ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 7 ਮਈ
ਅਗਾਮੀ ਲੋਕ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਲੋਕਾਂ ਨੂੰ ਆਪਣੇ ਵੋਟ ਦੇ ਹੱਕ ਦੀ ਲਾਜ਼ਮੀ ਤੌਰ ’ਤੇ ਵਰਤੋਂ ਕਰਨ ਲਈ ਜਾਗਰੂਕਤਾ ਹਿੱਤ ਸੰਗਰੂਰ ਤੋਂ ਰਵਾਨਾ ਹੋ ਕੇ ਪੰਜਾਬ ਦੇ ਸਾਰੇ 13 ਲੋਕ ਸਭਾ ਹਲਕਿਆਂ ਦਾ ਸਾਈਕਲ ’ਤੇ ਦੌਰਾ ਕਰ ਕੇ ਪਰਤੇ ਮਨਮੋਹਨ ਸਿੰਘ ਦਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਵਾਗਤ ਕੀਤਾ ਗਿਆ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸੰਗਰੂਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਲੋਕਾਂ ਨੂੰ ਵੋਟਾਂ ਦੇ ਅਧਿਕਾਰ ਦੀ ਵਰਤੋਂ ਲਈ ਉਤਸ਼ਾਹਿਤ ਕਰਨ ਲਈ ਸਾਈਕਲਿਸਟ ਮਨਮੋਹਨ ਸਿੰਘ ਦੀ ਪੂਰੇ ਪੰਜਾਬ ਦੀ ਯਾਤਰਾ ਉਤਸ਼ਾਹਜਨਕ ਰਹੀ ਹੈ। ਪੰਜਾਬ ਦੇ ਹਰ ਹਲਕੇ ਵਿੱਚ ਉਨ੍ਹਾਂ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਦੇ ਵੋਟ ਪਾਉਣ ਦੇ ਸੁਨੇਹੇ ਨੂੰ ਅਮਲੀ ਰੂਪ ਵਿੱਚ ਲਾਗੂ ਕਰਨ ਦਾ ਭਰੋਸਾ ਵੀ ਦਿੱਤਾ ਗਿਆ।
ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਲੋਕਤੰਤਰ ਦੀ ਮਜ਼ਬੂਤੀ ਲਈ ਜ਼ਰੂਰੀ ਹੈ ਕਿ ਦੇਸ਼ ਦਾ ਹਰ ਨਾਗਰਿਕ ਆਪਣੇ ਵੋਟ ਦੇ ਹੱਕ ਦਾ ਸਹੀ ਇਸਤੇਮਾਲ ਕਰੇ। ਐੱਸ.ਡੀ.ਐੱਮ. ਭਵਾਨੀਗੜ੍ਹ-ਕਮ-ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਵਿਨੀਤ ਕੁਮਾਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਦੀ ਮੱਦਦ ਨਾਲ ਸਾਈਕਲਿਸਟ ਮਨਮੋਹਨ ਸਿੰਘ ਨੇ ਪੰਜਾਬ ਦੇ ਸਾਰੇ 13 ਲੋਕ ਸਭਾ ਹਲਕਿਆਂ ਵਿੱਚ ਪਹੁੰਚ ਕੇ ਲੋਕਾਂ ਨੂੰ ਆਪਣੇ ਵੋਟ ਦੇ ਹੱਕ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਾਈਕਲਿਸਟ ਮਨਮੋਹਨ ਸਿੰਘ ਨੇ ਸਮੁੱਚੇ ਜ਼ਿਲ੍ਹਾ ਪ੍ਰਸ਼ਾਸਨ ਦਾ ਧੰਨਵਾਦ ਕੀਤਾ ਜਿਨ੍ਹਾਂ ਦੇ ਸਹਿਯੋਗ ਸਦਕਾ ਉਸਦਾ ਪੰਜਾਬ ਦੇ ਸਾਰੇ ਲੋਕ ਸਭਾ ਹਲਕਿਆਂ ਦਾ ਜਾਗਰੂਕਤਾ ਦੌਰਾ ਬਹੁਤ ਸੁਚੱਜੇ ਢੰਗ ਨਾਲ ਨੇਪਰੇ ਚੜ੍ਹਿਆ ਹੈ।