ਰਣਜੀਤ ਸਿੰਘ ਸ਼ੀਤਲ
ਦਿੜ੍ਹਬਾ ਮੰਡੀ, 6 ਮਾਰਚ
ਆਮ ਆਦਮੀ ਪਾਰਟੀ ਦੇ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਵਿਧਾਇਕ ਹਲਕਾ ਦਿੜ੍ਹਬਾ ਨੇ ਦਾਅਵਾ ਕੀਤਾ ਕਿ 10 ਮਾਰਚ ਨੂੰ ਵੋਟਾਂ ਦੀ ਗਿਣਤੀ ਦੇ ਹੈਰਾਨੀਜਨਕ ਨਤੀਜੇ ਸਾਹਮਣੇ ਆਉਣਗੇ ਅਤੇ ਭਾਰੀ ਬਹੁਮਤ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਜਾ ਰਹੀ ਹੈ ਤੇ ਪੰਜਾਬ ਦੀਆਂ ਰਵਾਇਤੀ ਪਾਰਟੀਆਂ ਦੇ ਉਹ ਵੱਡੇ ਵੱਡੇ ਲੀਡਰ ਜਿਹੜੇ ਆਪਣੇ ਆਪ ਨੂੰ ਦਿੱਗਜ ਨੇਤਾ ਕਹਾਉਂਦੇ ਹਨ ਤੇ ਕਹਿੰਦੇ ਸਨ ਕਿ ਅਸੀਂ ਵੋਟਾਂ ਵਿੱਚ ਕਦੇ ਵੀ ਹਾਰਦੇ ਨਹੀਂ, ਐਤਕੀਂ ਇਨ੍ਹਾਂ ਚੋਣਾਂ ਵਿੱਚ ਪੰਜਾਬ ਦੇ ਲੋਕ ਉਨ੍ਹਾਂ ਦੀਆਂ ਜ਼ਮਾਨਤਾਂ ਜ਼ਬਤ ਕਰਵਾ ਰਹੇ ਹਨ। ਉਨ੍ਹਾਂ ਦੱਸਿਆ ਕਿ ਰਵਾਇਤੀ ਪਾਰਟੀਆਂ ਦੀਆਂ ਮਾੜੀਆਂ ਨੀਤੀਆਂ ਕਾਰਨ ਨਸ਼ਾ ਤੇ ਭਿ੍ਸ਼ਟਾਚਾਰ ਪੂਰੇ ਜੋਬਨ ’ਤੇ ਸੀ ਤੇ ਨਸ਼ੇ ਵਿੱਚ ਪੰਜਾਬ ਦੀ ਜਵਾਨੀ ਤਬਾਹ ਹੋ ਰਹੀ ਹੈ ਪ੍ਰੰਤੂ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਉਪਰੰਤ ਲੋਕਾਂ ਦੀਆਂ ਉਮੀਦਾਂ ਅਨੁਸਾਰ ਪੰਜਾਬ ਦੇ ਵਿਕਾਸ ਦੀ ਨਵੀਂ ਸ਼ੁਰੂਆਤ ਕੀਤੀ ਜਾਵੇਗੀ ਜਿਸ ਵਿੱਚ ਸਿੱਖਿਆ ਅਤੇ ਸਿਹਤ ਸਹੂਲਤਾਂ ਵਿੱਚ ਵੱਡੇ ਸੁਧਾਰ ਲਿਆਉਣ ਤੋਂ ਇਲਾਵਾ ਬੇਰੁਜ਼ਗਾਰੀ, ਭ੍ਰਿਸ਼ਟਾਚਾਰ ਤੇ ਨਸ਼ੇ ਨੂੰ ਪਹਿਲ ਦੇ ਅਧਾਰ ’ਤੇ ਖ਼ਤਮ ਕੀਤਾ ਜਾਵੇਗਾ ਤੇ ਪੰਜਾਬ ਵਿੱਚ ਰੁਜ਼ਗਾਰ ਦੇ ਸਾਧਨ ਪੈਦਾ ਕੀਤੇ ਜਾਣਗੇ ਅਤੇ ਲੋਕਾਂ ਨੂੰ ਸਾਫ-ਸੁੱਥਰਾ ਪ੍ਰਸ਼ਾਸਨ ਮੁਹੱਈਆ ਕਰਵਾਇਆ ਜਾਵੇਗਾ।