ਬੀਰ ਇੰਦਰ ਸਿੰਘ ਬਨਭੌਰੀਸੁਨਾਮ ਊਧਮ ਸਿੰਘ ਵਾਲਾ, 5 ਅਪਰੈਲਸੜਕ ਹਾਦਸੇ ਵਿੱਚ ਜ਼ਖ਼ਮੀ ਹੋਈ ਮਹਿਲਾ ਦੀ ਇਲਾਜ ਦੌਰਾਨ ਮੌਤ ਹੋ ਗਈ। ਸਥਾਨਕ ਸਿਵਲ ਹਸਪਤਾਲ ਵਿੱਚ ਪੋਸਟਮਾਰਟਮ ਸਮੇਂ ਥਾਣਾ ਭੀਖੀ ਦੇ ਸਹਾਇਕ ਥਾਣੇਦਾਰ ਦਰਸ਼ਨ ਸਿੰਘ ਨੇ ਦੱਸਿਆ ਕਿ ਨਮੋਲ ਰੋਡ ਸੁਨਾਮ ਦਾ ਰਹਿਣ ਵਾਲੇ ਹਰਪਾਲ ਸਿੰਘ ਅਤੇ ਉਸ ਦੀ ਪਤਨੀ ਜਸਵੀਰ ਕੌਰ ਮੋਟਰਸਾਈਕਲ ’ਤੇ ਭੀਖੀ ਜਾ ਰਹੇ ਸਨ। ਜਦੋਂ ਉਹ ਸੁਨਾਮ-ਮਾਨਸਾ ਸੜਕ ’ਤੇ ਪਿੰਡ ਢੈਪਈ ਨੇੜੇ ਗਏ ਤਾਂ ਪਿੱਛੋਂ ਜਾ ਰਹੇ ਕਿਸੇ ਅਣਪਛਾਤੇ ਵਾਹਨ ਨੇ ਉਨ੍ਹਾਂ ਨੂੰ ਟੱਕਰ ਮਾਰੀ, ਜਿਸ ਕਾਰਨ ਜਸਵੀਰ ਕੌਰ (58) ਗੰਭੀਰ ਜ਼ਖ਼ਮੀ ਹੋ ਗਈ। ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਸੁਨਾਮ ਲਿਜਾਇਆ ਗਿਆ ਪਰ ਡਾਕਟਰਾਂ ਨੇ ਪਟਿਆਲਾ ਭੇਜ ਦਿੱਤਾ, ਜਿੱਥੇ ਬੀਤੀ ਸ਼ਾਮ ਉਸ ਦੀ ਮੌਤ ਹੋ ਗਈ। ਸਹਾਇਕ ਥਾਣੇਦਾਰ ਦਰਸ਼ਨ ਸਿੰਘ ਨੇ ਕਿਹਾ ਕਿ ਪੁਲੀਸ ਨੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਕੇਸ ਦਰਜ ਕਰਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ।