ਬੀਰ ਇੰਦਰ ਸਿੰਘ ਬਨਭੌਰੀ
ਸੁਨਾਮ ਊਧਮ ਸਿੰਘ ਵਾਲਾ, 26 ਸਤੰਬਰ
ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਮਜ਼ਦੂਰਾਂ ਦੀ ਦਿਹਾੜੀ 8 ਘੰਟੇ ਤੋਂ ਵਧਾ ਕੇ 12 ਘੰਟੇ ਕਰਨ ਖਿਲਾਫ਼ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਨੇ ਇੱਥੋਂ ਨੇੜਲੇ ਪਿੰਡ ਨਮੋਲ ਵਿੱਚ ਰੈਲੀ ਕੀਤੀ। ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨਕਾਰੀਆਂ ਨੇ ਇਸ ਫੈਸਲੇ ਨੂੰ ਮਿਹਤਨਕਸ਼ ਲੋਕਾਂ ਦੇ ਹੱਕਾਂ ਉੱਤੇ ਡਾਕਾ ਗਰਦਾਨਿਆ।
ਰੈਲੀ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਬਲਜੀਤ ਸਿੰਘ ਨੇ ਕਿਹਾ ਕਿ ਅੱਠ ਘੰਟੇ ਦੀ ਦਿਹਾੜੀ ਅਤੇ ਹੋਰ ਮਜ਼ਦੂਰ ਮੰਗਾਂ ਦੀ ਪ੍ਰਾਪਤੀ ਲਈ ਸ਼ਿਕਾਗੋ (ਅਮਰੀਕਾ) ਦੀ ਧਰਤੀ ’ਤੇ ਲਾਮਿਸਾਲ ਘੋਲ ਲੜਿਆ ਗਿਆ ਸੀ ਪਰ ਉਨ੍ਹਾਂ ਘੋਲਾਂ ਨੂੰ ਦਰਨਿਕਾਰ ਕਰਕੇ ਸੂਬੇ ਦੀ ਭਗਵੰਤ ਮਾਨ ਸਰਕਾਰ ਮਜ਼ਦੂਰਾਂ ਦੀਆਂ ਭਾਵਨਾਵਾਂ ਨਾਲ ਖੇਡਣਾ ਚਾਹੁੰਦੀ ਹੈ ਜੋ ਸਰਾਸਰ ਗਲਤ ਹੈ। ਜਥੇਬੰਦੀ ਨੇ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਕਾਰਪੋਰੇਟ ਘਰਾਣਿਆਂ ਦੇ ਹੱਥਾਂ ’ਚ ਖੇਡ ਕੇ ਮਜ਼ਦੂਰਾਂ ਦੀ ਦਿਹਾੜੀ ਦਾ ਸਮਾਂ ਬਦਲ ਰਹੀ ਹੈ ਜੋ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਆਉਂਦੇ ਦਿਨਾਂ ’ਚ ਸੂਬਾ ਸਰਕਾਰ ਨੇ ਦਿਹਾੜੀ ਦਾ ਸਮਾਂ ਵਧਾਉਣ ਦਾ ਫੈਸਲਾ ਵਾਪਸ ਨਾ ਲਿਆ ਤਾਂ ਭਰਾਤਰੀ ਜਥੇਬੰਦੀਆਂ ਨਾਲ ਮਿਲ ਕੇ ਸੂਬਾ ਪੱਧਰ ਉੱਤੇ ਸੰਘਰਸ਼ ਵਿੱਢਿਆ ਜਾਵੇਗਾ।
ਲਹਿਰਾਗਾਗਾ (ਪੱਤਰ ਪ੍ਰੇਰਕ): ਦਿਹਾੜੀ ਦਾ ਸਮਾਂ ਵਧਾਉਣ ਦੇ ਰੋਸ ਵਜੋਂ ਜਲ ਸਪਲਾਈ ਕਾਮਿਆਂ ਨੇ ਪੰਜਾਬ ਸਰਕਾਰ ਦੇ ਲੇਬਰ ਵਿਭਾਗ ਵੱਲੋਂ ਜਾਰੀ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜ ਕੇ ਵਿਰੋਧ ਪ੍ਰਦਰਸ਼ਨ ਕੀਤਾ। ਉਨ੍ਹਾਂ ਪੰਜਾਬ ਸਰਕਾਰ ਦੇ ਕਿਰਤੀ ਵਿਰੋਧੀ ਫੈਸਲੇ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ। ਆਗੂਆਂ ਲੋਕਮਾਰੂ ਫ਼ੈਸਲੇ ਦੇ ਵਿਰੋਧ ਵਿੱਚ ਸਮੂਹ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵੱਲੋਂ ਸੰਗਰੂਰ ਵਿੱਚ 3 ਅਕਤੂਬਰ ਨੂੰ ਕੀਤੀ ਜਾ ਰਹੀ ਸੂਬਾ ਪੱਧਰੀ ਰੈਲੀ ਵਿਚ ਵੱਧ ਚੜ੍ਹ ਕੇ ਸ਼ਾਮਿਲ ਹੋਣ ਦਾ ਐਲਾਨ ਕੀਤਾ।
ਰਾਜਪੁਰਾ (ਦਰਸ਼ਨ ਸਿੰਘ ਮਿੱਠਾ): ਹਿੰਦੁਸਤਾਨ ਯੂਨੀਲੀਵਰ ਐਂਪਲਾਈਜ਼ ਯੂਨੀਅਨ ਰਾਜਪੁਰਾ-ਪਟਿਆਲਾ ਪ੍ਰਧਾਨ ਮੋਹਨ ਸਿੰਘ, ਜਨਰਲ ਸਕੱਤਰ ਸੰਦੀਪ ਕੁਮਾਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਜੋ ਕੰਮ ਦਾ ਸਮਾਂ 8 ਘੰਟੇ ਤੋਂ ਵਧਾ ਕੇ 12 ਘੰਟੇ ਕੀਤਾ ਹੈ। ਉਸ ਦੀ ਨਿਖੇਧੀ ਕੀਤੀ ਜਾਂਦੀ ਹੈ।