ਗੁਰਦੀਪ ਸਿੰਘ ਲਾਲੀ
ਸੰਗਰੂਰ, 6 ਜੁਲਾਈ
ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਹੋਣ ਦੀਆਂ ਵਾਪਰੀਆਂ ਘਟਨਾਵਾਂ ਦੀ ਜਾਂਚ ਰਿਪੋਰਟ ਤੋਂ ਸ਼੍ਰੋਮਣੀ ਅਕਾਲੀ ਦਲ ਬਾਗੋਬਾਗ ਹੈ। ਜ਼ਿਲ੍ਹਾ ਸੰਗਰੂਰ ਨਾਲ ਸਬੰਧਤ ਸ੍ਰੋਮਣੀ ਅਕਾਲੀ ਦਲ ਦੇ ਆਗੂਆਂ ਨੇ ਕਿਹਾ ਹੈ ਕਿ ਅਕਾਲੀ ਦਲ ਦੀ ਲੀਡਰਸ਼ਿਪ ਨੂੰ ਬਦਨਾਮ ਕਰਨ ਲਈ ਹੀ ਵਿਰੋਧੀਆਂ ਨੇ ਸਾਜ਼ਿਸ਼ ਰਚੀ ਸੀ ਪਰੰਤੂ ਜਾਂਚ ਰਿਪੋਰਟ ਨੇ ਸਾਬਤ ਕਰ ਦਿੱਤਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦਾ ਦਾਮਨ ਪਹਿਲਾਂ ਵੀ ਪਾਕਿ-ਸਾਫ਼ ਸੀ ਅਤੇ ਅੱਜ ਵੀ ਪਾਕਿ ਸ਼ਾਫ਼ ਹੈ। ਅਕਾਲੀ ਆਗੂਆਂ ਨੇ ਚਿਤਾਵਨੀ ਵੀ ਦਿੱਤੀ ਹੈ ਕਿ ਜਿਹੜੇ ਅਕਾਲੀ ਦਲ ਖ਼ਿਲਾਫ਼ ਕੂੜ ਪ੍ਰਚਾਰ ਕਰਦੇ ਰਹੇ ਹਨ ਉਨ੍ਹਾਂ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ ਕਾਨੂੰਨੀ ਕਾਰਵਾਈ ਕਰਨ ਤੋਂ ਗੁਰੇਜ਼ ਨਹੀਂ ਕਰੇਗਾ। ਇਥੇ ਗੁਰਦੁਆਰਾ ਨਾਨਕਿਆਣਾ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਬਲਦੇਵ ਸਿੰਘ ਮਾਨ, ਬਾਬੂ ਪ੍ਰਕਾਸ਼ ਚੰਦ ਗਰਗ, ਭਾਈ ਗੋਬਿੰਦ ਸਿੰਘ ਲੌਂਗੋਵਾਲ, ਇਕਬਾਲ ਸਿੰਘ ਝੂੰਦਾਂ ਸਮੇਤ ਸਮੁੱਚੀ ਜ਼ਿਲ੍ਹਾ ਲੀਡਰਸ਼ਿਪ ਨੇ ਪ੍ਰੈਸ ਕਾਨਫਰੰਸ ਕੀਤੀ ਗਈ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਇਹ ਅਪੀਲ ਵੀ ਕੀਤੀ ਕਿ ਮਾੜੇ ਤੇ ਝੂਠੇ ਲੋਕਾਂ ਨੂੰ ਮੂੰਹ ਨਾ ਲਾਉਣ ਅਤੇ ਸ਼੍ਰੋਮਣੀ ਅਕਾਲੀ ਦਲ ’ਤੇ ਵਿਸ਼ਵਾਸ਼ ਕਰਨ। ਇਸ ਮੌਕੇ ਤੇਜਾ ਸਿੰਘ ਕਮਾਲਪੁਰ, ਗੁਲਜ਼ਾਰ ਸਿੰਘ ਮੂਣਕ ਆਦਿ ਮੌਜੂਦ ਸਨ।