ਰਣਜੀਤ ਸਿੰਘ ਸ਼ੀਤਲ
ਦਿੜ੍ਹਬਾ ਮੰਡੀ, 22 ਜੁਲਾਈ
ਪਿੰਡ ਧਰਮਗੜ੍ਹ ਵਿੱਚ ਪਿੰਡ ਦੇ ਹੀ ਕੁਝ ਵਿਅਕਤੀਆਂ ਵੱਲੋਂ ਪਿੰਡ ਦੇ ਦਲਿਤ ਵਿਅਕਤੀ ਕੁਲਦੀਪ ਸਿੰਘ ’ਤੇ ਕਰਵਾਏ ਕਥਿਤ ਤੌਰ ’ਤੇ ਜਾਨਲੇਵਾ ਹਮਲੇ ਸਬੰਧੀ ਪੁੁਲੀਸ ਕਾਰਵਾਈ ਕਰਵਾਉਣ ਲਈ ਮਜ਼ਦੂਰਾਂ ਵੱਲੋਂ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਤੇ ਲਬਿਰੇਸ਼ਨ ਦੇ ਸੂਬਾ ਕਮੇਟੀ ਮੈਂਬਰ ਗੋਬਿੰਦ ਸਿੰਘ ਛਾਜਲੀ ਦੀ ਅਗਵਾਈ ਹੇਠ ਦਿੜ੍ਹਬਾ ਦੇ ਡੀਐਸਪੀ ਦੇ ਦਫ਼ਤਰ ਸੂਲਰ ਘਰਾਟ ਵਿੱਚ ਅਣਮਿਥੇ ਸਮੇਂ ਲਈ ਲਗਾਇਆ ਜਾ ਰਿਹਾ ਧਰਨਾ ਅੱਜ ਦੂਜੇ ਦਿਨ ਵੀ ਜਾਰੀ ਰਿਹਾ। ਧਰਨੇ ਵਿੱਚ ਪਿੰਡ ਧਰਮਗੜ੍ਹ ਅਤੇ ਇਲਾਕੇ ਦੇ ਵੱਡੀ ਗਿਣਤੀ ਵਿੱਚ ਮਜ਼ਦੂਰਾਂ ਅਤੇ ਔਰਤਾਂ ਨੇ ਸ਼ਮੂਲੀਅਤ ਕੀਤੀ।
ਕਾਮਰੇਡ ਗੋਬਿੰਦ ਸਿੰਘ ਛਾਜਲੀ ਨੇ ਕਿਹਾ ਕਿ ਪੁਲੀਸ ਸਿਆਸੀ ਦਬਾਅ ਕਾਰਨ ਕਾਰਵਾਈ ਤੋਂ ਕੰਨੀ ਕਤਰਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਰ ਦੇ ਰਾਜ ਅੰਦਰ ਸਿਆਸੀ ਅਸਰ ਰਸੂਖ ਰੱਖਣ ਵਾਲੇ ਪੇਂਡੂ ਧਨਾਢਾਂ ਵੱਲੋਂ ਸੱਤਾ ਦੇ ਨਸ਼ੇ ਵਿੱਚ ਮਜ਼ਦੂਰਾਂ ’ਤੇ ਹੋ ਰਹੇ ਹਮਲੇ ਬਰਦਾਸ਼ਤ ਨਹੀਂ ਕੀਤੇ ਜਾਣਗੇ ਪਰ ਜੇਕਰ ਇਸ ਮਾਮਲੇ ਦੀ ਜਲਦੀ ਸੁਣਵਾਈ ਨਾ ਕੀਤੀ ਗਈ ਤਾਂ ਸੰਘਰਸ਼ ਨੂੰ ਹੋਰ ਵੀ ਤੇਜ਼ ਕੀਤਾ ਜਾਵੇਗਾ, ਜਿਸ ਦੀ ਜ਼ਿੰਮੇਵਾਰੀ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਵੇਗੀ। ਉਧਰ ਦਿੜ੍ਹਬਾ ਦੇ ਡੀਐਸਪੀ ਡਾ. ਮੋਹਿਤ ਅੱਗਰਵਾਲ ਨੇ ਕਿਹਾ ਕਿ ਇਸ ਮਾਮਲੇ ਦੀ ਜਾਂਚ ਕਰਨ ਮਗਰੋਂ ਬਣਦੀ ਕਾਰਵਾਈ ਕੀਤੀ ਗਈ ਹੈ।
ਗਾਇਕ ਤੇ ਫ਼ਿਲਮ ਅਦਾਕਾਰ ਪੰਮੀ ਬਾਈ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਮੇਂ ਦੀਆਂ ਸਰਕਾਰਾਂ ਨੇ ਪੰਜਾਬ ਦੇ ਲੋਕਾਂ ਨੂੰ ਭਿਖਾਰੀ ਬਣਾ ਦਿੱਤਾ ਹੈ। ਉਨ੍ਹਾਂ ਮਜ਼ਦੂਰਾਂ ਨੂੰ ਕੇਂਦਰ ਸਰਕਾਰ ਵੱਲੋਂ ਮਿਲਣ ਵਾਲੀਆਂ ਸਹੂਲਤਾਂ ਸਬੰਧੀ ਜਾਗਰੂਕ ਕੀਤਾ। ਇਸ ਮੌਕੇ ਮਜ਼ਦੂਰ ਮੁਕਤੀ ਮੋਰਚਾ ਦੇ ਜ਼ਿਲ੍ਹਾ ਸਕੱਤਰ ਪ੍ਰੇਮ ਸਿੰਘ ਖਡਿਆਲੀ, ਜ਼ਿਲ੍ਹਾ ਮੀਤ ਪ੍ਰਧਾਨ ਘੁਮੰਡ ਸਿੰਘ ਉਗਰਾਹਾਂ, ਧਰਮਗੜ੍ਹ ਦੇ ਐਕਸ਼ਨ ਕੇਮਟੀ ਮੈਂਬਰ ਨਾਇਬ ਸਿੰਘ, ਦੇਵ ਸਿੰਘ, ਜਗਸੀਰ ਸਿੰਘ, ਪ੍ਰਗਟ ਸਿੰਘ, ਜੰਟਾ ਸਿੰਘ, ਜਸਪਾਲ ਸਿੰਘ, ਸੁਖਜੀਤ ਸਿੰਘ ਤੇ ਟਹਿਲਾ ਸਿੰਘ ਆਦਿ ਆਗੂ ਤੇ ਵਰਕਰ ਹਾਜ਼ਰ ਸਨ।