ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 2 ਅਕਤੂਬਰ
ਦਿੱਲੀ-ਲੁਧਿਆਣਾ ਹਾਈਵੇਅ ’ਤੇ ਮੁੱਖ ਚੌਂਕ ਵਿੱਚ ਪੱਕਾ ਮੋਰਚਾ ਲਗਾ ਕੇ ਬੈਠੇ ਬੇਰੁਜ਼ਗਾਰ ਪੀਟੀਆਈ ਅਧਿਆਪਕਾਂ ਨੇ ਅੱਜ 42ਵੇਂ ਦਿਨ ਮੋਰਚਾ ਸਮਾਪਤ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਮੰਤਰੀ ਬਦਲ ਗਿਆ ਹੈ, ਹੁਣ ਇਥੇ ਬੈਠਣ ਦਾ ਕੋਈ ਫਾਇਦਾ ਨਹੀਂ। ਯੂਨੀਅਨ ਦੇ ਸੂਬਾਈ ਆਗੂ ਜਸਵੀਰ ਸਿੰਘ ਘਲੋਟੀ ਨੇ ਕਿਹਾ ਕਿ 28 ਸਤੰਬਰ ਨੂੰ ਯੂਨੀਅਨ ਦੇ ਵਫ਼ਦ ਦੀ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਹੁਸਨ ਲਾਲ ਅਤੇ ਸਕੂਲ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨਾਲ ਮੀਟਿੰਗ ਹੋਈ ਸੀ। ਉਨ੍ਹਾਂ ਕਿਹਾ ਕਿ ਮੰਗਲਵਾਰ ਤੱਕ ਸਰਕਾਰ ਵੱਲੋਂ ਮੰਗਾਂ ਸਬੰਧੀ ਦਿੱਤੇ ਭਰੋਸੇ ਦੀ ਉਡੀਕ ਕਰਨਗੇ।
ਨਵੀਆਂ ਅਸਾਮੀਆਂ ਲਈ ਇਸ਼ਤਿਹਾਰ ਜਾਰੀ ਕਰਨ ਦੀ ਮੰਗ
ਬੇਰੁਜ਼ਗਾਰ ਪੀਟੀਆਈ ਅਧਿਆਪਕਾਂ ਨੇ ਮੰਗ ਕੀਤੀ ਕਿ ਪੰਜ ਹਜ਼ਾਰ ਨਵੀਆਂ ਅਸਾਮੀਆਂ ਦਾ ਇਸ਼ਤਿਹਾਰ ਜਾਰੀ ਕੀਤਾ ਜਾਵੇ, ਪ੍ਰਾਇਮਰੀ ਤੋਂ ਮਿਡਲ ਤੱਕ ਸਾਰੇ ਸਕੂਲਾਂ ’ਚ ਪੀਟੀਆਈ ਅਧਿਆਪਕਾਂ ਦੀ ਨਿਯੁਕਤੀ ਕੀਤੀ ਜਾਵੇ, ਸਰੀਰਕ ਸਿੱਖਿਆ ਦਾ ਵਿਸ਼ਾ ਹਰ ਜਮਾਤ ਲਈ ਲਾਜ਼ਮੀ ਕੀਤਾ ਜਾਵੇ ਅਤੇ ਖੇਡਾਂ ਦੇ ਪੱਧਰ ਨੂੰ ਉਚਾ ਚੁੱਕਣ ਲਈ ਸਰੀਰਕ ਸਿੱਖਿਆ ਅਧਿਆਪਕ ਭਰਤੀ ਕੀਤੇ ਜਾਣ। ਇਸੇ ਦੌਰਾਨ ਯੂਨੀਅਨ ਦੇ ਸੂਬਾਈ ਆਗੂ ਅਮਨਦੀਪ ਕੰਬੋਜ਼ ਨੇ ਐਲਾਨ ਕੀਤਾ ਕਿ 6 ਅਕਤੂਬਰ ਨੂੰ ਖਰੜ ਵਿੱਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ ਜਿਸ ਵਿਚ ਪੰਜਾਬ ਭਰ ਤੋਂ ਬੇਰੁਜ਼ਗਾਰ ਪੀਟੀਆਈ ਅਧਿਆਪਕ ਸ਼ਮੂਲੀਅਤ ਕਰਨਗੇ।