ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 18 ਅਕਤੂਬਰ
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਯੂਥ ਵਿੰਗ ਵੱਲੋਂ ਮਰਹੂਮ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਮਲੇ ਵਿਚ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਅੱਗੇ 20 ਅਕਤੂਬਰ ਨੂੰ ਸੰਕੇਤਕ ਰੋਸ ਧਰਨਾ ਦੇਣ ਦਾ ਐਲਾਨ ਕੀਤਾ ਗਿਆ ਹੈ ਅਤੇ ਪੰਜਾਬ ਸਰਕਾਰ ’ਤੇ ਸਿੱਧੂ ਮੂਸੇਵਾਲਾ ਦੇ ਕਤਲ ਦੇ ਸ਼ੱਕੀ ਮੁਲਜ਼ਮਾਂ ਨੂੰ ਸ਼ਹਿ ਦੇਣ ਦਾ ਦੋਸ਼ ਲਾਇਆ ਹੈ। ਯੂਥ ਵਿੰਗ ਨੇ ਚਿਤਾਵਨੀ ਵੀ ਦਿੱਤੀ ਹੈ ਕਿ ਜੇ ਮੂਸੇਵਾਲਾ ਕਤਲ ਮਾਮਲੇ ’ਚ ਪੀੜਤ ਪਰਿਵਾਰ ਨੂੰ ਜਲਦ ਇਨਸਾਫ਼ ਨਾ ਮਿਲਿਆ ਤਾਂ ਮੁੱਖ ਮੰਤਰੀ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਦਾ ਵੀ ਘਿਰਾਓ ਕਰਨ ਲਈ ਮਜਬੂਰ ਹੋਣਾ ਪਵੇਗਾ।
ਇੱਥੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਤੇ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਦੇ ਦਫ਼ਤਰ ਵਿਚ ਬੁਲਾਈ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਯੂਥ ਵਿੰਗ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਵਰਿੰਦਰ ਸਿੰਘ ਸੇਖੋਂ ਨੇ ਕਿਹਾ ਕਿ ਪਾਰਟੀ ਸਿੱਧੂ ਮੂਸੇਵਾਲਾ ਕਤਲ ਮਾਮਲੇ ’ਚ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਕਿਸੇ ਵੀ ਸੰਘਰਸ਼ ਤੋਂ ਪਿੱਛੇ ਨਹੀਂ ਹਟੇਗੀ। ਉਨ੍ਹਾਂ ਐਲਾਨ ਕੀਤਾ ਕਿ ਯੂਥ ਵਿੰਗ ਵਲੋਂ 20 ਅਕਤੂਬਰ ਨੂੰ ਇਥੇ ਮੁੱਖ ਮੰਤਰੀ ਦੀ ਕੋਠੀ ਅੱਗੇ ਸੰਕੇਤਕ ਰੋਸ ਧਰਨਾ ਦਿੱਤਾ ਜਾਵੇਗਾ।