ਮਜ਼ਦੂਰਾਂ ਵੱਲੋਂ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨਾ
ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਸੱਦੇ ’ਤੇ ਮਜ਼ਦੂਰਾਂ ਵਲੋਂ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਮਜ਼ਦੂਰ ਵਿਰੋਧੀ ਨੀਤੀਆਂ ਖ਼ਿਲਾਫ਼ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ ਅਤੇ ਸਰਕਾਰਾਂ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਮਜ਼ਦੂਰ ਆਗੂਆਂ ਵੱਲੋਂ ਡਿਪਟੀ ਕਮਿਸ਼ਨਰ ਨੂੰ ਮੁੱਖ ਮੰਤਰੀ ਪੰਜਾਬ...
ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਸੱਦੇ ’ਤੇ ਮਜ਼ਦੂਰਾਂ ਵਲੋਂ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਮਜ਼ਦੂਰ ਵਿਰੋਧੀ ਨੀਤੀਆਂ ਖ਼ਿਲਾਫ਼ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ ਅਤੇ ਸਰਕਾਰਾਂ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਮਜ਼ਦੂਰ ਆਗੂਆਂ ਵੱਲੋਂ ਡਿਪਟੀ ਕਮਿਸ਼ਨਰ ਨੂੰ ਮੁੱਖ ਮੰਤਰੀ ਪੰਜਾਬ ਦੇ ਨਾਂ ਮੰਗ ਪੱਤਰ ਵੀ ਸੌਂਪਿਆ ਗਿਆ। ਧਰਨੇ ਨੂੰ ਸੰਬੋਧਨ ਕਰਦਿਆਂ ਮਜ਼ਦੂਰ ਮੁਕਤੀ ਮੋਰਚਾ ਦੇ ਸੂਬਾ ਪ੍ਰਧਾਨ ਗੋਬਿੰਦ ਸਿੰਘ ਛਾਜਲੀ, ਜ਼ਿਲ੍ਹਾ ਪ੍ਰਧਾਨ ਬਿੱਟੂ ਸਿੰਘ ਖੋਖਰ, ਆਲ ਇੰਡੀਆ ਪ੍ਰੋਗਰੈਸਿਵ ਵਿਮੈੱਨ ਐਸੋਸੀਏਸ਼ਨ (ਏਪਵਾ) ਦੇ ਆਗੂ ਜਸਵੀਰ ਕੌਰ ਨੱਤ ਆਦਿ ਨੇ ਕਿਹਾ ਕਿ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਵੱਲੋਂ ਹੜ੍ਹਾਂ ਤੇ ਮੀਂਹਾਂ ਕਾਰਨ ਮਜ਼ਦੂਰਾਂ ਦੇ ਹੋਏ ਨੁਕਸਾਨ ਦੀ ਭਰਪਾਈ ਲਈ ਕੋਈ ਠੋਸ ਹੱਲ ਕਰਨਾ ਤਾਂ ਇੱਕ ਪਾਸੇ ਰਿਹਾ, ਉਲਟਾ ਮਨਰੇਗਾ ਕਾਨੂੰਨ ਤਹਿਤ ਮਿਲਦਾ ਕੰਮ ਵੀ ਸਹੀ ਢੰਗ ਨਾਲ ਨਹੀਂ ਮਿਲ ਰਿਹਾ। ਉਨ੍ਹਾਂ ਮੰਗ ਕੀਤੀ ਕਿ ਮਨਰੇਗਾ ਮਜ਼ਦੂਰਾਂ ਲਈ 200 ਦਿਨ ਕੰਮ ਦਿੱਤਾ ਜਾਵੇ ਅਤੇ ਹਰੇਕ ਮਜ਼ਦੂਰ ਨੂੰ 700 ਰੁਪਏ ਦਿਹਾੜੀ ਦੀ ਗਾਰੰਟੀ ਦਿੱਤੀ ਜਾਵੇ, ਹੜ੍ਹਾਂ ਕਾਰਨ ਡਿੱਗੇ ਮਕਾਨਾਂ ਲਈ ਪੰਜ ਲੱਖ ਰੁਪਏ ਪ੍ਰਤੀ ਮਕਾਨ, ਨੁਕਸਾਨੇ ਘਰਾਂ ਦੀ ਮੁਰੰਮਤ ਲਈ ਇੱਕ ਲੱਖ ਰੁਪਏ, ਕੰਮ ਤੋਂ ਵਾਂਝੇ ਹੋਏ ਮਜ਼ਦੂਰਾਂ ਲਈ ਪ੍ਰਤੀ ਪਰਿਵਾਰ 25 ਹਜ਼ਾਰ ਰੁਪਏ ਮੁਆਵਜ਼ਾ ਦਿੱਤਾ ਜਾਵੇ, ਹੜ੍ਹਾਂ ਕਾਰਨ ਫੈਲਣ ਵਾਲੀਆਂ ਬਿਮਾਰੀਆਂ ਦੇ ਰੋਕਥਾਮ ਲਈ ਅਗਾਊਂ ਪ੍ਰਬੰਧ ਕੀਤੇ ਜਾਣ, ਹੁਸ਼ਿਆਰਪੁਰ ਅਤੇ ਕੰਮੇਆਣਾ ਵਿਚ ਬੱਚਿਆਂ ਨਾਲ ਮਾੜੀਆਂ ਹਰਕਤਾਂ ਕਰਨ ਵਾਲਿਆਂ ਸਖਤ ਸਜ਼ਾਵਾਂ ਦਿੱਤੀਆਂ ਜਾਣ। ਧਰਨੇ ਨੂੰ ਸੂਬਾ ਪ੍ਰੈੱਸ ਸਕੱਤਰ ਹਰਮਨਦੀਪ ਹਿੰਮਤਪੁਰਾ, ਕੁਲਵਿੰਦਰ ਕੌਰ ਰੇਤਗੜ, ਸੇਬੀ ਖੰਡੇਬਾਦ, ਘਮੁੰਡ ਸਿੰਘ ਖਾਲਸਾ ਤੇ ਕਾਮਰੇਡ ਨਰੰਜਣ ਸਿੰਘ ਚੁਨਾਗਰਾ ਆਦਿ ਨੇ ਵੀ ਸੰਬੋਧਨ ਕੀਤਾ।