ਸ਼ੰਘਾਈ: ਚੀਨ ਵਿੱਚ ਇਸ ਮਹੀਨੇ ਹੋਣ ਵਾਲਾ 25ਵਾਂ ਸ਼ੰਘਾਈ ਕੌਮਾਂਤਰੀ ਫਿਲਮ ਫੈਸਟੀਵਲ ਹੁਣ ਅਗਲੇ ਸਾਲ 2023 ਵਿੱਚ ਕਰਵਾਇਆ ਜਾਵੇਗਾ। ਇਹ ਫ਼ੈਸਲਾ ਦੇਸ਼ ਵਿੱਚ ਕੋਵਿਡ-19 ਦੇ ਵਧ ਰਹੇ ਕੇਸਾਂ ਦੇ ਮੱਦੇਨਜ਼ਰ ਲਿਆ ਗਿਆ ਹੈ। ਇਸ ਫੈਸਟੀਵਲ ਦੇ ਪ੍ਰਬੰਧਕਾਂ ਨੇ ਆਪਣੀ ਵੈੱਬਸਾਈਟ ’ਤੇ ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ ਹੈ, ਜਿਸ ਵਿੱਚ ਲਿਖਿਆ ਹੈ, ‘ਕੋਵਿਡ-19 ਦੇ ਵਧ ਰਹੇ ਕੇਸਾਂ ਦੇ ਮੱਦੇਨਜ਼ਰ ਸ਼ੰਘਾਈ ਕੌਮਾਂਤਰੀ ਫਿਲਮ ਫੈਸਟੀਵਲ ਦੀ ਪ੍ਰਬੰਧਕੀ ਕਮੇਟੀ ਨੇ ਇਹ ਫ਼ੈਸਲਾ ਕੀਤਾ ਹੈ ਕਿ ਜੂਨ 2022 ਵਿੱਚ ਹੋਣ ਵਾਲਾ ਕੌਮਾਂਤਰੀ ਫਿਲਮ ਫੈਸਟੀਵਲ ਹੁਣ ਅਗਲੇ ਸਾਲ ਕਰਵਾਇਆ ਜਾਵੇਗਾ।’ ਇਸ ਦੇ ਨਾਲ ਹੀ ਪ੍ਰਬੰਧਕਾਂ ਵੱਲੋਂ ਇਹ ਵੀ ਐਲਾਨ ਕੀਤਾ ਗਿਆ ਹੈ ਕਿ ਜੇਕਰ ਹਾਲਾਤ ਕਾਬੂ ਹੇਠ ਰਹੇ ਤਾਂ ਇਸ ਸਾਲ ਦੇ ਅਖੀਰ ਵਿੱਚ ਫਿਲਮਾਂ ਦੀ ਪ੍ਰਦਰਸ਼ਨੀ ਸਣੇ ਹੋਰ ਕਈ ਤਰ੍ਹਾਂ ਦੇ ਪ੍ਰੋਗਰਾਮ ਕਰਵਾਏ ਜਾਣਗੇ। ਜ਼ਿਕਰਯੋਗ ਹੈ ਕਿ ਚੀਨ ਵਿੱਚ ਹੋਣ ਵਾਲਾ ਇਹ ਇਕਲੌਤਾ ਮੁਕਾਬਲੇ ਵਾਲਾ ਕੌਮਾਂਤਰੀ ਫਿਲਮ ਫੈਸਟੀਵਲ ਹੈ, ਜਿਸ ਨੂੰ ਇੰਟਰਨੈਸ਼ਨਲ ਫੈਡਰੇਸ਼ਨ ਆਫ ਫਿਲਮ ਪ੍ਰੋਡਿਊਸਰਜ਼ ਐਸੋਸੀਏਸ਼ਨ (ਐੱਫਆਈਏਪੀਐੱਫ) ਵੱਲੋਂ ਮਾਨਤਾ ਪ੍ਰਾਪਤ ਹੈ, ਜਿਸ ਦਾ ਮੁੱਖ ਉਦੇਸ਼ ਕੌਮਾਂਤਰੀ ਪੱਧਰ ਦੇ ਸਿਨੇਮਾ ਨੂੰ ਉਤਸ਼ਾਹਿਤ ਕਰਨਾ ਹੈ। -ਪੀਟੀਆਈ