ਜਗਤਾਰ ਸਿੰਘ ਨਹਿਲ
ਲੌਂਗੋਵਾਲ, 27 ਸਤੰਬਰ
ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਅਕਾਲੀ ਦਲ ਡੈਮੋਕ੍ਰੈਟਿਕ ਕਿਸਾਨਾਂ ਦੇ ਹੱਕਾਂ ਦੀ ਲੜਾਈ ਲਈ ਕਿਸਾਨ ਜਥੇਬੰਦੀਆਂ ਦੇ ਮੋਢੇ ਨਾਲ ਮੋਢਾ ਲਾ ਕੇ ਸੰਘਰਸ਼ ਵਿਚ ਹਿੱਸਾ ਪਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਜੋ ਵੀ ਪ੍ਰੋਗਰਾਮ ਉਲੀਕਣਗੀਆਂ ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਦੇ ਸਾਰੇ ਵਰਕਰ ਉਨ੍ਹਾਂ ਦੇ ਇਸ ਘੋਲ ਵਿਚ ਪੂਰਾ ਸਾਥ ਦੇਣਗੇ। ਉਹ ਅੱਜ ਪਿੰਡ ਸ਼ੇਰੋਂ ਵਿਖੇ ਸਾਬਕਾ ਪੰਚ ਗੁਰਪਾਲ ਸਿੰਘ ਰਾਜੂ ਦੀ ਮੌਤ ’ਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਸਨ।
ਸ੍ਰੀ ਢੀਂਡਸਾ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਵੱਲੋਂ ਬਿੱਲ ਵਿਰੋਧੀ ਸੰਘਰਸ਼ ਨੂੰ ਵਧੀਆ ਤਰੀਕੇ ਨਾਲ ਚਲਾਇਆ ਜਾ ਰਿਹਾ ਹੈ। ਇਸ ਲਈ ਸਿਆਸੀ ਪਾਰਟੀਆਂ ਨੂੰ ਵੱਖਰੇ ਰਾਗ ਅਲਾਪਣ ਦੀ ਥਾਂ ਲੜਾਈ ਜਥੇਬੰਦੀਆਂ ਦੇ ਝੰਡੇ ਹੇਠ ਲੜਨੀ ਚਾਹੀਦੀ ਹੈ।