ਢੀਂਡਸਾ ਵਿੱਚ ਨਸ਼ਿਆਂ ਦੀ ਵਿਕਰੀ ਖ਼ਿਲਾਫ਼ ਲੋਕ ਇੱਕਜੁਟ
ਪ੍ਰਸ਼ਾਸਨ ਨੂੰ ਪੱਤਰ ਭੇਜ ਕੇ ਸ਼ਰਾਬ ਦੇ ਠੇਕੇਦਾਰਾਂ ਖ਼ਿਲਾਫ਼ ਕਾਰਵਾਈ ਮੰਗੀ; ਥਾਣੇ ਅੱਗੇ ਪੱਕਾ ਮੋਰਚਾ ਲਾਂਉਣ ਦਾ ਐਲਾਨ
ਪਿੰਡ ਢੀਂਡਸਾ ਵਿੱਚ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਦੇ ਜ਼ਿਲ੍ਹਾ ਮੀਤ ਪ੍ਰਧਾਨ ਬਹਾਲ ਸਿੰਘ ਢੀਂਡਸਾ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ। ਇਸ ਦੌਰਾਨ ਮਤਾ ਪਾਸ ਕਰ ਕੇ ਡੀ ਸੀ ਤੋਂ ਪਿੰਡ ਵਿੱਚ ਸ਼ਰਾਬ ਦੇ ਠੇਕੇਦਾਰਾਂ ਦੀ ਗੁੰਡਾਗਰਦੀ ਖ਼ਿਲਾਫ਼ ਕਾਰਵਾਈ ਮੰਗੀ ਗਈ। ਇਸ ਦੌਰਾਨ ਸਰਪੰਚ ਤਜਿੰਦਰਪਾਲ ਸਿੰਘ, ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਇਕਾਈ ਪ੍ਰਧਾਨ ਚਮਕੌਰ ਸਿੰਘ, ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਪ੍ਰਧਾਨ ਇਕਾਈ ਰਾਮਦੇਵ, ਸ਼ਹੀਦ ਕਰਤਾਰ ਸਿੰਘ ਸਰਾਭਾ ਸਪੋਰਟਸ ਕਲੱਬ ਦੇ ਪ੍ਰਧਾਨ ਗੁਰਦੀਪ ਸਿੰਘ, ਢੀਂਡਸਾ ਲਾਇਬਰੇਰੀ ਕਮੇਟੀ ਦੇ ਪ੍ਰਧਾਨ ਜਸਪਾਲ ਸਿੰਘ, ਪੰਜਾਬ ਖੇਤ ਮਜ਼ਦੂਰ ਜਥੇਬੰਦੀ ਦੇ ਇਕਾਈ ਪ੍ਰਧਾਨ ਲੀਲਾ ਸਿੰਘ ਤੇ ਸਮੂਹ ਨਗਰ ਵਾਸੀ ਸ਼ਾਮਲ ਹੋਏ। ਇਸ ਦੌਰਾਨ ਸ਼ਰਾਬ ਮੁਕਤੀ ਲਈ 40 ਮੈਂਬਰਾਂ ਦੀ ਕਮੇਟੀ ਬਣਾਈ ਗਈ। ਉਨ੍ਹਾਂ ਫ਼ੈਸਲਾ ਕੀਤਾ ਕਿ ਪਿੰਡ ਵਿੱਚ ਵੇਚੇ ਜਾ ਰਹੇ ਨਸ਼ੇ ਨੂੰ ਬੰਦ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਇੱਕ ਪਾਸੇ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਮੁਹਿੰਮ ਚਲਾਈ ਜਾ ਰਹੀ ਹੈ ਪਰ ਦੂਜੇ ਪਾਸੇ ਠੇਕੇਦਾਰ ਵੱਲੋਂ ਗੁੰਡਾਗਰਦੀ ਨਾਲ ਪਿੰਡ ਢੀਂਡਸਾ ਵਿੱਚ ਨਸ਼ੇ ਦੀ ਤਸਕਰੀ ਕੀਤੀ ਜਾ ਰਹੀ ਹੈ। ਪਿੰਡ ਵਾਸੀਆਂ ਨੇ ਫ਼ੈਸਲਾ ਕੀਤਾ ਕਿ ਨਾਜਾਇਜ਼ ਨਸ਼ੇ ਦੀ ਵਿਕਰੀ ’ਤੇ ਰੋਕ ਲਾਈ ਜਾਵੇ। ਦਵਿੰਦਰਦੀਪ ਸਿੰਘ (ਬੰਟੀ) ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਜੇਕਰ 29 ਨਵੰਬਰ ਤੋਂ ਪਹਿਲਾਂ ਠੇਕੇਦਾਰਾਂ ਵਿਰੁੱਧ ਕਾਰਵਾਈ ਨਹੀਂ ਕੀਤੀ ਗਈ ਤਾਂ 29 ਨਵੰਬਰ ਤੋਂ ਥਾਣਾ ਮੂਣਕ ਅੱਗੇ ਪੱਕਾ ਮੋਰਚਾ ਲਾਉਣਗੇ। ਪਿੰਡ ਵਾਸੀਆਂ ਨੇ ਪ੍ਰਸ਼ਾਸਨ ਅਤੇ ਸਰਕਾਰ ਨੂੰ ਅਪੀਲ ਹੈ ਕਿ ਪਿੰਡ ਢੀਂਡਸਾ ਵਿੱਚ ਠੇਕੇਦਾਰ ਵੱਲੋਂ ਨਾਜਾਇਜ਼ ਵੇਚਿਆ ਜਾ ਰਿਹਾ ਨਸ਼ਾ ਬੰਦ ਕਰਵਾਇਆ ਜਾਵੇ।

