ਭਵਾਨੀਗੜ੍ਹ: ਖੇਤੀਬਾੜੀ ਵਿਭਾਗ ਨੇ ਟਿੱਡੀ ਦਲ ਬਾਰੇ ਸੁਚੇਤ ਕੀਤਾ ਕਿ ਦੇਸ਼ ਦੇ ਕਈ ਸੂਬਿਆਂ ਵਿੱਚ ਨੁਕਸਾਨ ਕਰਨ ਤੋਂ ਬਾਅਦ ਰਾਜਸਥਾਨ ਦੇ ਚੂਰੁ ਅਤੇ ਹਰਿਆਣਾ ਰਾਜ ਦੇ ਸਿਰਸਾ ਤੋਂ ਪੰਜਾਬ ਹੱਦ ਨਾਲ ਲੱਗਦੇ ਇਲਾਕਿਆਂ ਵਿੱਚ ਟਿੱਡੀ ਦਲ ਦਾ ਹਮਲਾ ਕਿਸੇ ਸਮੇਂ ਵੀ ਹੋ ਸਕਦਾ ਹੈ। ਇਸ ਸਬੰਧੀ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਸਕੱਤਰ ਕਾਹਨ ਸਿੰਘ ਪੰਨੂ ਵੱਲੋਂ ਇੱਕ ਪੱਤਰ ਜਾਰੀ ਕਰਕੇ ਬਠਿੰਡਾ, ਮਾਨਸਾ, ਬਰਨਾਲਾ ਅਤੇ ਸੰਗਰੂਰ ਜ਼ਿਲ੍ਹਿਆਂ ਨੂੰ ਚੌਕਸ ਕੀਤਾ ਗਿਆ ਹੈ ਅਤੇ ਜ਼ਿਲ੍ਹਿਆਂ ਅੰਦਰ ਗਠਿਤ ਕੀਤੀਆਂ ਟੀਮਾਂ ਨੂੰ ਹਾਈ ਅਲਰਟ ’ਤੇ ਰਹਿਣ ਦੇ ਆਦੇਸ਼ ਜਾਰੀ ਕਰ ਦਿੱਤੇ ਹਨ। ਇਸ ਸਬੰਧੀ ਮਨਦੀਪ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ ਭਵਾਨੀਗੜ੍ਹ ਨੇ ਦੱਸਿਆ ਕਿ ਵਿਭਾਗ ਵੱਲੋਂ ਬਲਾਕ ਅੰਦਰ ਕਿਸਾਨਾਂ ਨੂੰ ਟਿੱਡੀ ਦਲ ਦੇ ਸੰਭਾਵਿਤ ਹਮਲੇ ਦੇ ਬਚਾਅ ਲਈ ਜਾਗਰੂਕ ਕੀਤਾ ਗਿਆ ਹੈ। -ਪੱਤਰ ਪ੍ਰੇਰਕ