ਮੁੱਖ ਮੰਤਰੀ ਦੀ ਕੋਠੀ ਅੱਗੇ ਪੱਕਾ ਮੋਰਚਾ ਤਬਦੀਲ ਕਰਨ ਦੀ ਚਿਤਾਵਨੀ
ਬੇਰੁਜ਼ਗਾਰ ਸਾਂਝੇ ਮੋਰਚੇ ਦੀ ਅਗਵਾਈ ਹੇਠ ਬੇਰੁਜ਼ਗਾਰਾਂ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਅਣਮਿੱਥੇ ਸਮੇਂ ਲਈ ਲਗਾਏ ਸੂਬਾ ਪੱਧਰੀ ਪੱਕੇ ਮੋਰਚੇ ਨੂੰ ਦੋ ਮਹੀਨੇ ਪੂਰੇ ਹੋ ਗਏ ਹਨ। ਅੱਜ ਪੱਕੇ ਮੋਰਚੇ ਦੇ 60ਵੇਂ ਦਿਨ ਬੇਰੁਜ਼ਗਾਰ ਸਾਂਝੇ ਮੋਰਚੇ ਦੇ ਸੂਬਾਈ ਆਗੂਆਂ ਨੇ...
ਬੇਰੁਜ਼ਗਾਰ ਸਾਂਝੇ ਮੋਰਚੇ ਦੀ ਅਗਵਾਈ ਹੇਠ ਬੇਰੁਜ਼ਗਾਰਾਂ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਅਣਮਿੱਥੇ ਸਮੇਂ ਲਈ ਲਗਾਏ ਸੂਬਾ ਪੱਧਰੀ ਪੱਕੇ ਮੋਰਚੇ ਨੂੰ ਦੋ ਮਹੀਨੇ ਪੂਰੇ ਹੋ ਗਏ ਹਨ। ਅੱਜ ਪੱਕੇ ਮੋਰਚੇ ਦੇ 60ਵੇਂ ਦਿਨ ਬੇਰੁਜ਼ਗਾਰ ਸਾਂਝੇ ਮੋਰਚੇ ਦੇ ਸੂਬਾਈ ਆਗੂਆਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਜਲਦ ਮੰਗਾਂ ਪੂਰੀਆਂ ਨਾ ਕੀਤੀਆਂ ਤਾਂ ਪੱਕਾ ਮੋਰਚਾ ਡੀ ਸੀ ਦਫ਼ਤਰ ਤੋਂ ਮੁੱਖ ਮੰਤਰੀ ਦੀ ਕੋਠੀ ਅੱਗੇ ਤਬਦੀਲ ਕੀਤਾ ਜਾਵੇਗਾ।
ਬੇਰੁਜ਼ਗਾਰ ਸਾਂਝੇ ਮੋਰਚੇ ਦੇ ਕਨਵੀਨਰ ਸੁਖਵਿੰਦਰ ਸਿੰਘ ਢਿੱਲਵਾਂ, ਰਮਨ ਕੁਮਾਰ ਮਲੋਟ ਅਤੇ ਅਮਨ ਸੇਖਾ ਨੇ ਦੱਸਿਆ ਕਿ ਬੇਰੁਜ਼ਗਾਰਾਂ ਨੇ ਹੁਣ ਤੱਕ ਦੇ ਪੱਕੇ ਮੋਰਚੇ ਦੇ ਸੰਘਰਸ਼ ਦਾ ਲੇਖਾ ਜੋਖਾ ਕਰਕੇ ਆਉਂਦੇ ਦਿਨਾਂ ਵਿੱਚ ਸੰਘਰਸ਼ ਨੂੰ ਤਿੱਖਾ ਕਰਨ ਸਬੰਧੀ ਵਿਚਾਰ ਵਟਾਂਦਰਾ ਕੀਤਾ। ਆਗੂਆਂ ਨੇ ਮਹਿਸੂਸ ਕੀਤਾ ਕਿ ਭਰਤੀ ਕੈਲੰਡਰ ਲਾਗੂ ਕਰਨ ਦਾ ਵਾਅਦਾ ਕਰਨ ਵਾਲੀ ਸਰਕਾਰ ਪੰਜਾਬ ਦੇ ਹਰੇਕ ਵਰਗ ਨੂੰ ਨਪੀੜਨ ਦੇ ਰਾਹ ਤੁਰੀ ਹੈ। ਉਨ੍ਹਾਂ ਪਿਛਲੇ ਦਿਨੀਂ 18 ਫਰਵਰੀ ਨੂੰ ਸਿੱਖਿਆ ਸਕੱਤਰ ਸੋਨਾਲੀ ਗਿਰੀ ਨਾਲ ਹੋਈ ਮੀਟਿੰਗ ਦਾ ਹਵਾਲਾ ਦੇ ਕੇ ਮੰਗ ਕੀਤੀ ਕਿ ਸ੍ਰੀਮਤੀ ਗਿਰੀ ਆਪਣੇ ਵਾਅਦੇ ਅਨੁਸਾਰ ਅਗਲੀ ਮੀਟਿੰਗ ਜਲਦ ਕਰਨ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਵਾਅਦਾਖਿਲਾਫੀ ਹੋਈ ਤਾਂ ਉਹ ਜਲਦੀ ਆਪਣਾ ਪੱਕਾ ਮੋਰਚਾ ਮੁੱਖ ਮੰਤਰੀ ਦੀ ਕੋਠੀ ਅੱਗੇ ਲੈ ਕੇ ਜਾਣਗੇ। ਬੇਰੁਜ਼ਗਾਰ ਆਗੂਆਂ ਨੇ ਦੱਸਿਆ ਕਿ ਉਨ੍ਹਾਂ ਨੇ ਸਰਕਾਰੀ ਜਬਰ ਦੇ ਟਾਕਰੇ ਅਤੇ ਬੇਰੁਜ਼ਗਾਰਾਂ ਦੇ ਹਿੱਤਾਂ ਲਈ ਪੰਜਾਬ ਦੇ ਸਮੂਹ ਬੇਰੁਜ਼ਗਾਰਾਂ ਖਾਸ ਕਰਕੇ ਬੇਰੁਜ਼ਗਾਰ ਬੀ ਐੱਡ ਯੂਨੀਅਨ ਨੂੰ ਸਾਂਝੇ ਮੋਰਚੇ ਵਿੱਚ ਸ਼ਾਮਲ ਹੋਣ ਦਾ ਮੁੜ ਸੱਦਾ ਵੀ ਦਿੱਤਾ ਹੈ। ਉਨ੍ਹਾਂ ਮੰਗ ਕੀਤੀ ਕਿ ਮਾਸਟਰ ਕੇਡਰ ਅਤੇ ਲੈਕਚਰਾਰ ਦੇ ਸਾਰੇ ਵਿਸ਼ਿਆਂ ਦੀਆਂ ਖਾਲੀ ਅਸਾਮੀਆਂ, ਉਮਰ ਹੱਦ ਛੋਟ, ਮਾਸਟਰ ਕੇਡਰ ਵਿੱਚ ਥੋਪੀ 55 ਲਾਜ਼ਮੀ ਅੰਕਾਂ ਦੀ ਬੇਤੁਕੀ ਸ਼ਰਤ ਰੱਦ ਕਰਵਾਉਣ, ਆਰਟ ਐਂਡ ਕਰਾਫਟ ਦੀਆਂ 250 ਅਸਾਮੀਆਂ ਦੀ ਲਿਖਤੀ ਪ੍ਰੀਖਿਆ ਕਰਵਾਉਣ ਅਤੇ ਸਿਹਤ ਵਿਭਾਗ ਵਿੱਚ ਮਲਟੀ ਪਰਪਜ਼ ਹੈਲਥ ਵਰਕਰ (ਪੁਰਸ਼)ਦੀਆਂ ਸਾਰੀਆਂ ਖਾਲੀ ਅਸਾਮੀਆਂ ਉਮਰ ਹੱਦ ਛੋਟ ਸਮੇਤ ਜਾਰੀ ਕਰਵਾਉਣ ਤੱਕ ਪੱਕਾ ਮੋਰਚਾ ਜਾਰੀ ਰਹੇਗਾ। ਇਸ ਮੌਕੇ ਗੁਰਪ੍ਰੀਤ ਸਿੰਘ ਪੱਕਾ ਕਲਾਂ, ਮਨਜੀਤ ਕੌਰ, ਅਮਨਦੀਪ ਕੌਰ, ਰਾਜਵੀਰ ਕੌਰ, ਸੁਖਪਾਲ ਖਾਨ, ਜਸਪਾਲ ਸਿੰਘ ਤੇ ਹਰਵਿੰਦਰ ਸਿੰਘ ਬਠਿੰਡਾ ਆਦਿ ਹਾਜ਼ਰ ਸਨ।

