ਗੁਰਦੀਪ ਸਿੰਘ ਲਾਲੀ/ਬੀਰਇੰਦਰ ਸਿੰਘ ਬਨਭੌਰੀ
ਸੰਗਰੂਰ/ਸੁਨਾਮ ਊਧਮ ਸਿੰਘ ਵਾਲਾ, 29 ਮਈ
ਪੰਜਾਬ ਦੇ ਬਿਜਲੀ ਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਅਤੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਵੱਲੋਂ ਸਾਂਝੇ ਤੌਰ ‘ਤੇ ਪਿੰਡ ਈਲਵਾਲ ਅਤੇ ਸ਼ਹਿਰ ਸੁਨਾਮ ਵਿੱਚ 66 ਕੇ.ਵੀ. ਗਰਿੱਡ ਸਬ-ਸਟੇਸ਼ਨਾਂ ਦੇ ਨੀਂਹ ਪੱਥਰ ਰੱਖੇ ਗਏ। ਈਲਵਾਲ ਵਿੱਚ ਸਮਾਗਮ ਨੂੰ ਸੰਬੋਧਨ ਕਰਦਿਆਂ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਇਹ ਦੋਵੇਂ ਪ੍ਰਾਜੈਕਟਾਂ ਨੂੰ 11.24 ਕਰੋੜ ਰੁਪਏ ਦੀ ਲਾਗਤ ਨਾਲ 31 ਦਸੰਬਰ 2023 ਤੱਕ ਮੁਕੰਮਲ ਕਰਨ ਦਾ ਟੀਚਾ ਮਿੱਥਿਆ ਗਿਆ ਹੈ। ਸੂਬੇ ਵਿੱਚ ਬਿਜਲੀ ਦੀ ਕਮੀ ਨੂੰ ਮੁਕੰਮਲ ਤੌਰ ‘ਤੇ ਦੂਰ ਕਰਨ ਲਈ ਉਹ ਪੂਰੇ ਯੋਜਨਾਬੱਧ ਢੰਗ ਨਾਲ ਕੰਮ ਕਰ ਰਹੇ ਹਨ ਅਤੇ ਇਨ੍ਹਾਂ ਪ੍ਰਾਜੈਕਟਾਂ ਵਾਂਗ ਹੀ ਸੂਬੇ ਦੇ ਹੋਰ ਦਿਹਾਤੀ ਅਤੇ ਸ਼ਹਿਰੀ ਇਲਾਕਿਆਂ ਵਿੱਚ ਆਮ ਲੋਕਾਂ, ਉਦਯੋਗਿਕ ਅਤੇ ਖੇਤੀਬਾੜੀ ਖਪਤਕਾਰਾਂ ਦੀ ਬਿਜਲੀ ਦੀ ਮੰਗ ਨੂੰ ਪੂਰਾ ਕਰਨ ਲਈ, ਵੋਲਟੇਜ ਵਿੱਚ ਸੁਧਾਰ ਲਿਆਉਣ ਦੇ ਨਾਲ-ਨਾਲ ਬਿਜਲੀ ਸਪਲਾਈ ਦੀ ਗੁਣਵੱਤਾ ਅਤੇ ਭਰੋਸੇਯੋਗਤਾ ਵਧਾਉਣ ਦੀ ਦਿਸ਼ਾ ਵਿੱਚ ਸਾਰਥਕ ਕਦਮ ਪੁੱਟੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ 33 ਕੇ.ਵੀ. ਪਾਵਰ ਕਲੋਨੀ ਸੁਨਾਮ ਵਿੱਚ ਕਰੀਬ 7.84 ਕਰੋੜ ਅਤੇ ਈਲਵਾਲ ਵਿੱਚ ਕਰੀਬ 3.40 ਕਰੋੜ ਰੁਪਏ ਦੀ ਲਾਗਤ ਨਾਲ ਗਰਿੱਡ ਸਬ-ਸਟੇਸ਼ਨ ਦਾ ਨਿਰਮਾਣ ਹੋਵੇਗਾ। ਉਨ੍ਹਾਂ 600 ਯੂਨਿਟ ਬਿਜਲੀ ਮੁਫ਼ਤ ਕਰਨ ਦੇ ਵਾਅਦੇ ਦਾ ਜ਼ਿਕਰ ਕਰਦਿਆਂ ਦਾਅਵਾ ਕੀਤਾ ਕਿ ਮੌਜੂਦਾ ਸਮੇਂ ਵਿੱਚ ਕਰੀਬ 90 ਫ਼ੀਸਦੀ ਲੋਕਾਂ ਦਾ ਬਿਜਲੀ ਬਿੱਲ ਜ਼ੀਰੋ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਥਰਮਲ ਪਲਾਂਟਾਂ ਵਿੱਚ 44 ਦਿਨਾਂ ਦੀ ਲੋੜ ਮੁਤਾਬਕ ਕੋਲਾ ਉਪਲਬਧ ਹੈ ਜਿਸਨੂੰ ਵੱਡੀ ਪ੍ਰਾਪਤੀ ਮੰਨਿਆ ਜਾ ਸਕਦਾ ਹੈ।
ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਨੀਅਤ ਸਾਫ਼ ਹੈ ਜਿਸ ਦੇ ਸ਼ਾਨਦਾਰ ਨਤੀਜੇ ਸਭ ਦੇ ਸਾਹਮਣੇ ਹਨ। ਇਸ ਮੌਕੇ ਪੀ.ਐਸ.ਪੀ.ਸੀ.ਐਲ. ਦੇ ਡਾਇਰੈਕਟਰ ਵੰਡ ਦੀਪੇਂਦਰ ਸਿੰਘ ਗਰੇਵਾਲ, ਕਾਰਜਕਾਰੀ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਅਤੇ ਈਲਵਾਲ ਵਿਖੇ ਅਵਤਾਰ ਸਿੰਘ ਈਲਵਾਲ, ਬਲਜਿੰਦਰ ਸਿੰਘ, ਮਨਦੀਪ ਸਿੰਘ ਆਦਿ ਵੀ ਮੌਜੂਦ ਸਨ
ਮੰਤਰੀ ਵੱਲੋਂ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ
ਪਟਿਆਲਾ (ਗੁਰਨਾਮ ਸਿੰਘ ਅਕੀਦਾ): ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪਟਿਆਲਾ ਸਥਿਤ ਲੋਕ ਨਿਰਮਾਣ ਵਿਭਾਗ ਦੇ ਮੁੱਖ ਦਫ਼ਤਰ ‘ਚ ਤਾਇਨਾਤ ਅਧਿਕਾਰੀਆਂ ਨਾਲ ਬੈਠਕ ਕਰ ਕੇ ਸੂਬੇ ਦੇ ਵਿਕਾਸ ਦੀ ਰਫ਼ਤਾਰ ਨੂੰ ਹੋਰ ਤੇਜ਼ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਇਸ ਮੌਕੇ ਉਨ੍ਹਾਂ ਨੇ ਲੋਕ ਨਿਰਮਾਣ ਵਿਭਾਗ ਦੇ ਅਧੀਨ ਚੱਲ ਰਹੇ ਲਿੰਕ ਰੋਡ, ਪਲੈਨ ਰੋਡ, ਪੁਲਾਂ ਅਤੇ ਇਮਾਰਤਾਂ ਦੇ ਕੰਮਾਂ ਦੇ ਤਖਮੀਨਿਆਂ, ਟੈਂਡਰਾਂ ਦੀ ਮਨਜ਼ੂਰੀ ਆਦਿ ਦੀ ਪ੍ਰਕਿਰਿਆ ਦੀ ਸਮੀਖਿਆ ਕੀਤੀ।
ਪੀਡਬਲਿਊਡੀ ਮੰਤਰੀ ਨੇ ਕਿਹਾ ਕਿ ਪੀ.ਸੀ.ਆਈ.-1 ਤੇ 2 ਅਤੇ ਨਬਾਰਡ ਤਹਿਤ 883 ਕਿਲੋਮੀਟਰ ਲੰਬੀਆਂ ਸੜਕਾਂ ਦੀ ਮੁਰੰਮਤ ਦਾ ਕੰਮ 678 ਕਰੋੜ ਰੁਪਏ ਦੀ ਲਾਗਤ ਨਾਲ ਬਹੁਤ ਜਲਦ ਕਰਵਾਇਆ ਜਾਵੇਗਾ। ਉਨ੍ਹਾਂ ਨੇ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸੂਬੇ ਦੇ ਵਿਕਾਸ ਲਈ ਮੁੱਖ ਬੁਨਿਆਦੀ ਢਾਂਚਾ ਤਿਆਰ ਕਰਨ ਮੌਕੇ ਉਸਾਰੀ ਕਾਰਜਾਂ ਦੀ ਗੁਣਵੱਤਾ ਖਾਸ ਧਿਆਨ ਰੱਖਿਆ ਜਾਵੇ। ਇਸ ਦੌਰਾਨ ਉਨ੍ਹਾਂ ਨੇ ਕਾਰਜਕਾਰੀ ਇੰਜੀਨੀਅਰ (ਪਲੈਨ ਰੋਡ) ਨੂੰ ਹਦਾਇਤ ਕੀਤੀ ਕਿ ਪੀਸੀਆਈ-1 ਅਧੀਨ ਪੈਂਦੀਆਂ 246 ਕਿਲੋਮੀਟਰ ਲੰਬੀਆਂ 37 ਸੜਕਾਂ, ਜਿਨ੍ਹਾਂ ਦੀ ਹਾਲਤ ਬਹੁਤ ਖਰਾਬ ਹੈ, ਦੀ ਲਗਭਗ 180 ਕਰੋੜ ਰੁਪਏ ਦੀ ਲਾਗਤ ਨਾਲ ਮੁਰੰਮਤ ਕਰਵਾਉਣ ਦੇ ਕੰਮ ਵੀ ਤੁਰੰਤ ਸ਼ੁਰੂ ਕੀਤੇ ਜਾਣ।