ਖੇਤਰੀ ਪ੍ਰਤੀਨਿਧ
ਧੂਰੀ, 17 ਜੂਨ
ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ’ਚ ਭਾਜਪਾ ਉਮੀਦਵਾਰ ਕੇਵਲ ਸਿੰਘ ਢਿੱਲੋਂ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਲਈ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਅੱਜ ਇੱਥੇ ਪੁੱਜੇ। ਉਨ੍ਹਾਂ ਵੱਖ-ਵੱਖ ਥਾਵਾਂ ’ਤੇ ਚੋਣ ਮੀਟਿੰਗਾਂ ਕਰਕੇ ਜਿੱਥੇ ਭਾਜਪਾ ਦੀਆਂ ਨੀਤੀਆਂ ਬਾਰੇ ਲੋਕਾਂ ਨੂੰ ਜਾਣੂ ਕਰਵਾਇਆ, ਉੱਥੇ ਭਾਜਪਾ ਉਮੀਦਵਾਰ ਦੇ ਹੱਕ ’ਚ ਵੋਟ ਪਾਉਣ ਦੀ ਅਪੀਲ ਕੀਤੀ। ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਕਿਹਾ ਕਿ ਲੰਘੀਆਂ ਵਿਧਾਨ ਸਭਾ ਚੋਣਾਂ ’ਚ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਜੋ ਗਾਰੰਟੀਆਂ ਲੋਕਾਂ ਨੂੰ ਦਿੱਤੀਆਂ ਗਈਆਂ ਸਨ, ਉਨ੍ਹਾਂ ਨੂੰ ਪੂਰਾ ਕਰਨ ਵਿੱਚ ‘ਆਪ’ ਸਰਕਾਰ ਬੁਰੀ ਤਰ੍ਹਾਂ ਨਾਕਾਮ ਸਾਬਿਤ ਹੋਈ ਹੈ ਅਤੇ ਆਏ ਦਿਨ ਕਤਲ, ਲੁੱਟ-ਖੋਹ ਦੀਆਂ ਵਾਪਰ ਰਹੀਆਂ ਘਟਨਾਵਾਂ ਤੋਂ ਸਪੱਸ਼ਟ ਹੈ ਕਿ ਪੰਜਾਬ ਅਮਨ-ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਡਗਮਗਾ ਚੁੱਕੀ ਹੈ।
ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੂੰ ਸੱਤਾ ’ਚ ਲਿਆ ਕੇ ਆਪਣੇ-ਆਪ ਨੂੰ ਠੱਗਿਆ-ਠੱਗਿਆ ਮਹਿਸੂਸ ਕਰ ਰਹੇ ਹਨ ਅਤੇ ਲੋਕ ਸਭਾ ਹਲਕਾ ਸੰਗਰੂਰ ਦੇ ਲੋਕਾਂ ਕੋਲ ਹੁਣ ਆਪ ਸਰਕਾਰ ਨੂੰ ਆਪਣੀ ਜ਼ਿੰਮੇਵਾਰੀ ਮਹਿਸੂਸ ਕਰਵਾਉਣ ਦਾ ਮੌਕਾ ਹੈ। ਉਨਾਂ ਭਾਜਪਾ ਉਮੀਦਵਾਰ ਕੇਵਲ ਸਿੰਘ ਢਿੱਲੋਂ ਦੇ ਹੱਕ ’ਚ ਭੁਗਤਣ ਦੀ ਅਪੀਲ ਕਰਦਿਆਂ ਕਿਹਾ ਕਿ ਸੰਗਰੂਰ ਲੋਕ ਸਭਾ ਹਲਕੇ ਦੇ ਸਰਬਪੱਖੀ ਵਿਕਾਸ ਲਈ ਭਾਜਪਾ ਉਮੀਦਵਾਰ ਨੂੰ ਜਿਤਾਉਣਾ ਜ਼ਰੂਰੀ ਹੈ, ਜਿਸ ਨਾਲ ਧੂਰੀ ਅੰਦਰ ਮੁੱਖ ਰੇਲਵੇ ਫਾਟਕਾਂ ਦੀ ਸਮੱਸਿਆ ਦਾ ਹੱਲ ਕੀਤਾ ਜਾਵੇਗਾ ਅਤੇ ਮੈਡੀਕਲ ਕਾਲਜ ਬਨਾਉਣ ਸਮੇਤ ਹੋਰ ਵਿਕਾਸ ਕਾਰਜ ਹੋ ਸਕਣਗੇ। ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਤੀਕਸ਼ਨ ਸੂਦ, ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਣਦੀਪ ਦਿਓਲ, ਭੁਪੇਸ਼ ਜਿੰਦਲ, ਆਸ਼ੀਸ਼ ਗਰਗ ਤੇ ਨਵਦੀਪ ਵੀ ਹਾਜ਼ਰ ਸਨ।
ਢੀਂਡਸਾ ਨੇ ਚੋਣ ਪ੍ਰਚਾਰ ਦੀ ਰੂਪ-ਰੇਖਾ ਉਲੀਕੀ
ਸੰਗਰੂਰ (ਨਿੱਜੀ ਪੱਤਰ ਪ੍ਰੇਰਕ): ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਯੂਥ ਵਿੰਗ ਦੀ ਮੀਟਿੰਗ ਵਿੰਗ ਦੇ ਸਰਪ੍ਰਸਤ ਪਰਮਿੰਦਰ ਸਿੰਘ ਢੀਂਡਸਾ ਦੀ ਅਗਵਾਈ ਹੇਠ ਹੋਈ ਜਿਸ ਵਿੱਚ ਲੋਕ ਸਭਾ ਸੰਗਰੂਰ ਦੀ ਜ਼ਿਮਨੀ ਚੋਣ ਸਬੰਧੀ ਵਿਚਾਰ-ਵਟਾਂਦਰਾ ਕਰਦਿਆਂ ਨੌਜਵਾਨਾਂ ਨੂੰ ਭਾਜਪਾ ਤੇ ਅਕਾਲੀ ਦਲ ਸੰਯੁਕਤ ਦੇ ਸਾਂਝੇ ਉਮੀਦਵਾਰ ਕੇਵਲ ਸਿੰਘ ਢਿੱਲੋ ਦੇ ਹੱਕ ਵਿੱਚ ਪ੍ਰਚਾਰ ਕਰਨ ਲਈ ਰੂਪ-ਰੇਖਾ ਉਲੀਕੀ ਗਈ। ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਨੌਜਵਾਨਾਂ ਦੀ ਇਸ ਲੋਕ ਸਭਾ ਚੋਣ ਵਿੱਚ ਅਹਿਮ ਭੂਮਿਕਾ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਇਲਾਕੇ ਦੇ ਵਧੇਰੇ ਨੌਜਵਾਨ ਅਕਾਲੀ ਦਲ ਸੰਯੁਕਤ ਤੇ ਭਾਜਪਾ ਗੱਠਜੋੜ ਦੀ ਜਿੱਤ ਯਕੀਨੀ ਬਣਾਉਣ ਲਈ ਸਰਗਰਮ ਭੂਮਿਕਾ ਨਿਭਾਉਣ ਲਈ ਉਤਾਵਲੇ ਹਨ। ਮੀਟਿੰਗ ਦੌਰਾਨ ਨੌਜਵਾਨਾਂ ਦੀ ਹਲਕੇ ਪੱਧਰ ’ਤੇ ਬਕਾਇਦਾ ਡਿਊਟੀਆਂ ਲਾਈਆਂ ਗਈਆਂ। ਯੂਥ ਵਿੰਗ ਦੇ ਆਗੂ ਹਰ ਵਿਧਾਨ ਸਭਾ ਹਲਕੇ ਅੰਦਰ ਭਾਜਪਾ ਦੇ ਆਗੂਆਂ ਨਾਲ ਤਾਲਮੇਲ ਬਣਾ ਕੇ ਚੋਣ ਮੁਹਿੰਮ ਨੂੰ ਹੋਰ ਤੇਜ਼ ਕਰਨਗੇ। ਇਸ ਮੌਕੇ ਮਨਪ੍ਰੀਤ ਸਿੰਘ ਤਲਵੰਡੀ, ਇਸਤਰੀ ਯੂਥ ਵਿੰਗ ਦੀ ਪ੍ਰਧਾਨ ਮਹਿਕਪ੍ਰੀਤ ਕੌਰ, ਸੁਖਮਨਦੀਪ ਸਿੰਘ, ਯੁਨਿਸ ਮਲਿਕ ਬੱਬੂ, ਹਰਪ੍ਰੀਤ ਸਿੰਘ ਢੀਂਡਸਾ, ਐਡਵੋਕੇਟ ਗਗਨਦੀਪ ਸਿੰਘ ਬਾਦਲਗੜ੍ਹ, ਮਨਿੰਦਰਪਾਲ ਸਿੰਘ,ਜਤਿੰਦਰ ਸਿੰਘ ਗਰੇਵਾਲ,ਅਵਤਾਰ ਸਿੰਘ ਰੁੜਕੀ,ਐਡਵੋਕੇਟ ਗਗਨਦੀਪ ਸਿੰਘ ਸੁਨਾਮ, ਸੋਹਣ ਸਿੰਘ ਬਾਬਾ,ਰਮਨਦੀਪ ਸਿੰਘ ਗਿੱਲ ਨੇ ਭਰੋਸਾ ਦਿੱਤਾ ਕਿ ਅਕਾਲੀ ਦਲ ਸੰਯੁਕਤ ਤੇ ਭਾਜਪਾ ਵਰਕਰਾਂ ਨਾਲ ਤਾਲਮੇਲ ਬਣਾ ਕੇ ਪੂਰੀ ਤਨਦੇਹੀ ਨਾਲ ਚੋਣ ਪ੍ਰਚਾਰ ਨੂੰ ਹੋਰ ਪ੍ਰਚੰਡ ਕਰਨਗੇ।