ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਮਜ਼ਦੂਰਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਅਰਥੀ ਫ਼ੂਕ ਮੁਜ਼ਾਹਰੇ

ਪਿੰਡ ਸ਼ਾਦੀਹਰੀ ਦੇ 13 ਮਜ਼ਦੂਰਾਂ ਤੇ ਸੰਘਰਸ਼ ਕਮੇਟੀ ਆਗੂ ਬਿੱਕਰ ਸਿੰਘ ਹਥੋਆ ਨੂੰ ਰਿਹਾਅ ਕਰਨ ਦੀ ਮੰਗ
Advertisement

ਨਿੱਜੀ ਪੱਤਰ ਪ੍ਰੇਰਕ

ਸੰਗਰੂਰ, 17 ਜੂਨ

Advertisement

ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਸੱਦੇ ’ਤੇ ਵੱਖ-ਵੱਖ ਪਿੰਡਾਂ ਵਿਚ ਮਜ਼ਦੂਰ ਵਰਗ ਵਲੋਂ ਤੀਜੇ ਦਿਨ ਵੀ ਪੰਜਾਬ ਸਰਕਾਰ ਖ਼ਿਲਾਫ਼ ਅਰਥੀ ਫ਼ੂਕ ਮੁਜ਼ਾਹਰੇ ਕੀਤੇ ਗਏ ਅਤੇ ਪੰਜਾਬ ਸਰਕਾਰ ਦੀਆਂ ਦਲਿਤ ਅਤੇ ਮਜ਼ਦੂਰ ਵਿਰੋਧੀ ਨੀਤੀਆਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਸੰਘਰਸ਼ ਕਮੇਟੀ ਨੇ ਦਾਅਵਾ ਕੀਤਾ ਕਿ ਵੱਖ-ਵੱਖ ਜ਼ਿਲ੍ਹਿਆਂ ਦੇ 96 ਪਿੰਡਾਂ ਵਿਚ ਪੰਜਾਬ ਸਰਕਾਰ ਦੀਆਂ ਅਰਥੀਆਂ ਫ਼ੂਕੀਆਂ ਗਈਆਂ। ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਪ੍ਰਧਾਨ ਮੁਕੇਸ ਮਲੌਦ, ਮੀਤ ਪ੍ਰਧਾਨ ਧਰਮਵੀਰ ਹਰੀਗੜ੍ਹ ਅਤੇ ਜਨਰਲ ਸਕੱਤਰ ਗੁਰਵਿੰਦਰ ਸਿੰਘ ਬੌੜਾਂ ਨੇ ਦੱਸਿਆ ਕਿ ਪਿੰਡ ਸ਼ਾਦੀਹਰੀ ਦੇ 13 ਮਜ਼ਦੂਰਾਂ ਅਤੇ ਸੰਘਰਸ਼ ਕਮੇਟੀ ਦੇ ਵਿੱਤ ਸਕੱਤਰ ਬਿੱਕਰ ਸਿੰਘ ਹਥੋਆ ਦੀ ਰਿਹਾਈ ਲਈ ਸੰਘਰਸ਼ ਜਾਰੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਦੀ ਵਾਅਦਾਖ਼ਿਲਾਫ਼ੀ ਨਾਲ ਸਰਕਾਰ ਦਾ ਦਲਿਤ ਅਤੇ ਮਜ਼ਦੂਰ ਵਿਰੋਧੀ ਚਿਹਰਾ ਨੰਗਾ ਹੋ ਗਿਆ ਹੈ ਅਤੇ ਸਰਕਾਰ ਪੁਲੀਸ ਦੇ ਜ਼ੋਰ ਨਾਲ ਦਲਿਤ ਮਜ਼ਦੂਰਾਂ ਦੀ ਆਵਾਜ਼ ਨੂੰ ਦਬਾ ਰਹੀ ਹੈ ਪਰ ਸਰਕਾਰੀ ਜਬਰ ਕਿਸੇ ਵੀ ਹਾਲਤ ਵਿਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ 2 ਜੂਨ ਨੂੰ ਮੁੱਖ ਮੰਤਰੀ ਦੀ ਕੋਠੀ ਅੱਗੇ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਦੇ ਕੀਤੇ ਐਲਾਨ ਮਗਰੋਂ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਸੰਘਰਸ਼ ਕਮੇਟੀ ਆਗੂਆਂ ਨਾਲ ਮੀਟਿੰਗ ਕਰਕੇ ਤਿੰਨ ਦਿਨਾਂ ਦੇ ਅੰਦਰ ਅੰਦਰ ਪਿੰਡ ਸ਼ਾਦੀਹਰੀ ਦੇ 13 ਮਜ਼ਦੂਰਾਂ ਨੂੰ ਰਿਹਾਅ ਕਰਨ ਦਾ ਵਾਅਦਾ ਕੀਤਾ ਸੀ ਪਰ ਇਹ ਵਾਅਦਾ ਪੂਰਾ ਨਹੀਂ ਕੀਤਾ ਗਿਆ ਜਿਸ ਤੋਂ ਬਾਅਦ ਜ਼ਮੀਨ ਪ੍ਰਾਪਤੀ ਸੰਘਰਸ਼ ਨੇ 13 ਜੂਨ ਨੂੰ ਡੀ.ਸੀ. ਦਫ਼ਤਰ ਅੱਗੇ ਪੱਕਾ ਮੋਰਚਾ ਲਾਉਣਾ ਸੀ ਪਰ ਪੁਲੀਸ ਵਲੋਂ ਮਜ਼ਦੂਰਾਂ ਨੂੰ ਪਿੰਡਾਂ ਵਿਚ ਹੀ ਰੋਕ ਲਿਆ ਗਿਆ ਅਤੇ ਸੰਗਰੂਰ ਨਹੀਂ ਪੁੱਜਣ ਦਿੱਤਾ। ਦੂਜੇ ਪਾਸੇ 13 ਜੂਨ ਨੂੰ ਹੀ ਸੰਘਰਸ਼ ਕਮੇਟੀ ਦੇ ਵਿੱਤ ਸਕੱਤਰ ਬਿੱਕਰ ਸਿੰਘ ਹਥੋਆ ਨੂੰ ਮੀਟਿੰਗ ਕਰਨ ਵਾਸਤੇ ਬੁਲਾ ਕੇ ਪੁਲੀਸ ਵਲੋਂ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਤੋਂ ਇਲਾਵਾ ਸੰਘਰਸ਼ ਕਮੇਟੀ ਦੇ ਹੋਰ ਆਗੂਆਂ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇੱਕ ਪਾਸੇ ਸਰਕਾਰ ਗੱਲਬਾਤ ਦਾ ਸੱਦਾ ਦੇ ਰਹੀ ਹੈ ਪਰ ਦੂਜੇ ਪਾਸੇ ਗੱਲਬਾਤ ਦੇ ਬਹਾਨੇ ਆਗੂਆਂ ਨੂੰ ਗ੍ਰਿਫ਼ਤਾਰ ਕਰ ਰਹੀ ਹੈ। ਆਗੂਆਂ ਨੇ ਕਿਹਾ ਕਿ ਜੇਕਰ ਪਿੰਡ ਸ਼ਾਦੀਹਰੀ ਦੇ ਮਜ਼ਦੂਰਾਂ ਅਤੇ ਆਗੂ ਬਿੱਕਰ ਸਿੰਘ ਹਥੋਆ ਨੂੰ ਜਲਦ ਰਿਹਾਅ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿਚ ਤਿੱਖਾ ਸੰਘਰਸ਼ ਉਲੀਕਿਆ ਜਾਵੇਗਾ।

Advertisement