ਸਰਬਜੀਤ ਸਿਘ ਭੰਗੂ
ਪਟਿਆਲਾ, 4 ਜਨਵਰੀ
ਸਾਬਕਾ ਮੁੱਖ ਮੰਤਰੀ ਤੇ ਪੰਜਾਬ ਲੋਕ ਕਾਂਗਰਸ ਦੇ ਮੁਖੀ ਕੈਪਟਨ ਅਮਰਿੰਦਰ ਸਿੰਘ ਦਾ ਅੱਜ ਪਟਿਆਲਾ ਪੁੱਜਣ ’ਤੇ ਉਨ੍ਹਾਂ ਦੀ ਪਾਰਟੀ ਦੇ ਵਰਕਰਾਂ ਨੇ ਨਿੱਘਾ ਸਵਾਗਤ ਕੀਤਾ। ਜਦੋਂ ਉਹ ਚੰਡੀਗੜ੍ਹ ਵੱਲੋਂ ਆ ਰਹੇ ਸਨ, ਤਾਂ ਪਹਿਲਾਂ ਉਨ੍ਹਾਂ ਦਾ ਕੌਲੀ ’ਚ ‘ਪੰਜਾਬ ਲੋਕ ਕਾਂਗਰਸ’ ਦੇ ਨੌਜਵਾਨ ਆਗੂ ਰਣਬੀਰ ਸਿੰਘ ਸੰਧੂ (ਨਰੜੂ) ਤੇ ਰਾਜਪੁਰਾ ਤੋਂ ਜਗਦੀਸ਼ ਕੁਮਾਰ ਜੱਗਾ ਦੀ ਅਗਵਾਈ ਹੇਠ ਸੈਂਕੜੇ ਵਰਕਰਾਂ ਨੇ ਸਵਾਗਤ ਕੀਤਾ। ਇਸ ਦੌਰਾਨ ਪੀਐੱਲਸੀ ਵਰਕਰਾਂ ਨੇ ਕੈਪਟਨ ਦੀਆਂ ਗੱਡੀਆਂ ਦੇ ਕਾਫਲੇ ’ਤੇ ਫੁੱਲਾਂ ਦੀ ਵਰਖਾ ਕੀਤੀ। ਵਰਕਰ ‘ਕੈਪਟਨ ਤੇਰੀ ਸੋਚ ’ਤੇ ਪਹਿਰਾ ਦਿਆਂਗੇ ਠੋਕ ਕੇ’ ਦੇ ਨਾਅਰੇ ਲਾ ਰਹੇ ਸਨ। ਇਸ ਮੌਕੇ ਸ਼ਰਨਜੀਤ ਸਿੰਘ ਤੇ ਅਮਨਦੀਪ ਸਿੰਘ ਵੀ ਹਾਜ਼ਰ ਸਨ। ਇਸ ਮਗਰੋਂ ਪਟਿਆਲਾ ਦੇ ਅਰਬਨ ਅਸਟੇਟ ਫੇਜ਼-3 ’ਚ ਵੀ ਪੰਜਾਬ ਲੋਕ ਕਾਂਗਰਸ ਦੀ ਸ਼ਹਿਰੀ ਇਕਾਈ ਪਟਿਆਲਾ ਦੇ ਪ੍ਰਧਾਨ ਕੇ ਕੇ ਮਲਹੋਤਰਾ ਦੀ ਅਗਵਾਈ ਹੇਠ ਵੱਡੀ ਗਿਣਤੀ ਵਰਕਰਾਂ ਨੇ ਕੈਪਟਨ ਦਾ ਸਵਾਗਤ ਕੀਤਾ। ਇਸ ਮੌਕੇ ਪੀਆਰਟੀਸੀ ਦੇ ਸਾਬਕਾ ਚੇਅਰਮੈਨ ਕੇ.ਕੇ ਸ਼ਰਮਾ, ਮੇਅਰ ਸੰਜੀਵ ਬਿੱਟੂ, ਸੰਜੇ ਸ਼ਰਮਾ ਵੀ ਹਾਜ਼ਰ ਸਨ।
ਭਵਾਨੀਗੜ੍ਹ (ਪੱਤਰ ਪ੍ਰੇਰਕ) ਅੱਜ ਇੱਥੇ ਬਠਿੰਡਾ-ਚੰਡੀਗੜ੍ਹ ਹਾਈਵੇਅ ’ਤੇ ਅਨਾਜ ਮੰਡੀ ਦੇ ਮੋੜ ’ਤੇ ਰਾਜਿੰਦਰ ਸਿੰਘ ਰਾਜਾ ਬੀਰਕਲਾਂ ਦੀ ਅਗਵਾਈ ਹੇਠ ਪਾਰਟੀ ਵਰਕਰਾਂ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਸਵਾਗਤ ਕੀਤਾ। ਕੈਪਟਨ ਅਮਰਿੰਦਰ ਸਿੰਘ ਬਠਿੰਡਾ ਫੇਰੀ ਦੌਰਾਨ ਇੱਥੇ ਮੁੱਖ ਮਾਰਗ ’ਤੇ ਕੁਝ ਮਿੰਟਾਂ ਲਈ ਰੁਕੇ ਸਨ। ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਦੀ ਬਿਹਤਰੀ ਲਈ ਉਹ ਭਾਜਪਾ ਤੇ ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਨਾਲ ਗੱਠਜੋੜ ਕਰਕੇ 2022 ਦੀਆਂ ਵਿਧਾਨ ਸਭਾ ਚੋਣਾਂ ਲੜਨਗੇ।