ਮੁੱਖ ਮੰਤਰੀ ਦੀ ਕੋਠੀ ਅੱਗੇ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਪ੍ਰਦਰਸ਼ਨ
8 ਅਗਸਤ ਨੂੰ ਸਿੱਖਿਆ ਮੰਤਰੀ ਨਾਲ ਮੀਟਿੰਗ ਤੈਅ, ਹੱਲ ਨਾ ਹੋਣ ’ਤੇ ਤਿੱਖੇ ਸੰਘਰਸ਼ ਦੀ ਚਿਤਾਵਨੀ
Advertisement
ਈਟੀਟੀ ਟੈੱਟ ਪਾਸ ਬੇਰੁਜ਼ਗਾਰ ਯੂਨੀਅਨ ਦੀ ਅਗਵਾਈ ਹੇਠ ਬੇਰੁਜ਼ਗਾਰ ਅਧਿਆਪਕਾਂ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੋਠੀ ਨੇੜੇ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਬੇਰੁਜ਼ਗਾਰਾਂ ਨੇ ਮੁੱਖ ਮੰਤਰੀ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ। ਇਸ ਮੌਕੇ ਐੱਸਪੀ ਨਵਰੀਤ ਸਿੰਘ ਵਿਰਕ ਅਤੇ ਡੀਐੱਸਪੀ ਸੁਖਦੇਵ ਸਿੰਘ ਨੇ ਜ਼ਿਲ੍ਹਾ ਪ੍ਰ੍ਰਸਾਸ਼ਨ ਦੀ ਤਰਫ਼ੋਂ ਯੂਨੀਅਨ ਦੀ ਸਿੱਖਿਆ ਮੰਤਰੀ ਨਾਲ 8 ਅਗਸਤ ਦੀ ਮੀਟਿੰਗ ਤੈਅ ਕਰਵਾਈ ਜਿਸ ਮਗਰੋਂ ਬੇਰੁਜ਼ਗਾਰ ਅਧਿਆਪਕਾਂ ਨੇ ਪ੍ਰਦਰਸ਼ਨ ਸਮਾਪਤ ਕੀਤਾ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਸਾਡੀਆਂ ਮੰਗਾਂ ਨਾ ਮੰਨੀਆਂ ਜੇਕਰ ਅਧਿਆਪਕਾਂ ਦੀਆਂ ਅਸਾਮੀਆਂ ਜਲਦੀ ਨਾ ਕੱਢੀਆਂ ਗਈਆਂ ਤਾਂ ਸੰਘਰਸ਼ ਨੂੰ ਤਿੱਖੇ ਰੂਪ ਵਿਚ ਉਲੀਕਿਆ ਜਾਵੇਗਾ। ਇਸਤੋਂ ਪਹਿਲਾਂ ਅੱਜ ਪੰਜਾਬ ਭਰ ਤੋਂ ਪੁੱਜੇ ਬੇਰੁਜ਼ਗਾਰ ਈਟੀਟੀ ਅਧਿਆਪਕਾਂ ਵੱਲੋਂ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਜਾਂਦਿਆਂ ਨੂੰ ਰੋਕੇ ਜਾਣ ’ਤੇ ਅਧਿਆਪਕਾਂ ਨੇ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਯੂਨੀਅਨ ਦੇ ਸੂਬਾ ਪ੍ਰਧਾਨ ਸੁਨੀਲ ਫਾਜ਼ਿਲਕਾ ਨੇ ਕਿਹਾ ਕਿ ਸਾਲ 2022 ਵਿੱਚ ਕਾਂਗਰਸ ਸਰਕਾਰ ਵਲੋਂ ਈਟੀਟੀ ਅਧਿਆਪਕਾਂ ਦੀਆਂ ਅਸਾਮੀਆਂ ਕੱਢੀਆਂ ਗਈਆਂ ਸਨ ਜਿਨ੍ਹਾਂ ਉੱਤੇ ਸਰਕਾਰ ਨੇ ਭਰਤੀ ਕੀਤੀ ਹੈ। ਪਰ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਈਟੀਟੀ ਅਧਿਆਪਕਾਂ ਦੀਆਂ ਅਸਾਮੀਆਂ ਨਹੀਂ ਕੱਢੀਆਂ ਗਈਆਂ। ਉਨ੍ਹਾਂ ਮੰਗ ਕੀਤੀ ਕਿ ਨੌਂ ਹਜ਼ਾਰ ਈਟੀਟੀ ਅਧਿਆਪਕਾਂ ਦੀਆਂ ਅਸਾਮੀਆਂ ਕੱਢੀਆਂ ਜਾਣ ਅਤੇ ਨਵੀਂ ਭਰਤੀ ਕੀਤੀ ਜਾਵੇ।
Advertisement
Advertisement