ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 5 ਜੂਨ
ਇੱਥੇ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਬਲਾਕ ਭਵਾਨੀਗੜ੍ਹ ਅਤੇ ਪਟਿਆਲਾ ਦੇ ਆਗੂਆਂ ਦੀ ਸਾਂਝੀ ਮੀਟਿੰਗ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾ ਆਗੂ ਪ੍ਰਗਟ ਸਿੰਘ ਕਾਲਾਝਾੜ ਨੇ ਕਿਹਾ ਕਿ ਪੰਜਾਬ ਸਰਕਾਰ ਮਜ਼ਦੂਰਾਂ ਦੇ ਜਾਇਜ਼ ਮਸਲਿਆਂ ਨੂੰ ਨਜ਼ਰ-ਅੰਦਾਜ਼ ਕਰ ਰਹੀ ਹੈ ਜਦਕਿ ਇਹ ਮਸਲੇ ਪੰਜਾਬ ਸਰਕਾਰ ਦੇ ਧਿਆਨ ਵਿੱਚ ਵਾਰ ਵਾਰ ਲਿਆਂਦੇ ਜਾ ਚੁੱਕੇ ਹਨ। ਆਗੂਆਂ ਨੇ ਕਿਹਾ ਕਿ ਦੋ ਸਾਲਾਂ ਵਿੱਚ ਰੋਜ਼ ਵਰਤੋਂ ਦੀਆਂ ਚੀਜ਼ਾਂ ਦੇ ਭਾਅ ਦੁੱਗਣੇ ਹੋ ਗਏ ਹਨ, ਪਰ ਮਜ਼ਦੂਰਾਂ ਦੀ ਤਨਖਾਹ ਵਧਾਉਣ ਲਈ ਮੁੱਖ ਮੰਤਰੀ ਕੋਲ ਮਜ਼ਦੂਰ ਜਥੇਬੰਦੀਆਂ ਨਾਲ ਗੱਲ ਕਰਨ ਦਾ ਵੀ ਸਮਾਂ ਨਹੀਂ ਹੈ। ਉੁਨ੍ਹਾਂ ਕਿਹਾ ਕਿ ਜਦੋਂ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦੀ ਗੱਲ ਹੋ ਸਕਦੀ ਹੈ ਤੇ ਮੁਲਾਜ਼ਮਾਂ ਦੇ ਪੇਅ ਸਕੇਲ ਵਧਾਏ ਜਾ ਸਕਦੇ ਹਨ। ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਜਾਇਜ਼ ਮੰਗਾਂ ਨੂੰ ਲਾਗੂ ਕਰਵਾਉਣ ਲਈ 10 ਜੂਨ ਨੂੰ ਮੁੱਖ ਮੰਤਰੀ ਦੀ ਕੋਠੀ ਅੱਗੇ ਸੰਗਰੂਰ ਵਿੱਚ ਪੇਂਡੂ ਮਜ਼ਦੂਰਾਂ ਦਾ ਵੱਡਾ ਇਕੱਠ ਕੀਤਾ ਜਾਵੇਗਾ।
ਲਹਿਰਾਗਾਗਾ (ਰਮੇਸ਼ ਭਾਰਦਵਾਜ): ਪੇਂਡੂ ਮਜ਼ਦੂਰ ਯੂਨੀਅਨ (ਆਜ਼ਾਦ) ਵੱਲੋਂ ਬਲਾਕ ਲਹਿਰਾਗਾਗਾ ਦੀ ਮੀਟਿੰਗ ਬਲਵਿੰਦਰ ਸਿੰਘ ਜਲੂਰ ਦੀ ਅਗਵਾਈ ਹੇਠ ਕੀਤੀ ਗਈ। ਇਸ ਦੌਰਾਨ ਆਗੂਆਂ ਨੇ ਮੰਗ ਕੀਤੀ ਕਿ ਵੱਧ ਰਹੀ ਮਹਿੰਗਾਈ ਦੇ ਹਿਸਾਬ ਨਾਲ ਮਜ਼ਦੂਰਾਂ ਦੀ ਦਿਹਾੜੀ 700 ਰੁਪਏ ਕੀਤੀ ਜਾਵੇ। ਝੋਨੇ ਦੀ ਲਵਾਈ ਪ੍ਰਤੀ ਏਕੜ 6000 ਏਕੜ ਕੀਤੀ ਜਾਵੇ। ਆਗੂਆਂ ਨੇ ਕਿਹਾ ਕਿ ਪੇਂਡੂ ਮਜ਼ਦੂਰ ਯੂਨੀਅਨ ਆਜ਼ਾਦ ਵੱਲੋਂ ਸੈਂਕੜਿਆਂ ਦੀ ਗਿਣਤੀ ਵਿੱਚ ਮਜ਼ਦੂਰ 10 ਜੂਨ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਅੱਗੇ ਦਿੱਤੇ ਜਾਣ ਵਾਲੇ ਧਰਨੇ ਵਿੱਚ ਸ਼ਾਮਲ ਹੋਣਗੇ। ਮੀਟਿੰਗ ਨੂੰ ਰਾਜ ਸਿੰਘ ਖੋਖਰ ਕਲਾਂ, ਹਮੀਰ ਸਿੰਘ ਅੜਕਵਾਸ ਤੇ ਵਿੱਕੀ ਸਿੰਘ ਨੇ ਸੰਬੋਧਨ ਕੀਤਾ।