ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 17 ਜੂਨ
ਇੱਥੇ ਸ਼ਹਿਰ ਦੀ ਰਵਿਦਾਸ ਕਲੋਨੀ ਵਿੱਚ ਅੱਜ ਸਵੇਰੇ ਇਕ ਨੌਜਵਾਨ ਗੋਬਿੰਦ ਦਾਸ ਉਰਫ਼ ਗੱਗੂ (22) ਦੀ ਆਪਣੇ ਘਰ ਵਿਚ ਭੇਤ-ਭਰੀ ਹਾਲਤ ਵਿੱਚ ਲਾਸ਼ ਮਿਲੀ ਹੈ। ਨੌਜਵਾਨ ਬੈੱਡ ਉਪਰ ਰੱਖੀ ਇਕ ਕੁਰਸੀ ’ਤੇ ਮ੍ਰਿਤਕ ਹਾਲਤ ਵਿੱਚ ਮਿਲਿਆ। ਇਸ ਦੌਰਾਨ ਉਸ ਦੇ ਗਲ ’ਚ ਪਾਈ ਹੋਈ ਰੱਸੀ ਕਮਰੇ ਵਿੱਚ ਪੱਖੇ ਨਾਲ ਬੰਨ੍ਹੀ ਹੋਈ ਸੀ। ਮ੍ਰਿਤਕ ਦੇ ਪਿਤਾ ਤਰਸੇਮ ਦਾਸ ਬਾਵਾ ਨੇ ਦੱਸਿਆ ਕਿ ਉਸ ਦਾ ਪੁੱਤਰ ਗੋਬਿੰਦ ਦਾਸ ਰਵਿਦਾਸ ਕਲੋਨੀ ਸਥਿਤ ਉਨ੍ਹਾਂ ਦੇ ਘਰ ’ਚ ਇਕੱਲਾ ਹੀ ਰਹਿ ਰਿਹਾ ਸੀ। ਬੀਤੀ ਰਾਤ ਨੂੰ ਉਨ੍ਹਾਂ ਨੇ ਆਪਣੇ ਪੁੱਤਰ ਨਾਲ ਫੋਨ ’ਤੇ ਗੱਲਬਾਤ ਕੀਤੀ ਸੀ ਪਰ ਫਿਰ ਉਨ੍ਹਾਂ ਦੇ ਪੁੱਤਰ ਦਾ ਫੋਨ ਬੰਦ ਆ ਰਿਹਾ ਸੀ। ਅੱਜ ਸਵੇਰੇ ਵੀ ਜਦੋਂ ਉਸ ਦਾ ਫੋਨ ਨਾ ਲੱਗਿਆ ਤਾਂ ਉਨ੍ਹਾਂ ਨੇ ਉਸ ਦੇ ਇਕ ਦੋਸਤ ਨੂੰ ਫੋਨ ਕਰਕੇ ਉਸ ਨਾਲ ਗੱਲ ਕਰਵਾਉਣ ਲਈ ਕਿਹਾ। ਜਦੋਂ ਉਸ ਦੇ ਦੋਸਤ ਨੇ ਉਨ੍ਹਾਂ ਦੇ ਘਰ ਜਾ ਕੇ ਦੇਖਿਆਂ ਤਾਂ ਉਸ ਦਾ ਪੁੱਤਰ ਮ੍ਰਿਤਕ ਹਾਲਤ ਵਿੱਚ ਮਿਲਿਆ। ਉਨ੍ਹਾਂ ਦੱਸਿਆ ਕਿ ਜਿੱਥੇ ਉਸ ਦੇ ਪੁੱਤਰ ਦੀ ਲਾਸ਼ ਪਈ ਸੀ, ਉਸ ਕਮਰੇ ਅੰਦਰ ਸਾਮਾਨ ਖਿੱਲਰਿਆ ਪਿਆ ਸੀ ਅਤੇ ਸ਼ੀਸ਼ਾ ਅਤੇ ਕਮਰੇ ਦਾ ਦਰਵਾਜ਼ਾ ਦੋਵੇਂ ਟੁੱਟੇ ਹੋਏ ਸਨ। ਉਨ੍ਹਾਂ ਦੋਸ਼ ਲਗਾਇਆ ਕਿ ਉਨ੍ਹਾਂ ਦੇ ਪੁੱਤਰ ਨੇ ਆਤਮ ਹੱਤਿਆ ਨਹੀਂ ਕੀਤੀ ਸਗੋਂ ਕਿਸੇ ਵੱਲੋਂ ਉਸ ਨੂੰ ਮੌਤ ਦੇ ਘਾਟ ਉਤਾਰਿਆ ਗਿਆ ਹੈ। ਉਨ੍ਹਾਂ ਮਾਮਲੇ ਵਿੱਚ ਕਾਰਵਾਈ ਦੀ ਮੰਗ ਕੀਤੀ ਹੈ। ਇਸ ਦੌਰਾਨ ਮੌਕੇ ’ਤੇ ਪਹੁੰਚੀ ਪੁਲੀਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਪੁਲੀਸ ਵੱਲੋਂ ਨੇੜਲੇ ਘਰਾਂ ’ਚ ਲੱਗੇ ਸੀਸੀਟੀਵੀ ਕੈਮਰੇ ਖੰਘਾਲਣ ’ਤੇ ਪਤਾ ਲੱਗਾ ਕਿ ਬੀਤੀ ਰਾਤ ਇੱਕ ਕਾਰ ਇਨ੍ਹਾਂ ਦੇ ਘਰ ਕੋਲ ਆ ਕੇ ਰੁਕੀ ਸੀ, ਜਿਸ ਵਿਚੋਂ ਕੁੱਝ ਨੌਜਵਾਨ ਨਿਕਲਦੇ ਦਿਖਾਈ ਦੇ ਰਹੇ ਹਨ। ਪੁਲੀਸ ਵੱਲੋਂ ਸ਼ੱਕ ਦੇ ਆਧਾਰ ’ਤੇ ਇਕ ਨੌਜਵਾਨ ਨੂੰ ਪੁੱਛ-ਪੜਤਾਲ ਲਈ ਕਾਬੂ ਕੀਤਾ ਗਿਆ ਹੈ। ਥਾਣਾ ਮੁਖੀ ਇੰਸਪੈਕਟਰ ਮਾਲਵਿੰਦਰ ਸਿੰਘ ਨੇ ਦੱਸਿਆ ਕਿ ਪੁਲੀਸ ਨੇ ਮ੍ਰਿਤਕ ਦੇਹ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ। ਇਸ ਮਗਰੋਂ ਸ਼ਾਮ ਨੂੰ ਨੌਜਵਾਨ ਦਾ ਸਸਕਾਰ ਕੀਤਾ ਗਿਆ।