ਗੁਰਦੀਪ ਸਿੰਘ ਲਾਲੀ
ਸੰਗਰੂਰ, 24 ਨਵੰਬਰ
ਰੁਜ਼ਗਾਰ ਪ੍ਰਾਪਤੀ ਦੀ ਮੰਗ ਲਈ ਬੇਰੁਜ਼ਗਾਰ ਪੀਟੀਆਈ ਅਧਿਆਪਕ ਅੱਜ ਬਾਅਦ ਦੁਪਹਿਰ ਇਥੇ ਸਿਵਲ ਹਸਪਤਾਲ ਵਿਚ ਸਥਿਤ ਕਰੀਬ 100 ਫੁੱਟ ਉੱਚੀ ਪਾਣੀ ਵਾਲੀ ਟੈਂਕੀ ’ਤੇ ਚੜ੍ਹ ਗਏ, ਜਦੋਂ ਕਿ ਬੇਰੁਜ਼ਗਾਰ ਪੀਟੀਆਈ ਅਧਿਆਪਕਾਂ ਵਲੋਂ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਦਿੱਲੀ-ਲੁਧਿਆਣਾ ਹਾਈਵੇ ’ਤੇ ਸਥਿਤ ਭਗਵਾਨ ਮਹਾਵੀਰ ਚੌਕ ਵਿਚ ਆਵਾਜਾਈ ਠੱਪ ਕਰਕੇ ਧਰਨਾ ਸ਼ੁਰੂ ਕਰ ਦਿੱਤਾ। ਜਿਉਂ ਹੀ ਬਾਅਦ ਦੁਪਹਿਰ ਕਰੀਬ ਢਾਈ ਵਜੇ ਚੌਕ ਵਿਚ ਧਰਨਾ ਚੱਲ ਰਿਹਾ ਸੀ ਤਾਂ 9 ਬੇਰੁਜ਼ਗਾਰ ਪੀਟੀਆਈ ਅਧਿਆਪਕ ਪੁਲੀਸ ਨੂੰ ਚਕਮਾ ਦੇ ਕੇ ਸਿਵਲ ਹਸਪਤਾਲ ਪੁੱਜ ਗਏ ਅਤੇ ਪਾਣੀ ਵਾਲੀ ਟੈਂਕੀ ਉਪਰ ਜਾ ਚੜ੍ਹੇ। ਇਨ੍ਹਾਂ ਵਿਚ 2 ਲੜਕੀਆਂ ਅਤੇ 7 ਲੜਕੇ ਹਨ। ਟੈਂਕੀ ਉਪਰ ਚੜ੍ਹ ਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਉਹ ਮੰਗ ਕਰ ਰਹੇ ਹਨ ਕਿ ਸਿੱਖਿਆ ਮੰਤਰੀ ਨਾਲ ਉਨ੍ਹਾਂ ਦੀ ਪੈਨਲ ਮੀਟਿੰਗ ਕਰਵਾਈ ਜਾਵੇ ਅਤੇ ਪੰਜ ਹਜ਼ਾਰ ਪੀਟੀਆਈ ਅਧਿਆਪਕਾਂ ਦੀ ਭਰਤੀ ਦਾ ਇਸ਼ਤਿਹਾਰ ਜਾਰੀ ਕੀਤਾ ਜਾਵੇ। ਖ਼ਬਰ ਲਿਖੇ ਜਾਣ ਤੱਕ ਬੇਰੁਜ਼ਗਾਰ ਅਧਿਆਪਕ ਪਾਣੀ ਵਾਲੀ ਟੈਂਕੀ ਉਪਰ ਡਟੇ ਹੋਏ ਹਨ ਜਦੋਂ ਕਿ ਚੌਂਕ ਵਿਚ ਆਵਾਜਾਈ ਠੱਪ ਕਰਕੇ ਰੋਸ ਧਰਨਾ ਜਾਰੀ ਹੈ।