ਨਸ਼ਿਆਂ ਖ਼ਿਲਾਫ਼ ਪਿੰਡਾਂ ਵਿੱਚ ਪੈਦਲ ਯਾਤਰਾ
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਲਾਮਬੰਦੀ ਕੀਤੀ; ਲੋਕਾਂ ਦੇ ਸਹਿਯੋਗ ਦੀ ਮੰਗ
ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਕੱਢੀ ਜਾ ਰਹੀ ਨਸ਼ਾ ਵਿਰੋਧੀ ਪੈਦਲ ਯਾਤਰਾ ਨੂੰ ਸੰਗਰੂਰ ਜ਼ਿਲ੍ਹੇ ਵਿੱਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਹ ਪੈਦਲ ਯਾਤਰਾ ਜ਼ਿਲ੍ਹੇ ਦੇ ਪਿੰਡਾਂ ਅਤੇ ਸ਼ਹਿਰੀ ਵਾਰਡਾਂ ਵਿੱਚ ਘਰ-ਘਰ ਤੱਕ ਪਹੁੰਚ ਕਰਦਿਆਂ ਲੋਕਾਂ ਨੂੰ ਨਸ਼ਿਆਂ ਦੇ ਖ਼ਿਲਾਫ਼ ਜਾਗਰੂਕ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਇਸ ਸਮਾਜਕ ਬੁਰਾਈ ਦੇ ਖਾਤਮੇ ਲਈ ਇਕਜੁੱਟ ਵੀ ਕਰ ਰਹੀ ਹੈ। ਡਿਪਟੀ ਕਮਿਸ਼ਨਰ ਸੰਗਰੂਰ ਰਾਹੁਲ ਚਾਬਾ ਨੇ ਦੱਸਿਆ ਕਿ ਨਸ਼ਿਆਂ ਵਿਰੁੱਧ ਚੱਲ ਰਹੀ ਇਹ ਪੈਦਲ ਯਾਤਰਾ ਰੋਜ਼ਾਨਾ ਜ਼ਿਲ੍ਹੇ ਦੇ ਦਰਜਨਾਂ ਪਿੰਡਾਂ ਅਤੇ ਸ਼ਹਿਰੀ ਵਾਰਡਾਂ ਵਿੱਚ ਪੁੱਜ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਇਸ ਯਾਤਰਾ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ, ਜੋ ਇਹ ਸਾਬਤ ਕਰਦਾ ਹੈ ਕਿ ਨਸ਼ਿਆਂ ਖ਼ਿਲਾਫ਼ ਵਿੱਢੀ ਗਈ ਇਹ ਲੜਾਈ ਹੁਣ ਇੱਕ ਵਿਸ਼ਾਲ ਲੋਕ ਲਹਿਰ ਦਾ ਰੂਪ ਧਾਰ ਰਹੀ ਹੈ। ਉਨ੍ਹਾਂ ਦੱਸਿਆ ਕਿ ਅੱਜ ਇਹ ਪੈਦਲ ਯਾਤਰਾ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਦੇ ਪਿੰਡਾਂ ਵਿਚ ਅਤੇ ਸ਼ਹਿਰ ਭਵਾਨੀਗੜ੍ਹ ਅਤੇ ਸੁਨਾਮ ਦੇ ਵੱਖ-ਵੱਖ ਵਾਰਡਾਂ ਵਿਚ ਪੁੱਜੀ ਜਿਥੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਇਆ ਗਿਆ। ਡੀ ਸੀ ਸ੍ਰੀ ਚਾਬਾ ਨੇ ਜ਼ਿਲ੍ਹਾ ਵਾਸੀਆਂ ਦੀ ਭੂਮਿਕਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਹੀ ਨਸ਼ਿਆਂ ਵਿਰੁੱਧ ਇਹ ਮੁਹਿੰਮ ਸਫਲ ਬਣ ਸਕਦੀ ਹੈ ਅਤੇ ਜ਼ਿਲ੍ਹੇ ਨੂੰ ਨਸ਼ਾ ਮੁਕਤ ਬਣਾਉਣ ਦਾ ਟੀਚਾ ਪ੍ਰਾਪਤ ਕੀਤਾ ਜਾ ਸਕਦਾ ਹੈ। ਉਨ੍ਹਾਂ ਸਾਰੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਖ਼ਿਲਾਫ਼ ਇਸ ਲੋਕ ਲਹਿਰ ਦਾ ਹਿੱਸਾ ਬਣਨ ਅਤੇ ਪ੍ਰਸ਼ਾਸਨ ਦਾ ਪੂਰਾ ਸਾਥ ਦੇਣ।
ਸ਼ੇਰਪੁਰ/ਧੂਰੀ (ਬੀਰਬਲ ਰਿਸ਼ੀ/ਪਵਨ ਵਰਮਾ): ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਦੀ ਅਗਵਾਈ ਹੇਠ ਹਲਕਾ ਮਹਿਲ ਕਲਾਂ ਤੇ ਬਲਾਕ ਸ਼ੇਰਪੁਰ ਦੇ ਪਿੰਡ ਸਲੇਮਪੁਰ ਵਿੱਚ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਿਆਂ ਖ਼ਿਲਾਫ਼ ਪੈਦਲ ਯਾਤਰਾ ਕੱਢੀ ਗਈ। ਇਸ ਮੌਕੇ ਪੁਲੀਸ ਅਧਿਕਾਰੀਆਂ, ਨਸ਼ਾ ਵਿਰੋਧੀ ਮੁਹਿੰਮ ਦੇ ਕੋਆਰਡੀਨੇਟਰਾਂ, ਵਾਰਡ ਪਹਿਰੇਦਾਰਾਂ ਅਤੇ ਵੱਡੀ ਗਿਣਤੀ ਸਥਾਨਕ ਵਸਨੀਕਾਂ ਨੇ ਭਰਵੀਂ ਸ਼ਮੂਲੀਅਤ ਕੀਤੀ। ਪੈਦਲ ਯਾਤਰਾ ਦੌਰਾਨ ਲੋਕਾਂ ਨੂੰ ਨਸ਼ਿਆਂ ਖ਼ਿਲਾਫ਼ ਲਾਮਬੰਦ ਕੀਤਾ ਗਿਆ। ਇਸ ਦੌਰਾਨ ਸੰਬੋਧਨ ਕਰਦਿਆਂ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਦੂਜੇ ਗੇੜ ਤਹਿਤ ਘਰ-ਘਰ ਤੱਕ ਪਹੁੰਚ ਬਣਾਈ ਜਾ ਰਹੀ ਹੈ ਤਾਂ ਜੋ ਨਸ਼ਿਆਂ ਦੇ ਕੋਹੜ ਨੂੰ ਜੜ੍ਹੋਂ ਖ਼ਤਮ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਖ਼ਾਤਮੇ ਲਈ ਲੋਕਾਂ ਦਾ ਸਾਥ ਜ਼ਰੂਰੀ ਹੈ, ਇਸ ਲਈ ਲੋਕ ਇਸ ਮੁਹਿੰਮ ਨਾਲ ਵਧ-ਚੜ੍ਹ ਕੇ ਜੁੜਨ। ਉਨ੍ਹਾਂ ਦੱਸਿਆ ਕਿ ਧੂਰੀ ਹਲਕੇ ਵਿੱਚ ਨਸ਼ਿਆਂ ਖ਼ਿਲਾਫ਼ ਲਗਾਤਾਰ ਪੈਦਲ ਯਾਤਰਾਵਾਂ ਕੱਢੀਆਂ ਜਾ ਰਹੀਆਂ ਹਨ ਅਤੇ ਘਰ-ਘਰ ਸੰਪਰਕ ਕਰਕੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਇਸ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ, ਜੋ ਸਮਾਜਿਕ ਬਦਲਾਅ ਲਈ ਚੰਗਾ ਸੰਕੇਤ ਹੈ। ਉਨ੍ਹਾਂ ਲੋਕਾਂ ਨੂੰ ਨਸ਼ਿਆਂ ਖਿਲਾਫ਼ ਮੁਹਿੰਮ ਨੂੰ ਸਾਥ ਦੇਣ ਦਾ ਸੱਦਾ ਦਿੱਤਾ। ਪੈਦਲ ਯਾਤਰਾ ਦੌਰਾਨ ਸਲੇਮਪੁਰ ਦੇ ਸਰਪੰਚ ਭੀਮ ਸਿੰਘ, ਚੇਅਰਮੈਨ ਪੀ ਏ ਡੀ ਬੀ ਸ਼ੇਰਪੁਰ ਤਰਲੋਚਨ ਸਿੰਘ, ਮਨਪ੍ਰੀਤ ਸਿੰਘ ਢਿੱਲੋ, ‘ਆਪ’ ਦੇ ਫਾਉਂਡਰ ਮੈਂਬਰ ਜਗਤਾਰ ਸਿੰਘ, ਹਰਮੇਲ ਸਿੰਘ, ਹਰਜਿੰਦਰ ਸਿੰਘ ਕਾਕਾ, ਹਰਪਾਲ ਸਿੰਘ, ਮਹਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਮੌਜੂਦ ਸਨ।
ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਰੈਲੀ ਕੱਢੀ
ਭਵਾਨੀਗੜ੍ਹ (ਮੇਜਰ ਸਿੰਘ ਮੱਟਰਾਂ): ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਅੱਜ ਇੱਥੇ ਸ਼ਹਿਰ ਵਿੱਚ ਜਾਗਰੂਕਤਾ ਰੈਲੀ ਕੱਢੀ ਗਈ। ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਕਮੇਟੀ ਦੇ ia’ਨਲ ਕੋਆਰਡੀਨੇਟਰ ਲਵਦੀਪ ਸ਼ਰਮਾ ਕਾਕੜਾ, ਹਲਕਾ ਕੋਆਰਡੀਨੇਟਰ ਗੁਰਪ੍ਰੀਤ ਸਿੰਘ, ਵਾਇਸ ਕੋਆਰਡੀਨੇਟਰ ਸੰਤਪਾਲ ਸਿੰਘ ਕਪਿਆਲ ਬਲਾਕ ਪ੍ਰਧਾਨ ਹਰੀ ਸਿੰਘ ਬਲਾਕ ,ਚਮਕੌਰ ਸਿੰਘ ਦਿਆਲਪੁਰਾ ਬਲਾਕ ਪ੍ਰਧਾਨ ,ਗੁਰਮੀਤ ਸਿੰਘ ਅਤੇ ਅਵਤਾਰ ਸਿੰਘ ਤਾਰੀ ਨੇ ਦੱਸਿਆ ਕਿ ਨਸ਼ਿਆਂ ਦੇ ਕੋਹੜ ਨੂੰ ਜੜ੍ਹੋਂ ਖਤਮ ਕਰਨ ਲਈ ਪ੍ਰਸ਼ਾਸਨ, ਪੰਚਾਇਤਾਂ ਅਤੇ ਸਮਾਜ ਸੇਵੀ ਸੰਸਥਾਵਾਂ ਨੂੰ ਆਪਸੀ ਤਾਲਮੇਲ ਬਣਾ ਕੇ ਚੱਲਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਨਸ਼ੇ ਸਾਡੇ ਸਮਾਜ ਵਿੱਚ ਵੀ ਬਹੁਤ ਭੈੜਾ ਅਸਰ ਛੱਡਦੇ ਹਨ। ਇਸ ਮੌਕੇ ਪੁਲੀਸ ਅਤੇ ਪ੍ਰਸ਼ਾਸਨਿਕ ਅਧਿਕਾਰੀ ਵੀ ਹਾਜ਼ਰ ਸਨ।

