ਹਰਦੀਪ ਸਿੰਘ ਸੋਢੀ
ਧੂਰੀ, 13 ਮਈ
ਕੇਂਦਰ ਸਰਕਾਰ ਵੱਲੋਂ ਲਿਆਂਦੇ ਖੇਤੀ ਕਾਨੂੰਨਾਂ ਤੇ ਹੋਰ ਮੰਗਾਂ ਨੂੰ ਮਨਾਉਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਲੱਡਾ ਟੌਲ ਪਲਾਜ਼ਾ ਕੋਲ ਲੱਗਾ ਧਰਨਾ ਹਰਪਾਲ ਸਿੰਘ ਪੇਧਨੀ ਦੀ ਅਗਵਾਈ ਵਿੱਚ 225 ਵੇਂ ਦਿਨ ਵੀ ਜਾਰੀ ਰਿਹਾ। ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੱਕ ਧਰਨੇ ਦੇਣ ਦੀ ਗੱਲ ਕਹੀ। ਇਸ ਮੌਕੇ ਕਿਸਾਨ ਆਗੂਆ ਨੇ ਕਿਹਾ ਕਿ ਪੰਜਾਬ ਅੰਦਰ ਕਾਰਪੋਰੇਟ ਘਰਾਣਿਆ ਦਾ ਕੋਈ ਵਪਾਰ ਨਹੀਂ ਚੱਲਣ ਦਿੱਤਾ ਜਾਵੇਗਾ ਤੇ ਇਨ੍ਹਾਂ ਘਰਾਣਿਆਂ ਤੇ ਕੇਂਦਰ ਸਰਕਾਰ ਦਾ ਵਿਰੋਧ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਚੰਦ ਅਮੀਰ ਪਰਿਵਾਰਾਂ ਦਾ ਢਿੱਡ ਭਰਨ ਲਈ ਨਵੇਂ-ਨਵੇਂ ਕਾਨੂੰਨ ਪਾਸ ਕਰ ਕੇ ਦੇਸ਼ ਦੇ ਕਿਸਾਨਾਂ ਨਾਲ ਧੋਖਾ ਕਰ ਰਹੀ ਹੈ। ਉਨ੍ਹਾਂ ਕਿਹਾ ਸਮੁੱਚਿਆ ਕਿਸਾਨ ਜਥੇਬੰਦੀਆਂ ਹੁਣ ਉੱਤਰ ਪ੍ਰਦੇਸ਼ ਵਿੱਚ ਜਾ ਕੇ ਖੇਤੀ ਕਾਨੂੰਨਾਂ ਦੇ ਕਿਸਾਨਾਂ ਨੂੰ ਹੋਣ ਵਾਲੇ ਨੁਕਸਾਨਾਂ ਤੋਂ ਜਾਣੂ ਕਰਵਾਉਣਗੀਆਂ। ਉਨ੍ਹਾਂ ਕਿਹਾ ਕਿ ਦੇਸ਼ ਅੰਦਰ ਕਰੋਨਾ ਮਹਾਮਾਰੀ ਦੀ ਆੜ ਹੇਠ ਕੇਂਦਰ ਸਰਕਾਰ ਕਿਸਾਨੀ ਸੰਘਰਸ਼ ਨੂੰ ਖਤਮ ਕਰਵਾਉਣ ਦੀ ਤਾਕ ਵਿਚ ਹੈ ਪਰ ਕਿਸਾਨ ਜਥੇਬੰਦੀਆਂ ਅਪਣੀਆ ਮੰਗਾਂ ਨੂੰ ਮਨਾਉਣ ਲਈ ਹਰ ਕੁਰਬਾਨੀ ਦੇਣ ਲਈ ਤਿਆਰ ਹਨ। ਇਸ ਮੌਕੇ ਗੁਰਜੀਤ ਸਿੰਘ ਲੱਡਾ, ਦਰਸ਼ਨ ਸਿੰਘ ਕਿਲ੍ਹਾ ਹਕੀਮਾਂ, ਜਸਪਾਲ ਸਿੰਘ ਪੇਧਨੀ, ਗੁਰਜੰਟ ਸਿੰਘ, ਰਾਮ ਸਿੰਘ ਕੱਕੜਵਾਲ, ਜਸਪਾਲ ਪੇਧਨੀ, ਹਮੀਰ ਸਿੰਘ ਬੇਨੜਾ, ਗੁਰਮੀਤ ਕੌਰ ਬੇਨੜਾ,ਗੁਰੀ ਮਾਨ ਧੂਰੀ, ਗੁਰਜੰਟ ਸਿੰਘ, ਭਿੰਦਰ ਕੋਰ ਲੱਡਾ ਵੀ ਹਾਜ਼ਰ ਸਨ।
ਲਹਿਰਾਗਾਗਾ (ਰਾਮੇਸ਼ ਭਾਰਦਵਾਜ): ਇਥੇ ਰਿਲਾਇੰਸ ਪੰਪ ਅੱਗੇ ਮਹਿਲਾ ਵਿੰਗ ਦੀ ਬਲਾਕ ਪ੍ਰਧਾਨ ਕਰਮਜੀਤ ਕੌਰ ਭੁਟਾਲ ਦੀ ਅਗਵਾਈ ’ਚ ਮੋਦੀ ਸਰਕਾਰ ਵੱਲੋਂ ਬਣਾਏ ਖੇਤੀ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਪੱਕਾ ਧਰਨਾ 224ਵੇਂ ਦਿਨ ਵੀ ਜਾਰੀ ਰਿਹਾ। ਇਸ ਧਰਨੇ ਵਿੱਚ ਮਰਦਾਂ -ਔਰਤਾਂ, ਬੱਚਿਆਂ ਅਤੇ ਨੌਜਵਾਨਾਂ ਦਾ ਮੀਂਹ ਪੈਂਦੇ ’ਚ ਵੱਡੀ ਗਿਣਤੀ ਵਿਚ ਧਰਨੇ ਅੰਦਰ ਸ਼ਮੂਲੀਅਤ ਕਰਨਾ ਦਰਸਾਉਂਦਾ ਹੈ ਕਿ ਭਾਜਪਾ ਹਕੂਮਤ ਦੀਆਂ ਨੀਤੀਆਂ ਕਿੰਨੀਆਂ ਘਾਤਕ ਅਤੇ ਮਾਰੂ ਸਿੱਧ ਹੋ ਰਹੀਆਂ ਹਨ।