ਮੁੰਬਈ: ਅਦਾਕਾਰ ਜੋੜੇ ਕੈਟਰੀਨਾ ਕੈਫ਼ ਤੇ ਵਿੱਕੀ ਕੌਸ਼ਲ ਨੂੰ ਸੋਸ਼ਲ ਮੀਡੀਆ ’ਤੇ ਅਣਪਛਾਤੇ ਵਿਅਕਤੀ ਨੇ ਕਥਿਤ ਤੌਰ ’ਤੇ ਧਮਕੀ ਦਿੱਤੀ ਹੈ। ਪੁਲੀਸ ਨੇ ਕੌਸ਼ਲ ਦੀ ਸ਼ਿਕਾਇਤ ’ਤੇ ਐਫਆਈਆਰ ਦਰਜ ਕਰ ਲਈ ਹੈ। ਕੌਸ਼ਲ ਨੇ ਦੱਸਿਆ ਕਿ ਉਨ੍ਹਾਂ ਨੂੰ ਇੰਸਟਾਗ੍ਰਾਮ ’ਤੇ ਧਮਕੀ ਮਿਲੀ ਹੈ। ਪੁਲੀਸ ਨੇ ਸ਼ਿਕਾਇਤ ਦੇ ਆਧਾਰ ’ਤੇ ਆਈਪੀਸੀ ਦੀਆਂ ਵੱਖ-ਵੱਖ ਧਾਰਾਵਾਂ ਹੇਠ ਅਣਪਛਾਤੇ ਖਿਲਾਫ਼ ਐਫਆਈਆਰ ਦਰਜ ਕੀਤੀ ਹੈ। ਹਾਲੇ ਤੱਕ ਇਸ ਕੇਸ ਵਿਚ ਕੋਈ ਗ੍ਰਿਫ਼ਤਾਰੀ ਨਹੀਂ ਹੋਈ ਹੈ। ਪੁਲੀਸ ਨੇ ਦੱਸਿਆ ਕਿ ਉਨ੍ਹਾਂ ਐਫਆਈਆਰ ਦਰਜ ਕਰ ਲਈ ਹੈ ਤੇ ਹੋਰ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ। -ਪੀਟੀਆਈ