ਬੀਰਇੰਦਰ ਸਿੰਘ ਬਨਭੌਰੀ
ਸੁਨਾਮ ਊਧਮ ਸਿੰਘ ਵਾਲਾ,8 ਜੁਲਾਈ
ਪੰਜਾਬ ਦੀ ਕੈਬਨਿਟ ਮੰਤਰੀ ਵਜੋਂ ਅਹੁਦਾ ਸੰਭਾਲਣ ਤੋਂ ਬਾਅਦ ਪਹਿਲੀ ਵਾਰ ਆਪਣੇ ਜੱਦੀ ਸ਼ਹਿਰ ਸੁਨਾਮ ਪਹੁੰਚਣ ’ਤੇ ਲੋਕਾਂ ਵੱਲੋਂ ਅਮਨ ਅਰੋੜਾ ਦਾ ਭਰਵਾਂ ਸਵਾਗਤ ਕੀਤਾ ਗਿਆ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਵੱਖ-ਵੱਖ ਧਾਰਮਿਕ ਸਥਾਨਾਂ ’ਤੇ ਨਤਮਸਤਕ ਹੋਣ ਦੇ ਨਾਲ-ਨਾਲ ਸ਼ਹੀਦ ਊਧਮ ਸਿੰਘ ਦੇ ਸਮਾਰਕ ’ਤੇ ਵੀ ਦੇਸ਼ ਦੇ ਮਹਾਨ ਕ੍ਰਾਂਤੀਕਾਰੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਤੋਂ ਬਾਅਦ ਜ਼ਿਲ੍ਹਾ ਪੁਲੀਸ ਵੱਲੋਂ ਲੋਕ ਨਿਰਮਾਣ ਵਿਭਾਗ ਦੇ ਸਥਾਨਕ ਰੈਸਟ ਹਾਊਸ ਵਿੱਚ ਕੈਬਨਿਟ ਮੰਤਰੀ ਨੂੰ ਰਸਮੀ ਸਲਾਮੀ ਵੀ ਦਿੱਤੀ ਗਈ। ਕੈਬਨਿਟ ਮੰਤਰੀ ਵਜੋਂ ਮਿਲੀ ਨਵੀਂ ਜ਼ਿੰਮੇਵਾਰੀ ਲਈ ਲੋਕਾਂ ਵੱਲੋਂ ਦਿੱਤੇ ਪਿਆਰ ਦਾ ਸ਼ੁਕਰਾਨਾ ਕਰਨ ਲਈ ਅਮਨ ਅਰੋੜਾ ਵੱਲੋਂ ਧੰਨਵਾਦੀ ਰੋਡ ਸ਼ੋਅ ਵੀ ਕੱਢਿਆ ਗਿਆ ਅਤੇ ਸ਼ਹਿਰ ’ਚ ਸਵਾਗਤ ਲਈ ਵੱਖ-ਵੱਖ ਸਮਾਗਮ ਵੀ ਰੱਖੇ ਗਏ। ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ। ਇਸ ਮੌਕੇ ਉਨ੍ਹਾਂ ਆਪਣੇ ਪਿਤਾ ਭਗਵਾਨ ਦਾਸ ਅਰੋੜਾ ਨੂੰ ਵੀ ਯਾਦ ਕੀਤਾ ਅਤੇ ਕਿਹਾ ਕਿ ਉਹ ਆਪਣੇ ਪਿਤਾ ਤੋਂ ਮਿਲੀ ਪ੍ਰੇਰਨਾ ਸਦਕਾ ਹੀ ਇਸ ਮੁਕਾਮ ਤੱਕ ਪਹੁੰਚੇ ਹਨ।
ਭਵਾਨੀਗੜ੍ਹ (ਮੇਜਰ ਸਿੰਘ ਮੱਟਰਾਂ): ਆਮ ਆਦਮੀ ਪਾਰਟੀ ਦੇ ਹਲਕਾ ਸੁਨਾਮ ਦੇ ਵਿਧਾਇਕ ਅਮਨ ਅਰੋੜਾ ਦੇ ਕੈਬਨਿਟ ਮੰਤਰੀ ਬਣਨ ਮਗਰੋਂ ਇੱਥੇ ਪਹੁੰਚਣ ’ਤੇ ਅਨਾਜ ਮੰਡੀ ਦੇ ਕੱਟ ’ਤੇ ਵਿਧਾਇਕ ਨਰਿੰਦਰ ਕੌਰ ਭਰਾਜ ਦੀ ਅਗਵਾਈ ਹੇਠ ‘ਆਪ’ ਵਾਲੰਟੀਅਰਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਕੈਬਨਿਟ ਮੰਤਰੀ ਅਰੋੜਾ ਨੇ ਪਾਰਟੀ ਹਾਈਕਮਾਂਡ ਸਮੇਤ ਬੀਬੀ ਭਰਾਜ ਤੇ ਵਾਲੰਟੀਅਰਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਹਰ ਵਾਅਦਾ ਅਤੇ ਗਾਰੰਟੀ ਨੂੰ ਪੂਰਾ ਕੀਤਾ ਜਾਵੇਗਾ।