਹੇ। ਉਦੋਂ ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ‘ਆਪ’ ਪੰਜਾਬ ਪ੍ਰਧਾਨ ਤੇ ਹੁਣ ਮੁੱਖ ਮੰਤਰੀ ਭਗਵੰਤ ਮਾਨ ਨੇ ਭਰੋਸਾ ਦਿੱਤਾ ਸੀ ਕਿ ਪੰਜਾਬ ਵਿੱਚ ‘ਆਪ’ ਦੀ ਸਰਕਾਰ ਬਣਨ ’ਤੇ ਪਹਿਲ ਦੇ ਆਧਾਰ ’ਤੇ ਭਰਤੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਬਣਨ ਤੋਂ ਬਾਅਦ ਸਿਰਫ਼ ਮੀਟਿੰਗਾਂ ਜਾਂ ਲਾਰਿਆਂ ਦੀਆਂ ਤਾਰੀਕਾਂ ਦਿੱਤੀਆਂ ਜਾਂਦੀਆਂ ਹਨ। ਸਰਕਾਰ ਦੇ ਲਾਰਿਆਂ ਤੋਂ ਪ੍ਰੇਸ਼ਾਨ ਹੋ ਕੇ ਅੱਜ ਦੋ ਬੇਰੁਜ਼ਗਾਰ ਮਹਿਲਾ ਅਧਿਆਪਕਾਂ ਟੈਂਕੀ ਉਪਰ ਚੜ੍ਹਨ ਲਈ ਮਜਬੂਰ ਹੋਈਆਂ ਹਨ। ਉਨ੍ਹਾਂ ਕਿਹਾ ਕਿ ਹੁਣ ‘ਕਰੋ ਜਾਂ ਮਰੋ’ ਦੀ ਨੀਤੀ ਤਹਿਤ ਸੰਘਰਸ਼ ਸ਼ੁਰੂ ਕੀਤਾ ਹੈ। ਉੱਧਰ ਟੈਂਕੀ ਉਪਰ ਚੜ੍ਹੀਆਂ ਲੜਕੀਆਂ ਨੇ ਇੱਕ ਬੋਤਲ ’ਚ ਡੀਜ਼ਲ ਹੋਣ ਦਾ ਦਾਅਵਾ ਕਰਦਿਆਂ ਚਿਤਾਵਨੀ ਦਿੱਤੀ ਕਿ ਜੇਕਰ ਹੇਠਾਂ ਬੈਠੇ ਉਨ੍ਹਾਂ ਦੇ ਸਾਥੀ ਬੇਰੁਜ਼ਗਾਰ ਅਧਿਆਪਕਾਂ ਨਾਲ ਕੋਈ ਧੱਕੇਸ਼ਾਹੀ ਕੀਤੀ ਤਾਂ ਉਹ ਕੋਈ ਸਖਤ ਕਦਮ ਚੁੱਕਣ ਲਈ ਮਜਬੂਰ ਹੋਣਗੀਆਂ। ਉਨ੍ਹਾਂ ਮੰਗ ਕੀਤੀ ਕਿ 646 ਬੇਰੁਜ਼ਗਾਰ ਪੀਟੀਆਈ ਅਧਿਆਪਕਾਂ ਦੀ ਮੈਰਿਟ ਸੂਚੀ ਜਾਰੀ ਕੀਤੀ ਜਾਵੇ। ਇਸ ਮੌਕੇ ਕਿਰਨ ਨੇਹਾ, ਜਸਪ੍ਰੀਤ ਕੌਰ, ਜਸਦੀਪ ਸਿੰਘ ਜੱਸੀ, ਵਕੀਲ ਸਿੰਘ, ਰਾਜਪਾਲ ਜਲਾਲਾਬਾਦ, ਹਰੀਸ਼ ਸਾਮਾ, ਕੁਲਵਿੰਦਰ ਕੌਰ, ਜੋਤੀ ਗਗਨ ਮਾਨਸਾ, ਇਕਬਾਲ ਸਿੰਘ ਮਾਨਸਾ, ਕਮਲ ਸੁਨਾਮ, ਗੁਰਦੀਪ ਸਿੰਘ ਬਰਨਾਲਾ ਆਦਿ ਮੌਜੂਦ ਸਨ।