ਪੱਤਰ ਪ੍ਰੇਰਕ
ਪਾਤੜਾਂ, 5 ਅਪਰੈਲ
ਇੱਥੋਂ ਦੀ ਅਨਾਜ ਮੰਡੀ ਵਿੱਚ ਕਣਕ ਦੀ ਖਰੀਦ ਦੀ ਰਸਮੀ ਸ਼ੁਰੂਆਤ ਵਿਧਾਇਕ ਅਤੇ ਐੱਸਡੀਐੱਮ ਪਾਤੜਾਂ ਨੇ ਕਰਵਾਈ। ਇਸ ਮੌਕੇ ਮਾਰਕੀਟ ਕਮੇਟੀ ਪਾਤੜਾਂ ਦੇ ਅਧਿਕਾਰੀਆਂ ਸਮੇਤ ਵੱਖ ਵੱਖ ਖ਼ਰੀਦ ਏਜੰਸੀਆਂ ਦੇ ਅਧਿਕਾਰੀ ਅਤੇ ਕਰਮਚਾਰੀਆਂ ਹਾਜ਼ਰ ਸਨ। ਕਣਕ ਦੀ ਪਹਿਲੀ ਢੇਰੀ ਦੀ ਖਰੀਦ ਮਾਰਕਫੈੱਡ ਵੱਲੋਂ ਕੀਤੀ ਗਈ। ਕਣਕ ਖਰੀਦ ਦੀ ਰਸਮੀ ਸ਼ੁਰੂਆਤ ਕਰਨ ਮਗਰੋਂ ਵਿਧਾਇਕ ਕੁਲਵੰਤ ਸਿੰਘ ਬਾਜੀਗਰ ਨੇ ਕਿਹਾ ਕਿ ਮੰਡੀਆਂ ਵਿਚ ਖ਼ਰੀਦ ਪ੍ਰਬੰਧ ਪੂਰੀ ਤਰ੍ਹਾਂ ਮੁਕੰਮਲ ਕਰ ਲਏ ਗਏ ਹਨ। ਆੜ੍ਹਤੀਆਂ ਅਤੇ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।
ਧੂਰੀ (ਨਿੱਜੀ ਪੱਤਰ ਪ੍ਰੇਰਕ): ਧੂਰੀ ਮੰਡੀ ਵਿੱਚ ਕਣਕ ਦੀ ਆਮਦ ਸ਼ੁਰੂ ਹੋ ਗਈ ਹੈ। ਅੱਜ ਮੰਡੀ ਵਿੱਚ ਆਈ ਪਹਿਲੀ ਢੇਰੀ ਨੂੰ ਰਾਜ ਫੂਡਜ਼ ਕੰਪਨੀ ਨੇ ਖਰੀਦਿਆ। ਕੰਪਨੀ ਨੇ ਕਣਕ ਦੀ ਖਰੀਦ 2020 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਕੀਤੀ। ਇਸ ਮਗਰੋਂ ਐੱਸਡੀਐੱਮ ਧੂਰੀ ਇਸ਼ਮਿਤ ਵਿਜੈ ਨੇ ਮੰਡੀ ਵਿੱਚ ਕੀਤੇ ਗਏ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ।
ਘੱਗਾ (ਪੱਤਰ ਪ੍ਰੇਰਕ): ਅੱਜ ਬਾਦਸ਼ਾਹਪੁਰ ਦੀ ਮੰਡੀ ਵਿਚ ਹਲਕਾ ਸ਼ੁਤਰਾਣਾ ਦੇ ਵਿਧਾਇਕ ਵੱਲੋਂ ਕਣਕ ਦੀ ਰਸਮੀ ਖਰੀਦ ਸ਼ੁਰੂ ਕਰਵਾਈ ਗਈ ਜਦਕਿ ਸ਼ਾਮ ਤਕ ਮੰਡੀ ਵਿਚ ਕਿਸਾਨਾਂ ਨੂੰ ਬਾਰਦਾਨੇ ਦਾ ਇੰਤਜ਼ਾਰ ਕਰਨਾ ਪਿਆ। ਕਿਸਾਨਾਂ ਨੇ ਦੱਸਿਆ ਕਿ ਉਹ ਦੋ ਦਿਨ ਤੋਂ ਮੰਡੀ ਵਿਚ ਹਨ।
ਭਵਾਨੀਗੜ੍ਹ (ਪੱਤਰ ਪ੍ਰੇਰਕ): ਇੱਥੇ ਅਨਾਜ ਮੰਡੀ ਵਿੱਚ ਅੱਜ ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਵਿਧਾਇਕ ਭਰਾਜ ਨੇ ਮਾਰਕੀਟ ਕਮੇਟੀ ਵਿਚ ਆੜ੍ਹਤੀਆਂ, ਖਰੀਦ ਅਧਿਕਾਰੀਆਂ ਅਤੇ ਟਰੱਕ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਭਰੋਸਾ ਦਿਵਾਇਆ ਕਿ ਕਣਕ ਦੀ ਖਰੀਦ ਸਬੰਧੀ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਭਰਾਜ ਵੱਲੋਂ ਥਰੈਸ਼ਰ ਹਾਦਸਿਆਂ ਵਿੱਚ ਅਪਾਹਜ ਹੋਏ 14 ਵਿਅਕਤੀਆਂ ਨੂੰ 6.40 ਲੱਖ ਰੁਪਏ ਦੇ ਚੈੱਕ ਵੀ ਵੱਡੇ ਗਏ।
ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਖਰੀਦ ਪ੍ਰਬੰਧਾਂ ਦਾ ਜਾਇਜ਼ਾ
ਰਾਜਪੁਰਾ (ਪੱਤਰ ਪ੍ਰੇਰਕ): ਡਿਪਟੀ ਕਮਿਸ਼ਨਰ ਪਟਿਆਲਾ ਸ਼ਾਕਸ਼ੀ ਸਾਹਨੀ ਨੇ ਰਾਜਪੁਰਾ ਅਤੇ ਘਨੌਰ ਦੀਆਂ ਅਨਾਜ ਮੰਡੀਆਂ ਦਾ ਦੌਰਾ ਕਰਕੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਐੱਸਡੀਐੱਮ ਡਾ. ਸੰਜੀਵ ਕੁਮਾਰ, ਹਲਕਾ ਰਾਜਪੁਰਾ ਦੀ ਵਿਧਾਇਕ ਨੀਨਾ ਮਿੱਤਲ ਵੀ ਉਨ੍ਹਾਂ ਦੇ ਨਾਲ ਸਨ। ਇਸ ਮੌਕੇ ਉਨ੍ਹਾਂ ਨੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਕਣਕ ਦੀ ਆਮਦ ਦੇ 24 ਘੰਟਿਆਂ ’ਚ ਖਰੀਦ ਯਕੀਨੀ ਬਣਾਈ ਜਾਵੇ ਅਤੇ ਲਿਫਟਿੰਗ ਵੀ ਤੁਰੰਤ ਕਰਵਾਈ ਜਾਵੇ।
ਸੰਗਰੂਰ (ਨਿੱਜੀ ਪੱਤਰ ਪ੍ਰੇਰਕ): ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਵੱਖ-ਵੱਖ ਅਨਾਜ ਮੰਡੀਆਂ ਦਾ ਦੌਰਾ ਕਰਕੇ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ ਸਮੇਤ ਖਰੀਦ ਕਾਰਜਾਂ ਨਾਲ ਸਬੰਧਤ ਵੱਖ ਵੱਖ ਵਰਗਾਂ ਦੇ ਲੋਕਾਂ ਦੀ ਸੁਵਿਧਾ ਲਈ ਕੀਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕਿਸੇ ਵੀ ਅਨਾਜ ਮੰਡੀ ਵਿੱਚ ਕਿਸਾਨਾਂ ਨੂੰ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਇਸੇ ਤਰ੍ਹਾਂ ਸੁਨਾਮ ਦੇ ਵਿਧਾਇਕ ਅਮਨ ਅਰੋੜਾ ਨੇ ਵੀ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ।