ਨਿੱਜੀ ਪੱਤਰ ਪ੍ਰੇਰਕ
ਮਾਲੇਰਕੋਟਲਾ, 11 ਫਰਵਰੀ
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਇੱਥੇ ਕਾਂਗਰਸੀ ਉਮੀਦਵਾਰ ਰਜ਼ੀਆ ਸੁਲਤਾਨਾ ਦੇ ਹੱਕ ’ਚ ਚੋਣ ਪ੍ਰਚਾਰ ਕੀਤਾ।
ਰੈਲੀ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ’ਚ ਕਾਂਗਰਸ ਦੀ ਸਰਕਾਰ ਬਣਨਾ ਤੈਅ ਹੈ, ਕਿਉਂਕਿ ਪੰਜਾਬ ਦੇ ਲੋਕ ਕਾਂਗਰਸ ਉਮੀਦਵਾਰਾਂ ਨੂੰ ਭਰਵਾਂ ਹੁੰਗਾਰਾ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ’ਚ ਕਾਂਗਰਸ ਦੀ ਸਰਕਾਰ ਬਣਨ ’ਤੇ ਪੰਜਾਬੀਆਂ ਨੂੰ ਕਲਿਆਣਕਾਰੀ ਰਾਜ ਪ੍ਰਬੰਧ ਦਿੱਤਾ ਜਾਵੇਗਾ ਤੇ ਲੋਕ ਹਿੱਤਾਂ ਨੂੰ ਪਹਿਲ ਦਿੱਤੀ ਜਾਵੇਗੀ। ਹਰ ਵਰਗ ਲਈ ਕਲਿਆਣਕਾਰੀ ਸਕੀਮਾਂ ਲਾਗੂ ਕਰਨ ਦੇ ਨਾਲ- ਨਾਲ ਸਮਾਜ ਦੇ ਹਰ ਵਰਗ ਦੇ ਵਿਦਿਆਰਥੀਆਂ ਲਈ ਸਰਕਾਰੀ ਸਕੂਲਾਂ/ਕਾਲਜਾਂ ’ਚ ਮੁਫ਼ਤ ਸਿੱਖਿਆ ਦਿੱਤੀ ਜਾਵੇਗੀ। ਪੜ੍ਹੇ-ਲਿਖੇ ਨੌਜਵਾਨਾਂ ਲਈ ਰੁਜ਼ਗਾਰ ਅਤੇ ਨੌਕਰੀਆਂ ਦਾ ਪ੍ਰਬੰਧ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ਦਾ ਮੁੱਖ ਨਿਸ਼ਾਨਾ ਪੰਜਾਬ ਨੂੰ ਦੇਸ਼ ਦਾ ਖੁਸ਼ਹਾਲ ਸੂਬਾ ਬਣਾਉਣਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀਆਂ ਵੱਲੋਂ ਕਾਂਗਰਸ ਉਮੀਦਵਾਰਾਂ ਨੂੰ ਦਿੱਤੇ ਜਾ ਰਹੇ ਹੁੰਗਾਰੇ ਨੇ ਆਮ ਆਦਮੀ ਪਾਰਟੀ ਦੇ ਵਿਹੜੇ ਸੋਗ ਪਾ ਦਿੱਤਾ ਹੈ। ਆਮ ਆਦਮੀ ਪਾਰਟੀ ਨੂੰ ਪੰਜਾਬ ’ਚ ਯੋਗ ਉਮੀਦਵਾਰ ਨਹੀਂ ਮਿਲੇ ਜਿਸ ਕਰਕੇ ਆਮ ਆਦਮੀ ਪਾਰਟੀ ਨੇ ਹੋਰਨਾਂ ਪਾਰਟੀਆਂ ਵਿੱਚੋਂ ਆਏ ਲੋਕਾਂ ਨੂੰ ਉਮੀਦਵਾਰ ਬਣਾਇਆ ਤੇ ਆਮ ਆਦਮੀ ਪਾਰਟੀ ਦੇ ਬਹੁਤੇ ਉਮੀਦਵਾਰਾਂ ਨੇ ਕਿਵੇਂ ਟਿਕਟਾਂ ਹਾਸਲ ਕੀਤੀਆਂ ਉਹ ਸਾਰਾ ਕੁਝ ਜੱਗ ਜ਼ਾਹਰ ਹੋ ਗਿਆ ਹੈ।
ਚੰਨੀ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਦਾ ਪੰਜਾਬ ਨਾਲ ਕੋਈ ਹਿੱਤ ਨਹੀਂ, ਉਹ ਆਪਣੇ ਹੱਥਠੋਕਿਆਂ ਰਾਹੀਂ ਪੰਜਾਬ ’ਤੇ ਕਬਜ਼ਾ ਕਰਕੇ ਪੰਜਾਬ ਦੇ ਪਾਣੀ ਲੁੱਟਣਾ ਚਾਹੁੰਦਾ ਹੈ। ਉਸ ਨੇ ਕਦੇ ਵੀ ਪੰਜਾਬ ਦੇ ਦਰਿਆਈ ਪਾਣੀਆਂ, ਪੰਜਾਬ ਦੀ ਰਾਜਧਾਨੀ ਅਤੇ ਪੰਜਾਬੀ ਬੋਲਦੇ ਇਲਾਕਿਆਂ ਬਾਰੇ ਕਦੇ ਜ਼ੁਬਾਨ ਨਹੀਂ ਖੋਲ੍ਹੀ। ਉਨ੍ਹਾਂ ਭਗਵੰਤ ਮਾਨ ਦੀ ਵਿੱਦਿਅਕ ਯੋਗਤਾ ਦਾ ਆਪਣੀ ਵਿੱਦਿਅਕ ਯੋਗਤਾ ਨਾਲ ਮੁਕਾਬਲਾ ਕਰਦਿਆਂ ਕਿਹਾ ਕਿ ਭਗਵੰਤ ਮਾਨ ਕੋਲ ਪੰਜਾਬ ਲਈ ਕੋਈ ਨਜ਼ਰੀਆ ਹੀ ਨਹੀਂ।
ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ’ਚ ਕਾਂਗਰਸ ਦੀ ਸਰਕਾਰ ਬਣਨ ’ਤੇ ਮਾਲੇਰਕੋਟਲਾ ਦੀ ਕਾਇਆ-ਕਲਪ ਕੀਤੀ ਜਾਵੇਗੀ ਅਤੇ ਮਾਲੇਰਕੋਟਲਾ ਨੂੰ ਸੈਰ-ਸਪਾਟੇ ਵਜੋਂ ਵਿਕਸਿਤ ਕੀਤਾ ਜਾਵੇਗਾ ਅਤੇ ਮਾਲੇਰਕੋਟਲਾ ’ਚ 10 ਕਰੋੜ ਰੁਪਏ ਦੀ ਲਾਗਤ ਨਾਲ ਹੱਜ ਹਾਊਸ ਬਣਾਇਆਜਾਵੇਗਾ। ਚੋਣ ਰੈਲੀ ਨੂੰ ਕਾਂਗਰਸ ਦੀ ਉਮੀਦਵਾਰ ਰਜ਼ੀਆ ਸੁਲਤਾਨਾ ਅਤੇ ਸਾਬਕਾ ਡੀ.ਜੀ.ਪੀ ਮੁਹੰਮਦ ਮੁਸਤਫਾ ਨੇ ਵੀ ਸੰਬੋਧਨ ਕੀਤਾ।