ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 9 ਅਕਤੂਬਰ
ਟੈੱਟ ਪਾਸ ਬੇਰੁਜ਼ਗਾਰ ਬੀਐੱਡ ਅਧਿਆਪਕ ਯੂਨੀਅਨ, ਪੰਜਾਬ ਦੀ ਸੂਬਾ-ਕਮੇਟੀ ਦੀ ਮੀਟਿੰਗ ਪ੍ਰਧਾਨ ਸੁਖਵਿੰਦਰ ਸਿੰਘ ਢਿੱਲਵਾਂ ਦੀ ਅਗਵਾਈ ਹੇਠ ਹੋਈ। ਮੀਟਿੰਗ ਦੌਰਾਨ ਫੈਸਲਾ ਕੀਤਾ ਗਿਆ ਕਿ 11 ਅਕਤੂਬਰ ਨੂੰ ਸੰਗਰੂਰ ’ਚ 30 ਕਿਸਾਨ-ਜਥੇਬੰਦੀਆਂ ਦੇ ਕੇਂਦਰ ਸਰਕਾਰ ਦੇ ਖੇਤੀ-ਕਾਨੂੰਨਾਂ ਖ਼ਿਲਾਫ਼ ਸਾਂਝੇ-ਸੰਘਰਸ਼ ’ਚ ਸ਼ਮੂਲੀਅਤ ਕਰਦਿਆਂ ਸਮਰਥਨ ਕੀਤਾ ਜਾਵੇਗਾ ਜਦੋਂਕਿ 25 ਅਕਤੂਬਰ ਨੂੰ ਪਟਿਆਲਾ ਵਿੱਚ ਮੋਤੀ-ਮਹਿਲ ਸਾਹਮਣੇ ਕੈਪਟਨ ਅਮਰਿੰਦਰ ਸਿੰਘ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਫੂਕੇ ਜਾਣਗੇ। ਮੀਟਿੰਗ ਦੌਰਾਨ ਸੂਬਾ ਜਨਰਲ ਸਕੱਤਰ ਗੁਰਜੀਤ ਕੌਰ ਖੇੜੀ, ਪ੍ਰੈੱਸ ਸਕੱਤਰ ਰਣਦੀਪ ਸੰਗਤਪੁਰਾ, ਸੋਸ਼ਲ-ਮੀਡੀਆ ਇੰਚਾਰਜ ਸੰਦੀਪ ਗਿੱਲ, ਸੂਬਾ ਕਮੇਟੀ ਮੈਂਬਰ ਯੁੱਧਜੀਤ ਸਿੰਘ ਬਠਿੰਡਾ, ਰਣਬੀਰ ਸਿੰਘ ਨਦਾਮਪੁਰ, ਅਮਨ ਸੇਖ਼ਾ, ਰਾਜਵਿੰਦਰ ਕੌਰ ਸਮਾਣਾ, ਜੱਗੀ ਜੋਧਪੁਰ, ਅਮਨ ਬਾਵਾ ਤੇ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਕੁਲਵੰਤ ਸਿੰਘ ਲੌਂਗੋਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਮਾਸਟਰ ਕਾਡਰ ਦੀਆਂ 3282 ਅਸਾਮੀਆਂ ਤਹਿਤ ਸਮਾਜਿਕ ਸਿੱਖਿਆ ਦੀਆਂ 54, ਪੰਜਾਬੀ ਦੀਆਂ 62 ਤੇ ਹਿੰਦੀ ਦੀਆਂ ਮਹਿਜ਼ 52 ਅਸਾਮੀਆਂ ਹੀ ਕੱਢੀਆਂ ਗਈਆਂ ਹਨ, ਜਦੋਂਕਿ ਇਨ੍ਹਾਂ ਵਿਸ਼ਿਆਂ ਦੇ ਕਰੀਬ 30/35 ਹਜ਼ਾਰ ਉਮੀਦਵਾਰ ਟੈੱਟ ਪਾਸ ਹਨ। ਆਗੂਆਂ ਨੇ ਅਸਾਮੀਆਂ ’ਚ ਵਾਧਾ ਕਰਨ ਤੇ ਉਮਰ-ਹੱਦ 37 ਤੋਂ 42 ਸਾਲ ਕਰਨ ਦੀ ਮੰਗ ਕਰਦਿਆਂ ਸੰਘਰਸ਼ ਤੇਜ਼ ਕਰਨ ਦੀ ਚਿਤਾਵਨੀ ਦਿੱਤੀ ਹੈ।