ਨਿਜੀ ਪੱਤਰ ਪ੍ਰੇਰਕ
ਸੰਗਰੂਰ , 12 ਜੂਨ
ਦਿੱਲੀ ਦੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਵੱਲੋਂ ਕੀਤੀ ਜਾ ਰਹੀ ਬਿਆਨਬਾਜ਼ੀ ’ਤੇ ਤਿੱਖੀ ਪ੍ਰਤੀਕਿਰਿਆ ਜ਼ਾਹਰ ਕਰਦਿਆਂ ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ‘ਆਪ’ ਵੱਲੋਂ ਆਪਣੇ ਸਕੂਲ ਮਾਡਲ ਬਾਰੇ ਕੀਤੀ ਜਾ ਰਹੀ ਬਿਆਨਬਾਜ਼ੀ ਪੰਜਾਬ ਦੇ ਅੱਵਲ ਆਉਣ ਨਾਲ ਬੇਨਕਾਬ ਹੋ ਗਈ ਹੈ ਅਤੇ ਹੁਣ ਮਨੀਸ਼ ਸਿਸੋਦੀਆ ਦੀ ਨਮੋਸ਼ੀ ਉਨ੍ਹਾਂ ਦੀ ਬਿਆਨਬਾਜ਼ੀ ’ਚੋਂ ਸਾਫ਼ ਝਲਕ ਰਹੀ ਹੈ।
ਇੱਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਸ੍ਰੀ ਸਿੰਗਲਾ ਨੇ ਸਿਸੋਦੀਆ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਹਾਲਾਂਕਿ ਪੰਜਾਬ ਨੂੰ ਸਾਰੇ ਸੂਬਿਆਂ ਅਤੇ ਕੇਂਦਰੀ ਸ਼ਾਸਿਤ ਪ੍ਰਦੇਸ਼ਾਂ ਦੇ ਸਕੂਲਾਂ ਦੇ ਕਾਰਗੁਜ਼ਾਰੀ ਗ੍ਰੇਡਿੰਗ ਸੂਚਾਂਕ ਵਿੱਚ ਚੋਟੀ ਦਾ ਦਰਜਾ ਮਿਲਿਆ ਹੈ, ਪਰ ਦਿੱਲੀ ਨੂੰ ਸਿਖਰਲੇ ਪੰਜ ਰਾਜਾਂ/ਕੇਂਦਰੀ ਸ਼ਾਸਿਤ ਪ੍ਰਦੇਸ਼ਾਂ ਵਿੱਚ ਵੀ ਜਗ੍ਹਾ ਹਾਸਲ ਨਹੀਂ ਹੋਈ। ਇਸ ਨੂੰ ਛੇਵੇਂ ਸਥਾਨ ’ਤੇ ਰੱਖਿਆ ਗਿਆ ਹੈ। ਸ੍ਰੀ ਸਿੰਗਲਾ ਨੇ ਕਿਹਾ ਕਿ ਜਦੋਂ ਪੰਜਾਬ ਨੇ ਮੈਰਿਟ ਦੇ ਆਧਾਰ ’ਤੇ ਇਹ ਦਰਜਾ ਹਾਸਲ ਕੀਤਾ ਹੈ, ਦਿੱਲੀ ਦੇ ਸਿੱਖਿਆ ਮੰਤਰੀ ਪੰਜਾਬ ਵਿੱਚ ਆਉਣ ਵਾਲੀਆਂ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਸਿਆਹੀ ਲਾਹਾ ਲੈਣ ਲਈ ਝੂਠ ਬੋਲ ਰਹੇ ਹਨ। ਉਨ੍ਹਾਂ ਕਿਹਾ ਕਿ ਸਾਡੇ ਲਈ ਸਿੱਖਿਆ ਵਿੱਚ ਸੁਧਾਰ ਪਵਿੱਤਰ ਮੁੱਦਾ ਹੈ ਅਤੇ ਅਸੀਂ ਕਦੇ ਵੀ ਇਸ ਨੂੰ ਰਾਜਨੀਤੀ ਲਈ ਵਰਤਣ ਦੀ ਕੋਸ਼ਿਸ਼ ਨਹੀਂ ਕੀਤੀ ਜਿਵੇਂ ਕਿ ‘ਆਪ’ ਸਰਕਾਰ ਵੱਲੋਂ ਕੀਤਾ ਜਾਂਦਾ ਰਿਹਾ ਹੈ। ਸਿੱਖਿਆ ਮੰਤਰੀ ਨੇ ਦਿੱਲੀ ਸਰਕਾਰ ਦੇ ਮੰਤਰੀਆਂ ਨੂੰ ਪੰਜਾਬ ਆਉਣ ਦਾ ਸੱਦਾ ਵੀ ਦਿੱਤਾ ਤਾਂ ਜੋ ਉਹ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਪੱਧਰ ਵਿੱਚ ਸੁਧਾਰ ਕਰਨ ਲਈ ਕਾਂਗਰਸ ਸਰਕਾਰ ਤੋਂ ਸਿੱਖ ਸਕਣ।