ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 8 ਜੂਨ
ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਵੱਲੋਂ ਬਲਾਕ ਪ੍ਰਧਾਨ ਅਜੈਬ ਸਿੰਘ ਲੱਖੇਵਾਲ ਦੀ ਅਗਵਾਈ ਹੇਠ 251ਵੇਂ ਦਿਨ ਵੀ ਕਾਲਾਝਾੜ ਟੌਲ ਪਲਾਜ਼ਾ ਅਤੇ ਰਿਲਾਇੰਸ ਪੰਪ ਬਾਲਦ ਕਲਾਂ ਵਿੱਚ ਧਰਨੇ ਜਾਰੀ ਰੱਖੇ ਗਏ। ਇਸ ਦੌਰਾਨ ਕਿਸਾਨ ਆਗੂਆਂ ਨੇ ਮੋਦੀ ਹਕੂਮਤ ਵੱਲੋਂ ਨਵੇਂ ਕਿਰਤ ਕਾਨੂੰਨਾਂ ਨੂੰ ਲਾਗੂ ਕੀਤੇ ਜਾਣ ਦੀ ਸਖ਼ਤ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਜਿਵੇਂ ਤਿੰਨ ਕਾਲੇ ਕਾਨੂੰਨ ਕਿਸਾਨਾਂ ਦੀਆਂ ਜ਼ਮੀਨਾਂ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰਨ ਲਈ ਬਣਾਏ ਹਨ ਉਸੇ ਤਰ੍ਹਾਂ ਕੰਪਨੀਆਂ ਵੱਲੋਂ ਕਿਰਤੀ ਲੋਕਾਂ ਦੀ ਕਿਰਤ ਦੀ ਲੁੱਟ ਨੂੰ ਹੋਰ ਤੇਜ਼ ਕਰਨ ਅਤੇ ਇਸ ਦੇ ਖਿਲਾਫ ਆਵਾਜ਼ ਬੰਦ ਕਰਨ ਲਈ ਇਹ ਕਾਨੂੰਨ ਲਾਗੂ ਕੀਤੇ ਜਾ ਰਹੇ ਹਨ। ਉਨ੍ਹਾਂ ਮੰਗ ਕੀਤੀ ਕਿ ਇਹ ਚਾਰੇ ਲੇਬਰ ਕੋਡ ਰੱਦ ਕੀਤੇ ਜਾਣ।
ਧੂਰੀ (ਹਰਦੀਪ ਸਿੰਘ ਸੋਢੀ): ਕੇਂਦਰ ਸਰਕਾਰ ਵੱਲੋਂ ਲਿਆਂਦੇ ਖੇਤੀ ਕਾਨੂੰਨਾਂ ਤੇ ਹੋਰ ਮੰਗਾਂ ਨੂੰ ਮੰਨਵਾਉਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਲੱਡਾ ਟੌਲ ਪਲਾਜ਼ਾ ਕੋਲ ਲੱਗਾ ਧਰਨਾ ਜਸਪਾਲ ਸਿੰਘ ਪੇਧਨੀ ਦੀ ਅਗਵਾਈ ਵਿੱਚ 250ਵੇਂ ਦਿਨ ਵੀ ਜਾਰੀ ਰਿਹਾ। ਇਸ ਦੌਰਾਨ ਆਗੂਆਂ ਨੇ ਕੇਂਦਰ ਸਰਕਾਰ ’ਤੇ ਕਿਸਾਨਾਂ ਦੇ ਹੱਕ ਮਾਰਨ ਦੋਸ਼ ਲਾਏ। ਇਸ ਮੌਕੇ ਗੁਰਜੀਤ ਸਿੰਘ ਲੱਡਾ, ਦਰਸ਼ਨ ਸਿੰਘ ਕਿਲ੍ਹਾ ਹਕੀਮਾਂ, ਜਸਪਾਲ ਸਿੰਘ ਪੇਧਨੀ ਤੇ ਗੁਰਜੰਟ ਸਿੰਘ ਵੀ ਹਾਜ਼ਰ ਸਨ।
ਲਹਿਰਾਗਾਗਾ (ਰਮੇਸ਼ ਭਾਰਦਵਾਜ): ਇਥੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਲਹਿਰਾਗਾਗਾ ਦੇ ਪ੍ਰਧਾਨ ਧਰਮਿੰਦਰ ਸਿੰਘ ਪਿਸ਼ੌਰ ਦੀ ਅਗਵਾਈ ਹੇਠ ਪਿੰਡ ਲਹਿਲ ਖੁਰਦ ਕੈਂਚੀਆਂ ਨੇੜੇ ਰਿਲਾਇੰਸ ਦੇ ਪੈਟਰੋਲ ਪੰਪ ’ਤੇ ਲੱਗਿਆ ਮੋਰਚਾ 250ਵੇਂ ਦਿਨ ਕਿਸਾਨਾਂ ਮਜ਼ਦੂਰਾਂ ਦੀ ਵੱਡੀ ਸ਼ਮੂਲੀਅਤ ਨਾਲ ਜਾਰੀ ਰਿਹਾ। ਇਸ ਮੌਕੇ ਬਲਾਕ ਮੀਤ ਪ੍ਰਧਾਨ ਸੂਬਾ ਸਿੰਘ ਸੰਗਤਪੁਰਾ, ਰਾਮਚੰਦ ਸਿੰਘ ਚੋਟੀਆਂ ਸਣੇ ਹੋਰਨਾਂ ਆਗੂਆਂ ਨੇ ਧਰਨੇ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਹਰਿਆਣਾ ਦੇ ਟੋਹਾਣਾ ਵਿਚ ਥਾਣੇ ਦੇ ਘਿਰਾਓ ਦੌਰਾਨ ਕਿਸਾਨਾਂ ਮਜ਼ਦੂਰਾਂ ਦੀ ਵੱਡੀ ਜਿੱਤ ਹੋਈ ਹੈ, ਜਿਸ ਨਾਲ ਕਿਰਤੀਆਂ ਦੇ ਹੌਸਲੇ ਹੋਰ ਬੁਲੰਦ ਹੋਏ ਹਨ। ਉਨ੍ਹਾਂ ਦੱਸਿਆ ਕਿ ਕਿਰਤੀ ਕਿਸਾਨਾਂ ਦੀ ਜੋਟੀ ਨੇ ਹੰਕਾਰੀ ਸਰਕਾਰ ਦੇ ਪੈਰ ਹਿਲਾ ਕੇ ਰੱਖ ਦਿੱਤੇ ਹਨ।