ਗੁਰਦੀਪ ਸਿੰਘ ਲਾਲੀ
ਸੰਗਰੂਰ, 13 ਜਨਵਰੀ
ਅੱਜ ਲੋਹੜੀ ਵਾਲੇ ਦਿਨ ਵੱਖ-ਵੱਖ ਥਾਈਂ ਕਿਸਾਨ ਜਥੇਬੰਦੀਆਂ ਵਲੋਂ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਫ਼ੂਕਦਿਆਂ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਕਿਸਾਨ ਜਥੇਬੰਦੀਆਂ ਦੇ ਸੱਦੇ ’ਤੇ ਇਥੇ ਰੇਲਵੇ ਸਟੇਸ਼ਨ ਨੇੜੇ ਚੱਲ ਰਹੇ ਰੋਸ ਧਰਨੇ ਦੌਰਾਨ ਕਿਸਾਨਾਂ ਨੇੇ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜਦਿਆਂ ਰੋਸ ਪ੍ਰਦਰਸ਼ਨ ਕੀਤਾ ਗਿਆ। ਉਧਰ ਭਾਕਿਯੂ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਖੇੜੀ ਰਿਲਾਇੰਸ ਪੰਪ ਅੱਗੇ ਅਤੇ ਇਥੇ ਭਾਜਪਾ ਆਗੂ ਸਤਵੰਤ ਸਿੰਘ ਪੂਨੀਆਂ ਦੇ ਘਰ ਅੱਗੇ ਰੋਸ ਧਰਨਿਆਂ ਦੌਰਾਨ ਵੱਡੀ ਤਾਦਾਦ ’ਚ ਕਿਸਾਨ ਬੀਬੀਆਂ ਵਲੋਂ ਲੋਹੜੀ ਬਾਲ ਕੇ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਫ਼ੂਕੀਆਂ ਗਈਆਂ। ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਸੱਦੇ ਅਨੁਸਾਰ ਵੱਖ ਵੱਖ ਜਨਤਕ ਜਮਹੂਰੀ ਜਥੇਬੰਦੀਆਂ ਵਲੋਂ ਇਥੇ ਦਿੱਲੀ-ਲੁਧਿਆਣਾ ਹਾਈਵੇ ਉਪਰ ਭਗਵਾਨ ਮਹਾਂਵੀਰ ਚੌਂਕ ਵਿਚ ਲੋਹੜੀ ਬਾਲ ਕੇ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਕਿਸਾਨ ਵਿਰੋਧੀ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸਤੋਂ ਪਹਿਲਾਂ ਰੋਸ ਰੈਲੀ ਕੀਤੀ ਗਈ ਜਿਸਨੂੰ
ਸੰਬੋਧਨ ਕਰਦਿਆਂ ਇਨਕਲਾਬੀ ਜਮਹੂਰੀ ਮੋਰਚਾ ਪੰਜਾਬ ਦੇ ਪ੍ਰਧਾਨ ਸਵਰਨਜੀਤ ਸਿੰਘ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਸੰਜੀਵ ਮਿੰਟੂ ਅਤੇ ਪ੍ਰਗਟ ਸਿੰਘ ਕਾਲਾਝਾੜ ਅਤੇ ਜਮਹੂਰੀ ਅਧਿਕਾਰ ਸਭਾ ਦੀ ਆਗੂ ਗੁਰਪ੍ਰੀਤ ਕੌਰ, ਨੇ ਸੰਬੋਧਨ ਕੀਤਾ।