ਗੁਰਦੀਪ ਸਿੰਘ ਲਾਲੀ
ਸੰਗਰੂਰ, 17 ਸਤੰਬਰ
ਤਿੰਨ ਵਿਦਿਆਰਥੀ ਜਥੇਬੰਦੀਆਂ ਵੱਲੋਂ ਕਰੋਨਾ ਕਾਲ ਦੌਰਾਨ ਬੰਦ ਕੀਤੇ ਸਰਕਾਰੀ ਰਣਬੀਰ ਕਾਲਜ ਨੂੰ ਖੁੱਲ੍ਹਵਾਉਣ ਲਈ ਰੋਸ ਰੈਲੀ ਕਰਨ ਮਗਰੋਂ ਪ੍ਰਿੰਸੀਪਲ ਦੇ ਦਫ਼ਤਰ ਦਾ ਘਿਰਾਓ ਕਰਦਿਆਂ ਰੋਸ ਧਰਨਾ ਦਿੱਤਾ ਗਿਆ। ਧਰਨਾਕਾਰੀ ਕਾਲਜ ਵਿਚ ਆਫ਼ਲਾਈਨ ਕਲਾਸਾਂ ਸ਼ੁਰੂ ਕਰਨ ਦੀ ਮੰਗ ਕਰ ਰਹੇ ਸਨ।
ਵਿਦਿਆਰਥੀ ਜਥੇਬੰਦੀਆਂ ਪੰਜਾਬ ਰੈਡੀਕਲ ਸਟੂਡੈਂਟਸ ਯੂਨੀਅਨ, ਪੰਜਾਬ ਸਟੂਡੈਂਟਸ ਯੂਨੀਅਨ ਸ਼ਹੀਦ ਰੰਧਾਵਾ ਅਤੇ ਪੰਜਾਬ ਸਟੂਡੈਂਟਸ ਯੂਨੀਅਨ ਲਲਕਾਰ ਦੀ ਅਗਵਾਈ ਹੇਠ ਵਿਦਿਆਰਥੀ ਇਕੱਠੇ ਹੋਏ ਅਤੇ ਰੋਸ ਰੈਲੀ ਕੀਤੀ ਗਈ। ਇਸ ਮਗਰੋਂ ਪ੍ਰਿੰਸੀਪਲ ਦੇ ਦਫ਼ਤਰ ਦਾ ਘਿਰਾਓ ਕਰਦਿਆਂ ਰੋਸ ਧਰਨਾ ਦਿੱਤਾ। ਇਸ ਮੌਕੇ ਪੰਜਾਬ ਰੈਡੀਕਲ ਸਟੂਡੈਂਟਸ ਯੂਨੀਅਨ ਵੱਲੋਂ ਮਨਜੀਤ ਸਿੰਘ, ਪੰਜਾਬ ਸਟੂਡੈਂਟਸ ਯੂਨੀਅਨ (ਲਲਕਾਰ) ਵੱਲੋਂ ਗੁਰਪ੍ਰੀਤ ਜੱਸਲ, ਪੰਜਾਬ ਸਟੂਡੈਂਟਸ ਯੂਨੀਅਨ (ਸ਼ਹੀਦ ਰੰਧਾਵਾ) ਵੱਲੋਂ ਰਮਨ ਕਾਲਾਝਾੜ ਨੇ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕਰੋਨਾ ਦਾ ਬਹਾਨਾ ਬਣਾ ਕੇ ਵਿਦਿਅਕ ਸੰਸਥਾਵਾਂ ਨੂੰ ਬੰਦ ਕਰਨ ਕਰ ਕੇ ਸਰਕਾਰ ਨਵੀਂ ਸਿੱਖਿਆ ਨੀਤੀ ਨੂੰ ਲਾਗੂ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਜੇ ਸਾਰੇ ਸ਼ਾਪਿੰਗ ਮਾਲ, ਸਿਨੇਮੇ, ਜਿਮ ਅਤੇ ਆਈਲੈਂਟਸ ਸੈਂਟਰ ਖੁੱਲ੍ਹ ਸਕਦੇ ਹਨ ਤਾਂ ਕਾਲਜ ਕਿਉਂ ਨਹੀਂ ਖੋਲ੍ਹੇ ਜਾ ਰਹੇ।
ਆਗੂਆਂ ਨੇ ਦੱਸਿਆ ਕਿ ਪ੍ਰਿੰਸੀਪਲ ਦਾ ਕਹਿਣਾ ਹੈ ਕਿ ਕਾਲਜ ਵਲੋਂ ਪਹਿਲਾਂ ਹੀ ਡਿਪਟੀ ਕਮਿਸ਼ਨਰ ਰਾਹੀਂ ਡੀਪੀਆਈ ਕਾਲਜਾਂ ਨੂੰ ਕਾਲਜ ਖੋਲ੍ਹਣ ਦੀ ਮੰਗ ਨੂੰ ਲੈ ਕੇ ਪੱਤਰ ਭੇਜਿਆ ਜਾ ਚੁੱਕਿਆ ਹੈ ਪਰ ਅਜੇ ਤੱਕ ਕੋਈ ਜਵਾਬ ਨਹੀਂ ਮਿਲਿਆ। ਵਿਦਿਆਰਥੀ ਆਗੂਆਂ ਅਨੁਸਾਰ 22 ਸਤੰਬਰ ਨੂੰ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਇੱਕ ਡੈਪੂਟੇਸ਼ਨ ਡਿਪਟੀ ਕਮਿਸ਼ਨਰ ਨੂੰ ਮਿਲੇਗਾ। ਰੋਸ ਧਰਨੇ ਦੌਰਾਨ ਸੰਦੀਪ ਕੋਰ, ਹਰਪ੍ਰੀਤ ਕੋਰ, ਸਿਮਰਨਜੀਤ ਕੌਰ, ਦਲਵੀਰ ਸਿੰਘ, ਅਭੀ, ਬਬਲੂ ਆਦਿ ਮੌਜੂਦ ਸਨ।