ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 31 ਅਗਸਤ
ਸੰਗਰੂਰ ਲੋਕ ਸਭਾ ਹਲਕੇ ਤੋਂ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ ਨੇ ਅੱਜ ਜ਼ਿਲ੍ਹਾ ਵਿਕਾਸ ਤਾਲਮੇਲ ਅਤੇ ਨਿਗਰਾਨ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਬਤੌਰ ਕਮੇਟੀ ਚੇਅਰਮੈਨ ਕੇਂਦਰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਅਤੇ ਸੰਸਦੀ ਹਲਕੇ ਅੰਦਰ ਚੱਲ ਰਹੇ ਵਿਕਾਸ ਕਾਰਜਾਂ ’ਤੇ ਤਸੱਲੀ ਪ੍ਰਗਟ ਕੀਤੀ। ਮੀਟਿੰਗ ’ਚ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ। ਸ੍ਰੀ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ ਅਤੇ ਉਹ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਸੰਸਦ ਮੈਂਬਰ ਹਨ ਪਰ ਉਹ ਸੰੰਗਰੂਰ ਜ਼ਿਲ੍ਹੇ ਦੇ ਵਿਕਾਸ ਲਈ ਮਿਲ ਕੇ ਕੰਮ ਕਰਨਗੇ ਅਤੇ ਉਨ੍ਹਾਂ ਵੱਲੋਂ ਸੰਗਰੂਰ ਜ਼ਿਲ੍ਹੇ ਦੇ ਵਿਕਾਸ ਨੂੰ ਲੈ ਕੇ ਕੋਈ ਰਾਜਨੀਤੀ ਨਹੀਂ ਕੀਤੀ ਜਾਵੇਗੀ। ਉਹ ਜ਼ਿਲ੍ਹੇ ਦਾ ਵਿਕਾਸ ਚਾਹੁੰਦੇ ਹਨ ਅਤੇ ਕਿਸੇ ਨਾਲ ਵੀ ਕੋਈ ਵਿਤਕਰਾ ਨਹੀਂ ਹੋਣਾ ਚਾਹੀਦਾ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਵੱਖ-ਵੱਖ ਸਕੀਮਾਂ ਤਹਿਤ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਮੀਟਿੰਗ ਕੀਤੀ ਹੈ। ਜ਼ਿਲ੍ਹੇ ਵਿਚ ਵਿਕਾਸ ਕਾਰਜ ਚੱਲ ਰਹੇ ਹਨ ਅਤੇ ਕੋਈ ਕਮੀ ਨਹੀਂ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਵਿਕਾਸ ਲਈ ਸਰਕਾਰ ਨੂੰ ਸਹਿਯੋਗ ਦਿੱਤਾ ਜਾਵੇਗਾ।
ਸ੍ਰੀ ਮਾਨ ਨੇ ਅਧਿਕਾਰੀਆਂ ਨੂੰ ਕਿਹਾ ਕਿ ਵੱਖ-ਵੱਖ ਯੋਜਨਾਵਾਂ ਨੂੰ ਲਾਗੂ ਕਰਨ ਲਈ ਸਮੇਂ-ਸਮੇਂ ’ਤੇ ਪ੍ਰਾਪਤ ਹੋਣ ਵਾਲੀ ਰਾਸ਼ੀ ਦੀ ਵਰਤੋਂ ਪਾਰਦਰਸ਼ੀ ਢੰਗ ਨਾਲ ਕੀਤੀ ਜਾਵੇ। ਇਸ ਤੋਂ ਪਹਿਲਾਂ ਮੀਟਿੰਗ ਦੀ ਕਾਰਵਾਈ ਚਲਾਉਂਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਜੀਤ ਵਾਲੀਆ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਕੇਂਦਰ ਦੀਆਂ ਸਕੀਮਾਂ ਤਹਿਤ ਜ਼ਿਲ੍ਹੇ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਦੇਣ ਦੇ ਨਿਰਦੇਸ਼ ਦਿੱਤੇ। ਮੈਂਬਰ ਪਾਰਲੀਮੈਂਟ ਸ੍ਰੀ ਮਾਨ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਕੋਲੋਂ ਕੇਂਦਰ ਸਰਕਾਰ ਦੀਆਂ ਯੋਜਨਾਵਾਂ ਨੂੰ ਲਾਗੂ ਕਰਨ ਬਾਰੇ ਜਾਣਕਾਰੀ ਹਾਸਲ ਕੀਤੀ। ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਪੰਜਾਬ ਸਰਕਾਰ ਦੇ ਫਲੈਗਸ਼ਿਪ ਪ੍ਰੋਗਰਾਮਾਂ ਨੂੰ ਜ਼ਿਲ੍ਹੇ ਵਿੱਚ ਲੋਕਾਂ ਦੀ ਸਹੂਲਤ ਲਈ ਸਫ਼ਲਤਾ ਨਾਲ ਲਾਗੂ ਕਰਨ ਬਾਰੇ ਜਾਣਕਾਰੀ ਦਿੱਤੀ। ਮੀਟਿੰਗ ’ਚ ਏਡੀਸੀ ਅਨਮੋਲ ਸਿੰਘ ਧਾਲੀਵਾਲ, ਏਡੀਸੀ ਲਤੀਫ਼ ਅਹਿਮਦ, ਐੱਸਡੀਐੱਮ ਨਵਰੀਤ ਕੌਰ ਸੇਖੋਂ, ਸਹਾਇਕ ਕਮਿਸ਼ਨਰ ਦੇਵਦਰਸ਼ਦੀਪ ਸਿੰਘ ਤੋਂ ਇਲਾਵਾ ਵੱਖ-ਵੱਖ ਸਬ ਡਿਵੀਜ਼ਨਾਂ ਦੇ ਐੱਸਡੀਐੱਮਜ਼ ਅਤੇ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਮੁਖੀ ਸ਼ਾਮਲ ਸਨ।