ਗੁਰਨਾਮ ਸਿੰਘ ਚੌਹਾਨ
ਪਾਤੜਾਂ, 23 ਜੁਲਾਈ
ਖੇਤੀ ਕਾਨੂੰਨਾਂ ਵਿਰੁੱਧ ਪਾਤੜਾਂ-ਪਟਿਆਲਾ ਮੁੱਖ ਮਾਰਗ ’ਤੇ ਰਿਲਾਇੰਸ ਪੰਪ ਉੱਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਵਿੱਚ ਚੱਲ ਰਹੇ ਲਗਾਤਾਰ ਧਰਨੇ ਦੌਰਾਨ ਵੱਡੀ ਗਿਣਤੀ ਵਿੱਚ ਔਰਤਾਂ ਨੇ ਸ਼ਮੂਲੀਅਤ ਕੀਤੀ। ਇਸੇ ਦੌਰਾਨ ਔਰਤਾਂ ਨੇ ਤੀਆਂ ਦਾ ਤਿਉਹਾਰ ਮਨਾਉਂਦਿਆਂ ਗਿੱਧਾ ਪਾਇਆ ਤੇ ਮੋਦੀ ਸਰਕਾਰ ਖ਼ਿਲਾਫ਼ ਰੱਜ ਕੇ ਵਿਅੰਗ ਕੱਸ ਕੇ ਖੇਤੀ ਕਾਨੂੰਨਾਂ ਵਿਰੁੱਧ ਆਵਾਜ਼ ਬੁਲੰਦ ਕੀਤੀ। ਰੋਸ ਪ੍ਰਦਰਸ਼ਨ ਦੌਰਾਨ ਧਰਨਾਕਾਰੀਆਂ ਨੇ ਕੇਂਦਰ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਜਸਵਿੰਦਰ ਕੌਰ ਕਾਹਨਗੜ੍ਹ, ਸਿਮਰਜੀਤ ਕੌਰ ਨਨਹੇੜਾ, ਜਸਪਾਲ ਕੌਰ ਘੱਗਾ, ਸੁਰਿੰਦਰ ਕੌਰ, ਜਸਵੰਤ ਕੌਰ , ਗੁਰਮੇਲ ਕੌਰ ਬਣਵਾਲਾ, ਕੁਲਵੰਤ ਕੌਰ ਦਫਤਰੀਵਾਲਾ, ਗੁਰਪ੍ਰੀਤ ਕੌਰ ਬਰਾਸ, ਕਮਲਜੀਤ ਕੌਰ ਅਤੇ ਗੁਰਮੀਤ ਕੌਰ ਆਦਿ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਡਟੇ ਕਿਸਾਨ ਭਰਾਵਾਂ ਨੇ ਸਰਦੀ ਗਰਮੀ ਸਭ ਕੁਝ ਬਰਦਾਸ਼ਤ ਕੀਤਾ ਹੈ। ਸੱਤ ਮਹੀਨੇ ਦੇ ਸਮੇਂ ਦੌਰਾਨ ਛੇ ਸੌ ਤੋਂ ਵੱਧ ਕਿਸਾਨਾਂ ਨੇ ਸ਼ਹੀਦੀ ਦਾ ਜਾਮ ਪੀ ਲਿਆ ਹੈ ਪਰ ਮੋਦੀ ਸਰਕਾਰ ਆਪਣੀ ਜ਼ਿੱਦ ਉੱਤੇ ਅੜੀ ਹੋਈ ਹੈ।
ਲਹਿਰਾਗਾਗਾ (ਪੱਤਰ ਪ੍ਰੇਰਕ): ਇਥੇ ਲਹਿਲ ਖੁਰਦ ਕੈਂਚੀਆਂ ਨੇੜੇ ਰਿਲਾਇੰਸ ਦੇ ਪੈਟਰੋਲ ਪੰਪ ’ਤੇ ਕਾਲੇ ਖੇਤੀਬਾੜੀ ਵਿਰੋਧੀ ਕਾਨੂੰਨਾਂ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਲਹਿਰਾਗਾਗਾ ਦੇ ਪ੍ਰਧਾਨ ਧਰਮਿੰਦਰ ਸਿੰਘ ਪਸ਼ੌਰ ਦੀ ਅਗਵਾਈ ’ਚ ਲੰਘੀ ਰਾਤ ਤੋਂ ਹੋ ਰਹੀ ਬਾਰਿਸ਼ ’ਚ ਵੱਡੀ ਗਿਣਤੀ ’ਚ ਕਾਰਕੁਨਾਂ ਨੇ ਪੱਕੇ ਮੋਰਚੇ ’ਚ ਸ਼ਿਰਕਤ ਕੀਤੀ। ਇਸ ਮੌਕੇ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਜਸਵਿੰਦਰ ਸਿੰਘ ਸੂਬਾ ਸੰਗਤਪੁਰਾ, ਬਹਾਦਰ ਸਿੰਘ ਭੁਟਾਲ ਖੁਰਦ, ਹਰਜਿੰਦਰ ਸਿੰਘ ਨੰਗਲਾ, ਬਿੰਦਰ ਸਿੰਘ ਖੋਖਰ, ਬਲਜੀਤ ਸਿੰਘ ਗੋਬਿੰਦਗੜ੍ਹ ਜੇਜੀਆਂ, ਰਾਮਚੰਦ ਸਿੰਘ ਚੋਟੀਆਂ, ਨਿੰਮਾ ਸਿੰਘ ਗਾਗਾ, ਬਿੰਦਰ ਸਿੰਘ ਸੇਖਵਾਸ, ਗੁਰਮੇਲ ਕੌਰ ਗਿਦੜਿਆਣੀ, ਮਨਪ੍ਰੀਤ ਕੌਰ ਰਾਏਧਰਾਣਾ, ਅਮਰਜੀਤ ਕੌਰ ਨੰਗਲਾ ਨੇ ਸੰਬੋਧਨ ਕੀਤਾ।