ਪਵਨ ਕੁਮਾਰ ਵਰਮਾ/ਹਰਦੀਪ ਸਿੰਘ ਸੋਢੀ
ਧੂਰੀ, 29 ਜੂਨ
ਅਤਿ ਦੀ ਗਰਮੀ ’ਚ ਪਿਛਲੇ ਵੀਹ ਦਿਨਾਂ ਤੋਂ ਪੀਣ ਵਾਲੇ ਪਾਣੀ ਲਈ ਤਰਸਦੇ ਪਿੰਡ ਰਾਜੋਮਾਜਰਾ ਦੇ ਲੋਕਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਧੂਰੀ ਵਿੱਚ ਤੋਤਾਪੁਰੀ ਰੋਡ ’ਤੇ ਸਥਿਤ ਦਫ਼ਤਰ ਅੱਗੇ ਧਰਨਾ ਲਾਇਆ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਪੀਣ ਵਾਲੇ ਪਾਣੀ ਦੀ ਸਮੱਸਿਆ ਹੱਲ ਕਰਨ ਦੀ ਮੰਗ ਕੀਤੀ।
ਇਸ ਮੌਕੇ ਪਿੰਡ ਵਾਸੀਆਂ ਰਣਜੀਤ ਸਿੰਘ, ਅਮਰੀਕ ਸਿੰਘ, ਸੱਤਪਾਲ ਸਿੰਘ, ਅਵਤਾਰ ਸਿੰਘ, ਜਰਨੈਲ ਸਿੰਘ, ਕੁਲਦੀਪ ਸਿੰਘ, ਸਾਬਕਾ ਪੰਚਾਇਤ ਮੈਂਬਰ ਭੁਪਿੰਦਰ ਕੌਰ ਅਤੇ ਸ਼ਿੰਦਰ ਕੌਰ ਨੇ ਦੱਸਿਆ ਕਿ ਪਿੰਡ ਦੇ ਵਾਟਰ ਵਰਕਸ ਤੋਂ ਪੀਣ ਵਾਲੇ ਪਾਣੀ ਦੀ ਸਪਲਾਈ ਨਾ ਮਿਲਣ ਕਾਰਨ ਉਹ ਇਸ ਅਤਿ ਦੀ ਗਰਮੀ ਦੇ ਮੌਸਮ ਦੇ ਬਾਵਜੂਦ ਪਿਛਲੇ ਕਰੀਬ ਵੀਹ ਦਿਨਾਂ ਤੋਂ ਜਿੱਥੇ ਪੀਣ ਵਾਲੇ ਪਾਣੀ ਨੂੰ ਤਰਸ ਰਹੇ ਹਨ, ਉੱਥੇ ਨਹਾਉਣ ਤੇ ਕੱਪੜੇ ਧੋਣ ਵੀ ਔਖੇ ਹੋ ਰਹੇ ਹਨ ਅਤੇ ਪੀਣ ਵਾਲੇ ਪਾਣੀ ਦੀ ਸਮੱਸਿਆ ਦੇ ਬਾਵਜੂਦ ਉਨ੍ਹਾਂ ਨੂੰ ਪਿੰਡ ਦੇ ਲੋਕ ਵੀ ਆਪਣੀਆਂ ਮੋਟਰਾਂ ਤੋਂ ਪਾਣੀ ਦੇਣ ਤੋਂ ਇਨਕਾਰ ਕਰ ਰਹੇ ਹਨ।
ਉਨ੍ਹਾਂ ਦੱਸਿਆ ਕਿ ਸਮੱਸਿਆ ਦੇ ਹੱਲ ਲਈ ਉਹ ਸਬੰਧਤ ਵਿਭਾਗ ਦੇ ਅਧਿਕਾਰੀਆਂ ਸਮੇਤ ਸਭ ਨੂੰ ਜਾਣੂ ਕਰਵਾ ਚੁੱਕੇ ਹਨ, ਪਰ ਕਿਸੇ ਨੇ ਅਜੇ ਤੱਕ ਉਨ੍ਹਾਂ ਦੀ ਸਮੱਸਿਆ ਨੂੰ ਹੱਲ ਕਰਵਾਉਣ ਲਈ ਗੰਭੀਰਤਾ ਨਹੀਂ ਦਿਖਾਈ। ਪਹਿਲਾਂ ਵਿਭਾਗ ਵਾਲਿਆਂ ਦਾ ਕਹਿਣਾ ਸੀ ਕਿ ਵਾਟਰ ਵਰਕਸ ਦੀ ਮੋਟਰ ਮੱਚ ਗਈ ਹੈ ਅਤੇ ਹੁਣ ਉਨ੍ਹਾਂ ਮੁਤਾਬਕ ਬੋਰ ਬੈਠ ਗਿਆ ਹੈ। ਉਨ੍ਹਾਂ ਸਮੱਸਿਆ ਦਾ ਫੌਰੀ ਹੱਲ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਜਦੋਂ ਤੱਕ ਸਮੱਸਿਆ ਦਾ ਹੱਲ ਨਹੀਂ ਹੁੰਦਾ, ਉਦੋਂ ਤੱਕ ਵਿਭਾਗ ਟੈਂਕਰਾਂ ਨਾਲ ਪੀਣ ਵਾਲੇ ਪਾਣੀ ਦੀ ਸਪਲਾਈ ਘਰ-ਘਰ ਦੇਣ ਦਾ ਪ੍ਰਬੰਧ ਕਰੇ। ਮੌਕੇ ’ਤੇ ਮੌਜੂਦ ਡੀਐੱਸਪੀ ਧੂਰੀ ਪਰਮਿੰਦਰ ਸਿੰਘ ਅਤੇ ਐੱਸਐੱਚਓ ਸਿਟੀ ਹਰਜਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਪਿੰਡ ਦੇ ਲੋਕਾਂ ਦੀ ਸਮੱਸਿਆ ਦਾ ਹੱਲ ਕਰਵਾਉਣ ਲਈ ਮਹਿਕਮੇ ਦੇ ਸਬੰਧਤ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਜਾ ਰਹੀ ਹੈ।