ਗੁਰਦੀਪ ਸਿੰਘ ਲਾਲੀ
ਸੰਗਰੂਰ, 26 ਅਗਸਤ
ਨਵੀਂ ਬੇਰੁਜ਼ਗਾਰ ਪੀਟੀਆਈ ਅਧਿਆਪਕ ਯੂਨੀਅਨ ਪੰਜਾਬ ਦੀ ਅਗਵਾਈ ਹੇਠ ਬੇਰੁਜ਼ਗਾਰ ਪੀਟੀਆਈ ਅਧਿਆਪਕਾਂ ਵੱਲੋਂ ਅੱਜ ਵੱਖ-ਵੱਖ ਕਿਸਾਨ ਜਥੇਬੰਦੀਆਂ ਦੀ ਹਮਾਇਤ ਨਾਲ ਦਿੱਲੀ-ਲੁਧਿਆਣਾ ਹਾਈਵੇਅ ’ਤੇ ਸਥਿਤ ਚੌਕ ਵਿੱਚ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ ਅਤੇ ਆਵਾਜਾਈ ਠੱਪ ਕਰਕੇ ਸਰਕਾਰ ਦਾ ਪੁਤਲਾ ਫ਼ੂਕਿਆ ਗਿਆ। ਬੇਰੁਜ਼ਗਾਰ ਪੀਟੀਆਈ ਅਧਿਆਪਕਾਂ ਵਲੋਂ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਇਥੇ ਦਿੱਲੀ-ਲੁਧਿਆਣਾ ਹਾਈਵੇਅ ’ਤੇ ਸਥਿਤ ਭਗਵਾਨ ਮਹਾਂਵੀਰ ਚੌਕ ਵਿਚਕਾਰ ਪੱਕਾ ਰੋਸ ਧਰਨਾ ਸ਼ੁਰੂ ਕੀਤਾ ਗਿਆ ਹੈ ਜਿਸਦਾ ਅੱਜ ਪੰਜਵਾਂ ਦਿਨ ਸੀ। ਅੱਜ ਵੱਖ-ਵੱਖ ਕਿਸਾਨ ਜਥੇਬੰਦੀਆਂ ਨੇ ਬੇਰੁਜ਼ਗਾਰ ਅਧਿਆਪਕਾਂ ਦੇ ਹੱਕ ਵਿਚ ਨਿੱਤਰਦਿਆਂ ਹਰ ਤਰ੍ਹਾਂ ਦੀ ਹਮਾਇਤ ਦਾ ਐਲਾਨ ਕੀਤਾ ਅਤੇ ਰੋਸ ਧਰਨੇ ’ਚ ਸ਼ਮੂਲੀਅਤ ਕੀਤੀ। ਨਵੀਂ ਬੇਰੁਜ਼ਗਾਰ ਪੀਟੀਆਈ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗਲੋਟੀ ਨੇ ਕਿਹਾ ਕਿ ਸੰਗਰੂਰ ਪੁਲੀਸ ਵਲੋਂ ਪੱਕੇ ਧਰਨੇ ਨੂੰ ਚੌਕ ਵਿੱਚੋਂ ਹਟਾਉਣ ਲਈ ਦਬਾਅ ਪਾਇਆ ਜਾ ਰਿਹਾ ਹੈ ਜਦੋਂ ਕਿ ਉਹ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਬੇਰੁਜ਼ਗਾਰ ਪੀਟੀਆਈ ਅਧਿਆਪਕ ਪਿਛਲੇ ਲੰਮੇ ਸਮੇਂ ਤੋਂ ਰੁਜ਼ਗਾਰ ਦੀ ਮੰਗ ਕਰ ਰਹੇ ਹਨ ਪਰ ਸਰਕਾਰ ਵੱਲੋਂ ਕੋਈ ਸੁਣਵਾਈ ਨਹੀਂ ਕੀਤੀ ਜਾ ਰਹੀ।
ਇਸ ਮੌਕੇ ਅਮਨਦੀਪ ਕੰਬੋਜ, ਸੁਮਨ, ਗੋਬਿੰਦ ਬਿੱਲਾ, ਸ਼ਮਸੇਰ ਸਿੰਘ, ਗੁਰਮੀਤ ਸਿੰਘ ਮਾਨਸਾ, ਸੰਦੀਪ ਸਿੰਘ, ਵਰਿੰਦਰ ਸਿੰਘ ਬਠਿੰਡਾ , ਬਲਜਿੰਦਰ ਸਿੰਘ ਮੋਗਾ , ਅਵਤਾਰ ਸਿੰਘ , ਸੰਦੀਪ ਖੰਨਾ, ਭਰਤ ਭੂਸਣ ਸਿੰਘ, ਅਤਿੰਦਰ, ਸਤਨਾਮ ਸਿੰਘ, ਜਗਦੀਪ,ਅੰਗਰੇਜ਼ ਸਿੰਘ, ਕਿਸਾਨ ਯੂਨੀਅਨ ਦੇ ਰਣ ਸਿੰਘ ਚੱਠਾ, ਰਾਜ ਸਿੰਘ ਖਾਲਸਾ, ਭੀਮ ਸਿੰਘ ਕੜਿਆਲ, ਹਰਦੀਪ ਸਿੰਘ ਹਰੀਗੜ ਆਦਿ ਵੀ ਸ਼ਾਮਲ ਸਨ।