ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਕਾਮਿਆਂ ਵੱਲੋਂ ਧਰਨਾ
ਗੁਰਦੀਪ ਸਿੰਘ ਲਾਲੀ
ਸੰਗਰੂਰ, 5 ਜੁਲਾਈ
ਪੰਜਾਬ ਵਾਟਰ ਸਪਲਾਈ ਸੀਵਰੇਜ ਬੋਰਡ ਆਊਟ ਸੋਰਸ ਵਰਕਰ ਯੂਨੀਅਨ ਦੀ ਅਗਵਾਈ ਹੇਠ ਆਊਟਸੋਰਸ ਕਾਮਿਆਂ ਦੀ ਬੇਮਿਆਦੀ ਹੜਤਾਲ 26ਵੇਂ ਦਿਨ ਵੀ ਜਾਰੀ ਰਹੀ ਅਤੇ ਕਾਮਿਆਂ ਵਲੋਂ ਇਥੇ ਵਿਭਾਗ ਦੇ ਦਫ਼ਤਰ ਅੱਗੇ ਰੋਸ ਧਰਨਾ ਦਿੱਤਾ ਗਿਆ ਅਤੇ ਸਰਕਾਰ ਦੇ ਨਾਂਹ-ਪੱਖੀ ਰਵੱਈਏ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ।
ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਨਿਵਾਸ ਸ਼ਰਮਾ ਨੇ ਦੱਸਿਆ ਕਿ 10 ਜੂਨ ਤੋਂ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਦੇ ਆਊਟਸੋਰਸ ਕਾਮੇ ਬੇਮਿਆਦੀ ਹੜਤਾਲ ’ਤੇ ਹਨ ਪਰ ਸਰਕਾਰ ਵਲੋਂ ਕੋਈ ਸੁਣਵਾਈ ਨਹੀਂ ਹੋ ਰਹੀ। 4 ਜੁਲਾਈ ਨੂੰ ਸ਼ਹਿਰ ਵਿੱਚ ਝੰਡਾ ਮਾਰਚ ਕਰਨ ਦਾ ਐਲਾਨ ਕੀਤਾ ਗਿਆ ਸੀ, ਜਿਸ ਕਾਰਨ ਸਰਕਾਰ ਵੱਲੋਂ ਯੂਨੀਅਨ ਨੂੰ 9 ਜੁਲਾਈ ਨੂੰ ਕੈਬਨਿਟ ਸਬ-ਕਮੇਟੀ ਨਾਲ ਮੀਟਿੰਗ ਦਾ ਭਰੋਸਾ ਦਿੱਤਾ ਗਿਆ ਹੈ ਜਿਸ ਕਾਰਨ ਝੰਡਾ ਮਾਰਚ ਮੁਲਤਵੀ ਕਰ ਦਿੱਤਾ ਸੀ ਪਰ ਹੜਤਾਲ ਜਾਰੀ ਹੈ। ਉਨ੍ਹਾਂ ਕਿਹਾ ਕਿ ਹੁਣ 9 ਜੁਲਾਈ ਨੂੰ ਕੈਬਨਿਟ ਸਬ-ਕਮੇਟੀ ਨਾਲ ਹੋਣ ਵਾਲੀ ਮੀਟਿੰਗ ’ਤੇ ਉਮੀਦ ਹੈ। ਉਨ੍ਹਾਂ ਮੰਗ ਕੀਤੀ ਕਿ ਕੱਚੇ ਮੁਲਾਜ਼ਮਾਂ ਨੂੰ ਮਹਿਕਮੇ ਵਿੱਚ ਬਿਨਾਂ ਸ਼ਰਤ ਮਹਿਕਮੇ ਵਿੱਚ ਮਰਜ ਕਰਕੇ ਰੈਗੂਲਰ ਕਰੇ, 1948 ਕਿਰਤ ਕਾਨੂੰਨ ਮੁਤਾਬਿਕ ਉਹਨਾਂ ਨੂੰ ਗੁਜ਼ਾਰੇ ਜੋਗੀ ਤਨਖਾਹ ਕੀਤੀ ਜਾਵੇ ਅਤੇ ਸੇਵਾ ਮੁਕਤੀ ਦੀ ਕਗਾਰ ’ਤੇ ਮੁਲਾਜ਼ਮਾਂ ਦੀ ਨੌਕਰੀ ਦੀ ਉਮਰ 65 ਸਾਲ ਕੀਤੀ ਜਾਵੇ। ਜੇਕਰ 9 ਜੁਲਾਈ ਦੀ ਮੀਟਿੰਗ ’ਚ ਮੰਗਾਂ ਦਾ ਹੱਲ ਨਾ ਹੋਇਆ ਤਾਂ 10 ਜੁਲਾਈ ਤੋਂ ਕਿਸੇ ਵੀ ਤਰ੍ਹਾਂ ਦਾ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ, ਜਿਸ ਦੀ ਪੂਰਨ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਇਸ ਮੌਕੇ ਗੁਰਜੰਟ ਸਿੰਘ ਉਗਰਾਹਾਂ ,ਜਗਸੀਰ ਸਿੰਘ, ਪਵਨ ਕੁਮਾਰ, ਅਮਨਦੀਪ ਸੋਨੂੰ, ਹਰਦੀਪ ਕੁਮਾਰ ਸੰਗਰੂਰ ਹਾਜ਼ਰ ਸਨ।