ਮਾਲੇਰਕੋਟਲਾ (ਹੁਸ਼ਿਆਰ ਸਿੰਘ ਰਾਣੂ): ਕਲਾਸ ਫੋਰ ਗੌਰਮਿੰਟ ਐਂਪਲਾਈਜ਼ ਯੂਨੀਅਨ ਦੇ ਆਗੂਆਂ ਵੱਲੋਂ ਤਹਿਸੀਲ ਪ੍ਰਦਾਨ ਨੇਤਰ ਸਿੰਘ ਅਤੇ ਸ਼ਮਸ਼ੇਰ ਸਿੰਘ ਉਪੋਕੀ ਦੀ ਅਗਵਾਈ ਹੇਠ ਅੱਜ ਸਥਾਨਕ ਖ਼ਜ਼ਾਨਾ ਦਫ਼ਤਰ ਅੱਗੇ ਪੰਜਾਬ ਸਰਕਾਰ ਦੀ ਅਰਥੀ ਫ਼ੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਚੋਣਾਂ ਦੌਰਾਨ ਮੁਲਾਜ਼ਮਾਂ ਨਾਲ ਕੀਤੇ ਵਾਅਦੇ ਕਰਨ ਤੋਂ ਮੁਕਰ ਗਈ ਹੈ। ਸਰਕਾਰ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਜਾਰੀ ਕਰਨ,ਮੁਲਾਜ਼ਮ ਵੈਲਫੇਅਰ ਐਕਟ 2016 ਲਾਗੂ ਕਰਨ,ਮਹਿੰਗਾਈ ਭੱਤੇ ਦੀਆਂ 4 ਕਿਸ਼ਤਾਂ ਦੇਣ ਤੋਂ ਪਾਸਾ ਵਟ ਗਈ ਹੈ ਤੇ 148 ਮਹੀਨੇ ਦਾ ਬਕਾਇਆ ਦੇਣ ਦੀ ਬਜਾਏ 200 ਰੁਪਏ ਜਜ਼ੀਆ ਟੈਕਸ ਦੀ ਵਸੂਲੀ ਕਰ ਰਹੀ ਹੈ ਤੇ ਮੋਬਾਈਲ ਭੱਤੇ ਵਿੱਚ 40-50 ਫ਼ੀਸਦੀ ਕਟੌਤੀ ਕਰ ਦਿੱਤੀ ਹੈ, ਨਵੀਂ ਭਰਤੀ ਮੁਲਾਜ਼ਮਾਂ ‘ਤੇ ਕੇਂਦਰੀ ਤਨਖ਼ਾਹ ਸਕੇਲ ਲਾਗੂ ਕਰਕੇ ਧੱਕੇਸ਼ਾਹੀ ਕਰ ਰਹੀ ਹੈ। ਮੁਲਾਜ਼ਮ ਆਗੂ ਰਣਜੀਤ ਸਿੰਘ ਰਾਣਵਾਂ ਨੇ ਕਿਹਾ ਕਿ ਕੈਪਟਨ ਸਰਕਾਰ ਦੀਆਂ ਵਾਅਦਾਖ਼ਿਲਾਫ਼ੀਆਂ ਦਾ ਖਮਿਆਜ਼ਾ ਕਾਂਗਰਸ ਪਾਰਟੀ ਨੂੰ ਆਉਣ ਵਾਲੀਆਂ ਚੋਣਾਂ ਵਿੱਚ ਭੁਗਤਣਾ ਪਵੇਗਾ।