ਬੇਰੁਜ਼ਗਾਰ ਸਾਂਝੇ ਮੋਰਚੇ ਦੀ ਅਗਵਾਈ ਹੇਠ ਡੀ ਸੀ ਦਫ਼ਤਰ ਅੱਗੇ ਬੇਰੁਜ਼ਗਾਰਾਂ ਵੱਲੋਂ ਅਣਮਿੱਥੇ ਸਮੇਂ ਲਈ ਲਗਾਇਆ ਸੂਬਾ ਪੱਧਰੀ ਪੱਕਾ ਮੋਰਚਾ ਜਿੱਥੇ 57ਵੇਂ ਦਿਨ ਵੀ ਜਾਰੀ ਰਿਹਾ, ਉੱਥੇ ਲੰਘੇ ਦਿਨ ਬੇਰੁਜ਼ਗਾਰਾਂ ਦੇ ਸੂਬਾਈ ਵਫ਼ਦ ਦੀ ਮੀਟਿੰਗ ਸਕੱਤਰ, ਸਿੱਖਿਆ ਵਿਭਾਗ ਨਾਲ ਚੰਡੀਗੜ੍ਹ ਵਿੱਚ ਹੋਈ। ਇਹ ਮੀਟਿੰਗ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤੈਅ ਕਰਵਾਈ ਸੀ ਜਿਸ ਵਿੱਚ ਸਕੱਤਰ ਨਾਲ ਮੰਗਾਂ ਸਬੰਧੀ ਚਰਚਾ ਹੋਈ।
ਮੋਰਚੇ ਦੇ ਸੂਬਾ ਆਗੂ ਸੁਖਵਿੰਦਰ ਸਿੰਘ ਢਿੱਲਵਾ ਨੇ ਦੱਸਿਆ ਕਿ ਮੋਰਚੇ ਦੇ ਕਨਵੀਨਰ ਰਮਨ ਕੁਮਾਰ ਮਲੋਟ, ਹਰਜਿੰਦਰ ਝੁਨੀਰ ਅਤੇ ਅਮਨ ਸੇਖਾ ਵੱਲੋਂ ਬੇਰੁਜ਼ਗਾਰਾਂ ਦੀਆਂ ਮੰਗਾਂ ਸਬੰਧੀ ਸਕੱਤਰ ਸੋਨਾਲੀ ਗਿਰੀ ਨਾਲ ਗੱਲਬਾਤ ਕੀਤੀ ਗਈ। ਉਨ੍ਹਾਂ ਮਾਸਟਰ ਕੇਡਰ ਦੀਆਂ ਘੱਟੋ-ਘੱਟ 15 ਅਸਾਮੀਆਂ ਅਤੇ ਲੈਕਚਰਾਰ ਦੀਆਂ ਘੱਟੋ-ਘੱਟ 3 ਅਸਾਮੀਆਂ ਅਤੇ ਉਮਰ ਹੱਦ ਛੋਟ, ਮਾਸਟਰ ਕੇਡਰ ਵਿੱਚ ਥੋਪੀ ਬੇਤੁਕੀ 55 ਫੀਸਦੀ ਲਾਜ਼ਮੀ ਅੰਕਾਂ ਦੀ ਸ਼ਰਤ ਰੱਦ ਕਰਨ, ਆਰਟ ਐਂਡ ਕਰਾਫਟ ਦੀਆਂ ਪਹਿਲਾਂ ਜਾਰੀ 250 ਪੋਸਟਾਂ ਦੀ ਲਿਖਤੀ ਪ੍ਰੀਖਿਆ ਤੁਰੰਤ ਲੈਣ ਅਤੇ ਸਿਹਤ ਵਿਭਾਗ ਵਿੱਚ ਮਲਟੀਪਰਪਜ਼ ਹੈਲਥ ਵਰਕਰ (ਮੇਲ) ਦੀਆਂ ਸਾਰੀਆਂ ਖਾਲੀ ਅਸਾਮੀਆਂ ਦਾ ਇਸ਼ਤਿਹਾਰ ਕਰਨ ਆਦਿ ਮੰਗਾਂ ਸਬੰਧੀ ਗੱਲਬਾਤ ਕੀਤੀ ਗਈ। ਉਨ੍ਹਾਂ ਦੱਸਿਆ ਕਿ ਸਿੱਖਿਆ ਸਕੱਤਰ ਨੇ ਬੇਰੁਜ਼ਗਾਰਾਂ ਦੀਆਂ ਸਾਰੀਆਂ ਮੰਗਾਂ ਨੂੰ ਧਿਆਨ ਨਾਲ ਸੁਣਿਆ ਅਤੇ ਮੰਗਾਂ ਦੇ ਨਿਪਟਾਰੇ ਲਈ ਜਲਦ ਅਗਲੀ ਮੀਟਿੰਗ ਸੱਦਣ ਦਾ ਭਰੋਸਾ ਦਿੱਤਾ। ਉਨ੍ਹਾਂ ਦੱਸਿਆ ਕਿ ਸਕੱਤਰ ਸੋਨਾਲੀ ਗਿਰੀ ਨੇ ਭਰੋਸਾ ਦਿੱਤਾ ਕਿ ਉਹ ਬੇਰੁਜ਼ਗਾਰਾਂ ਦੀਆਂ ਮੰਗਾਂ ਸਬੰਧੀ ਸਿੱਖਿਆ ਮੰਤਰੀ, ਸਿੱਖਿਆ ਵਿਭਾਗ ਅਤੇ ਹੋਰ ਲੋੜੀਂਦੇ ਵਿਭਾਗਾਂ ਨਾਲ ਰਾਬਤਾ ਕਰ ਕੇ ਬਹੁਤ ਜਲਦ ਬੇਰੁਜ਼ਗਾਰਾਂ ਨੂੰ ਦੁਬਾਰਾ ਮੀਟਿੰਗ ਲਈ ਬੁਲਾਉਣਗੇ।
ਪੱਕਾ ਮੋਰਚਾ ਮੁੱਖ ਮੰਤਰੀ ਦੀ ਕੋਠੀ ਅੱਗੇ ਲਿਜਾਣ ਦੀ ਚਿਤਾਵਨੀ
ਇਸ ਮੌਕੇ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਮੰਗਾਂ ਦਾ ਹੱਲ ਨਾ ਹੋਇਆ ਤਾਂ ਸੰਗਰੂਰ ’ਚ ਲਾਇਆ ਬੇਮਿਆਦੀ ਪੱਕਾ ਮੋਰਚਾ ਜਾਰੀ ਰਹੇਗਾ ਅਤੇ ਉਹ ਜਲਦ ਹੀ ਪੱਕਾ ਮੋਰਚਾ ਡੀ ਸੀ ਦਫ਼ਤਰ ਤੋਂ ਮੁੱਖ ਮੰਤਰੀ ਦੀ ਕੋਠੀ ਅੱਗੇ ਤਬਦੀਲ ਕਰਨ ਲਈ ਮਜਬੂਰ ਹੋਣਗੇ। ਇਸ ਮੌਕੇ ਲਲਿਤਾ ਪਟਿਆਲਾ, ਸੁਪਿੰਦਰ ਖੁਡਾਲ, ਕੁਲਵਿੰਦਰ ਸਿੰਘ, ਗੁਰਜੰਟ ਸਿੰਘ ਖੱਤਰੀਵਾਲਾ, ਕਰਮਜੀਤ ਸ਼ਰਮਾ, ਗੁਰਕਰਮ ਸਿੰਘ, ਬੌਬੀ ਹੀਰੋ ਕਲਾਂ, ਰਾਜਵੀਰ ਕੌਰ, ਮਨਜੀਤ ਕੌਰ ਅਤੇ ਅਮਨਦੀਪ ਕੌਰ ਹਾਜ਼ਰ ਸਨ।

