ਸੰਯੁਕਤ ਕਿਸਾਨ ਮੋਰਚੇ ਵੱਲੋਂ ਸਰਕਾਰ ਖ਼ਿਲਾਫ਼ ਮੁਜ਼ਾਹਰੇ ਦੀ ਤਿਆਰੀ
ਸੰਯੁਕਤ ਕਿਸਾਨ ਮੋਰਚੇ ਵੱਲੋਂ 8 ਅਕਤੂਬਰ ਨੂੰ ਹੋਣ ਵਾਲੇ ਮੁਜ਼ਾਹਰੇ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਜਮਹੂਰੀ ਕਿਸਾਨ ਸਭਾ ਦੇ ਸੂਬਾ ਆਗੂ ਊਧਮ ਸਿੰਘ ਸੰਤੋਖਪੁਰਾ ਦੀ ਪ੍ਰਧਾਨਗੀ ਹੇਠ ਸਥਾਨਕ ਸੁਤੰਤਰ ਭਵਨ ਵਿੱਚ ਕੀਤੀ ਗਈ ਜਿਸ ਵਿਚ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ...
ਸੰਯੁਕਤ ਕਿਸਾਨ ਮੋਰਚੇ ਵੱਲੋਂ 8 ਅਕਤੂਬਰ ਨੂੰ ਹੋਣ ਵਾਲੇ ਮੁਜ਼ਾਹਰੇ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਜਮਹੂਰੀ ਕਿਸਾਨ ਸਭਾ ਦੇ ਸੂਬਾ ਆਗੂ ਊਧਮ ਸਿੰਘ ਸੰਤੋਖਪੁਰਾ ਦੀ ਪ੍ਰਧਾਨਗੀ ਹੇਠ ਸਥਾਨਕ ਸੁਤੰਤਰ ਭਵਨ ਵਿੱਚ ਕੀਤੀ ਗਈ ਜਿਸ ਵਿਚ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਦੌਰਾਨ ਪੰਜਾਬ ਸਰਕਾਰ ਵੱਲੋਂ ਹੜ੍ਹ ਪੀੜਤ ਲੋਕਾਂ ਨੂੰ ਹਾਲੇ ਤੱਕ ਮੁਆਵਜ਼ਾ ਦਾ ਇੱਕ ਧੇਲਾ ਵੀ ਨਾ ਦੇਣ ਅਤੇ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਕੇਸ ਦਰਜ ਕਰਨ ਦੀ ਨਿਖੇਧੀ ਕਰਦਿਆਂ ਮੰਗ ਕੀਤੀ ਕਿ ਸਰਕਾਰ ਲੋਕਾਂ ਤੋਂ ਮੱਦਦ ਮੰਗਣ ਦੀ ਬਜਾਏ ਖੁਦ ਮੁਆਵਜ਼ਾ ਦੇਵੇ।
ਮੀਟਿੰਗ ਦੌਰਾਨ ਪੰਜਾਬ ਸਰਕਾਰ ਖ਼ਿਲਾਫ਼ ਰੋਸ ਜ਼ਾਹਰ ਕੀਤਾ ਗਿਆ ਕਿ ਸਰਕਾਰ ਹੜ੍ਹ ਪੀੜਤਾਂ ਦੀ ਮਦਦ ਲਈ ਲੋਕਾਂ ਨੂੰ ਨਿੱਤ ਦਿਨ ਅਪੀਲਾਂ ਕਰ ਰਹੀ ਹੈ ਜਦੋਂ ਕਿ ਖੁਦ ਹਾਲੇ ਤੱਕ ਕੋਈ ਮੁਆਵਜ਼ਾ ਨਹੀਂ ਵੰਡਿਆ ਗਿਆ। ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਨੂੰ ਲੋਕਾਂ ਤੋਂ ਮਦਦ ਮੰਗਣ ਦੀ ਬਜਾਏ ਖੁਦ ਐਲਾਨ ਕੀਤਾ ਗਿਆ ਮੁਆਵਜ਼ਾ ਵੰਡਣਾ ਚਾਹੀਦਾ ਹੈ। ਮੀਟਿੰਗ ਦੌਰਾਨ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਕੇਸ ਦਰਜ ਕਰਕੇ ਗ੍ਰਿਫ਼ਤਾਰੀਆਂ ਕਰਨ ਦੀ ਨਿਖੇਧੀ ਕੀਤੀ ਗਈ ਅਤੇ ਅਜਿਹਾ ਵਰਤਾਰਾ ਤੁਰੰਤ ਬੰਦ ਕਰਨ ਦੀ ਮੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਕਿਸਾਨ ਜਥੇਬੰਦੀਆਂ ਹੜ੍ਹ ਪੀੜ੍ਹਤ ਲੋਕਾਂ ਦੀ ਹਰ ਪੱਖੋਂ ਮਦਦ ਕਰ ਰਹੀਆਂ ਹਨ ਪਰ ਸਰਕਾਰ ਆਪਣੀ ਜ਼ਿੰਮੇਵਾਰੀ ਨਿਭਾਉਣ ਤੋਂ ਅਸਮਰੱਥ ਨਜ਼ਰ ਆ ਰਹੀ ਹੈ। ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ 8 ਅਕਤੂਬਰ ਨੂੰ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਅਨਾਜ ਮੰਡੀ ਸੰਗਰੂਰ ਵਿੱਚ ਇਕੱਠੇ ਹੋਣ ਮਗਰੋਂ ਰੋਸ ਮਾਰਚ ਕੀਤਾ ਜਾਵੇਗਾ। ਇਸ ਮਗਰੋਂ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨਾ ਦਿੱਤਾ ਜਾਵੇਗਾ ਅਤੇ ਪੰਜਾਬ ਸਰਕਾਰ ਦੇ ਨਾਂ ਮੰਗ ਪੱਤਰ ਭੇਜਿਆ ਜਾਵੇਗਾ।
ਮੀਟਿੰਗ ਵਿੱਚ ਬੀ.ਕੇ.ਯੂ. ਏਕਤਾ ਉਗਰਾਹਾਂ ਦੇ ਸੂਬਾ ਆਗੂ ਜਗਤਾਰ ਸਿੰਘ ਕਾਲਾਝਾੜ, ਬੀ.ਕੇ.ਯੂ. ਡਕੌਂਦਾ ਬੁਰਜ ਗਿੱਲ ਦੇ ਸੂਬਾ ਮੀਤ ਪ੍ਰਧਾਨ ਗੁਰਮੀਤ ਸਿੰਘ ਭੱਟੀਵਾਲ, ਬੀ.ਕੇ.ਯੂ. ਰਾਜੇਵਾਲ ਦੇ ਜ਼ਿਲ੍ਹਾ ਮੀਤ ਪ੍ਰਧਾਨ ਕਸ਼ਮੀਰ ਸਿੰਘ, ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਵਿੱਤ ਸਕੱਤਰ ਕੁਲਦੀਪ ਸਿੰਘ, ਬੀ.ਕੇ.ਯੂ. ਡਕੌਦਾ ਧਨੇਰ ਦੇ ਆਗੂ ਨਿਹਾਲ ਸਿੰਘ ਦੁੱਗਾਂ ਤੇ ਪੰਜਾਬ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਆਗੂ ਰਾਮਫਲ ਸਿੰਘ ਬੁਸ਼ਹਿਰਾ ਆਦਿ ਹਾਜ਼ਰ ਸਨ।