ਪੱਤਰ ਪ੍ਰੇਰਕ
ਚੀਮਾ ਮੰਡੀ, 25 ਜੁਲਾਈ
ਪੰਜਾਬ ਪੁਲੀਸ ਅਤੇ ਵਣ ਵਿਭਾਗ ਵੱਲੋਂ ਸ਼ੁਰੂ ਕੀਤੀ ਮੁਹਿੰਮ ਤਹਿਤ ਥਾਣਾ ਚੀਮਾ ਵਿਖੇ ਪੁਲੀਸ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੀਮਾ ਦੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਬੂਟੇ ਲਗਾ ਕੇ ਵਣ ਮਹਾਉਤਸਵ ਮਨਾਇਆ ਗਿਆ। ਇਸ ਮੌਕੇ ਥਾਣਾ ਮੁਖੀ ਯਾਦਵਿੰਦਰ ਸਿੰਘ, ਸਹਾਇਕ ਥਾਣੇਦਾਰ ਜਸਵੀਰ ਸਿੰਘ, ਗੁਰਬਚਨ ਸਿੰਘ, ਹੌਲਦਾਰ ਜੱਗਾ ਸਿੰਘ ਤੇ ਹੋਰ ਪੁਲੀਸ ਕਰਮੀ ਹਾਜ਼ਰ ਸਨ। ਇਸੇ ਤਰ੍ਹਾਂ ਥਾਣਾ ਧਰਮਗੜ੍ਹ ਦੀ ਪੁਲੀਸ ਵੱਲੋਂ ਥਾਣਾ ਮੁਖੀ ਕਰਮਜੀਤ ਸਿੰਘ ਦੀ ਅਗਵਾਈ ਹੇਠ ਬੂਟੇ ਲਗਾ ਕੇ ਵਣ ਮਹਾਂਉਤਸਵ ਮਨਾਇਆ ਗਿਆ।
ਦੇਵੀਗੜ੍ਹ (ਪੱਤਰ ਪ੍ਰੇਰਕ): ਖੁਸ਼ਹਾਲੀ ਦੇ ਰਾਖੇ ਜੀਓਜੀ ਵੱਲੋਂ ਤਹਿਸੀਲ ਹੈੱਡ ਦੂਧਨਸਾਧਾਂ ਦੇ ਕਰਨਲ ਮਾਨ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਸਰਕਾਰ ਵੱਲੋਂ ਵਾਤਾਵਰਨ ਨੂੰ ਸੰਭਾਲਣ ਲਈ ਚਲਾਈ ਗਈ ਮੁਹਿੰਮ ਤਹਿਤ ਜੀਓਜੀ ਟੀਮ ਵੱਲੋਂ ਦੂਧਨਸਾਧਾਂ ਦੇ ਕਲੱਸਟਰ ਨੰਬਰ 5 ਦੇ ਸਾਰੇ ਜੀਓਜੀ ਨੇ ਪਿੰਡ ਕਰਤਾਰਪੁਰ ਦੇ ਸ਼ਮਸ਼ਾਨਘਾਟ ਵਿੱਚ ਫਲਦਾਰ ਅਤੇ ਛਾਂਦਾਰ ਪੌਦੇ ਲਗਾਏ।
ਮਾਲੇਰਕੋਟਲਾ (ਨਿੱਜੀ ਪੱਤਰ ਪ੍ਰੇਰਕ): ਜ਼ਿਲ੍ਹਾ ਪੁਲੀਸ ਮੁਖੀ ਅਵਨੀਤ ਕੌਰ ਸਿੱਧੂ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਹਰਿਆਵਲ ਲਹਿਰ ਤਹਿਤ ਪੁਲੀਸ ਲਾਇਨ ਮਾਲੇਰਕੋਟਲਾ ਵਿਖੇ ਬੂਟੇ ਲਗਾ ਕੇ ਜ਼ਿਲ੍ਹਾ ਪੁਲੀਸ ਵਲੋਂ 1000 ਬੂਟੇ ਲਗਾਉਣ ਦੀ ਮੁਹਿੰਮ ਦਾ ਆਗਾਜ਼ ਕੀਤਾ। ਉਨ੍ਹਾਂ ਮਹਿਲਾਵਾਂ ਨੂੰ ਅਪੀਲ ਕੀਤੀ ਕਿ ਉਹ ਤੀਆਂ ਦੇ ਮਹੀਨੇ ਦੌਰਾਨ ਵੱਧ ਤੋਂ ਵੱਧ ਰੁੱਖ ਲਗਾਉਣ।
ਵਿਧਾਇਕਾ ਨੇ ਪੌਦੇ ਲਗਵਾਏ
ਭਵਾਨੀਗੜ੍ਹ (ਪੱਤਰ ਪ੍ਰੇਰਕ): ਹਲਕਾ ਵਿਧਾਇਕ ਸੰਗਰੂਰ ਨਰਿੰਦਰ ਕੌਰ ਭਰਾਜ ਵੱਲੋਂ ਪਿੰਡ ਜੌਲੀਆ ਵਿਖੇ ਵਣ ਵਿਭਾਗ ਦੇ ਅਧਿਕਾਰੀਆਂ, ਸਮੁੱਚੀ ਪੰਚਾਇਤ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਪਿੰਡ ਦੀ ਪੰਚਾਇਤੀ ਜ਼ਮੀਨ ਵਿੱਚ ਤ੍ਰਿਵੈਣੀ, ਫ਼ਲਦਾਰ ਅਤੇ ਛਾਂ ਵਾਲੇ ਵੱਖ ਵੱਖ ਤਰ੍ਹਾਂ ਦੇ ਕਰੀਬ 350 ਪੌਦੇ ਲਗਵਾਏ ਗਏ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਸੋਕਾਗ੍ਰਸਤ ਅਤੇ ਪ੍ਰਦੂਸ਼ਣ ਤੋਂ ਬਚਾਉਣ ਲਈ ਹਰ ਇੱਕ ਵਿਅਕਤੀ ਨੂੰ ਰੱਖ ਲਗਾਓ ਮੁਹਿੰਮ ਵਿਚ ਯੋਗਦਾਨ ਪਾਉਣਾ ਚਾਹੀਦਾ ਹੈ। ਇਸ ਮੌਕੇ ਵਣ ਵਿਭਾਗ ਦੇ ਅਧਿਕਾਰੀ ਸਿਮਰਨਜੀਤ ਕੌਰ, ਆਪ ਆਗੂ ਸ਼ਿੰਦਰਪਾਲ ਕੌਰ, ਹਰਦੀਪ ਸਿੰਘ ਤੂਰ, ਗੁਰਪ੍ਰੀਤ ਸਿੰਘ ਨਦਾਮਪੁਰ, ਭੁਪਿੰਦਰ ਸਿੰਘ ਕਾਕੜਾ, ਗਗਨ ਸਿੰਘ ਆਲੋਅਰਖ, ਰਣਜੀਤ ਸਿੰਘ ਜੌਲੀਆਂ ਹਾਜ਼ਰ ਸਨ।